ਸ਼ੋ੍ਮਣੀ ਕਮੇਟੀ ਅਧਿਕਾਰੀਆਂ ਵੱਲੋਂ ਜਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ
ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਅੰਮਿ੍ਰਤਸਰ ਦੇ ਬਾਨੀ ਸਾਹਿਬ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਜੋ ਕਿ 25 ਅਤੇ 26 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ।ਉਸ ਸਬੰਧੀ ਅੱਜ ਸ੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨਾਲ ਮੀਟਿੰਗ ਕੀਤੀ, ਜਿਸ ਵਿਚ ਉਨਾਂ ਨੇ ਇਸ ਮਹਾਨ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਆਉਣ ਵਾਲੀ ਸੰਗਤ ਲਈ ਸ਼ਹਿਰ ਨੂੰ ਸਾਫ-ਸੁਥਰਾ ਕਰਨ, ਨਗਰ ਕੀਰਤਨ ਦੇ ਰਸਤੇ ਦੀ ਸਾਫ-ਸਫਾਈ, ਟਰੈਫਿਕ ਪ੍ਰਬੰਧ ਸੁਧਾਰਨ, ਸ਼ਹਿਰ ਨੂੰ ਰੌਸਨੀਆਂ ਨਾਲ ਸਜਾਉਣ, ਹਵਾਈ ਜਹਾਜ਼ ਰਾਹੀਂ ਫੁੱਲਾਂ ਦੀ ਵਰਖਾ ਕਰਨ, ਸੰਗਤ ਦੀ ਸੁਰੱਖਿਆ ਆਦਿ ਦੇ ਪ੍ਰਬੰਧ ਕਰਨ ਦੇ ਮੁੱਦੇ ਡਿਪਟੀ ਕਮਿਸ਼ਨਰ ਅਤੇ ਡੀ.ਸੀ.ਪੀ ਅਮਰੀਕ ਸਿੰਘ ਪੁਆਰ ਨਾਲ ਵਿਚਾਰੇ।
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ 25 ਅਕਤੂਬਰ ਨੂੰ ਨਗਰ ਕੀਰਤਨ ਗੋਲਡਨ ਟੈਂਪਲ ਪਲਾਜ਼ਾ ਤੋਂ ਸ਼ੁਰੂ ਕਰਕੇ ਘਿਉ ਮੰਡੀ, ਮਹਾਂ ਸਿੰਘ ਗੇਟ, ਰਾਮ ਬਾਗ ਚੌਂਕ, ਹਾਲ ਗੇਟ, ਹਾਥੀ ਗੇਟ, ਲੋਹਗੜ੍ਹ ਗੇਟ, ਲਾਹੌਰੀ ਗੇਟ, ਖਜ਼ਾਨਾ ਗੇਟ, ਗੇਟ ਹਕੀਮਾਂ, ਭਗਤਾਂਵਾਲਾ ਗੇਟ, ਗਿਲਵਾਲੀ ਗੇਟ, ਚਾਟੀਵਿੰਡ ਗੇਟ, ਸੁਲਤਾਨਵਿੰਡ ਗੇਟ ਤੋਂ ਹੁੰਦਾ ਹੋਇਆ ਵਾਪਸ ਘਿਉ ਮੰਡੀ ਰਸਤੇ ਸ੍ਰੀ ਦਰਬਾਰ ਸਾਹਿਬ ਪੁੱਜੇਗਾ। ਉਨਾਂ ਇਸ ਰਸਤੇ ਦੀ ਬਿਹਤਰ ਸਾਫ-ਸਫਾਈ, ਸੜਕਾਂ ’ਤੇ ਪੈਚ ਵਰਕ ਅਤੇ ਇਸ ਦਿਨ ਲਈ ਆਮ ਟ੍ਰੈਫਿਕ ਦਾ ਰੂਟ ਬਦਲਣ ਦੀ ਗੱਲ ਕੀਤੀ, ਜਿਸ ’ਤੇ ਗੌਰ ਕਰਦੇ ਡਿਪਟੀ ਕਮਿਸ਼ਨਰ ਸੰਘਾ ਨੇ ਤਰੁੰਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਗਰ ਕੀਰਤਨ ਲਈ ਲੋੜੀਂਦੇ ਸਾਰੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ।ਉਨਾਂ ਕਿਹਾ ਕਿ ਅੰਮ੍ਰਿਤਸਰ ਦੇ ਬਾਨੀ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਆ ਰਹੀ ਸੰਗਤ ਦੇ ਸਵਾਗਤ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਡੀ.ਸੀ.ਪੀ ਅਮਰੀਕ ਸਿੰਘ ਪੁਆਰ ਨੇ ਸ੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਸੰਗਤ ਦੀ ਸੁਰੱਖਿਆ ਅਤੇ ਸੰਗਤ ਦੇ ਆਉਣ-ਜਾਣ ਲਈ ਟ੍ਰੈਫਿਕ ਦੇ ਸੁਚਾਰੂ ਪ੍ਰਬੰਧ ਕੀਤੇ ਜਾਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਿਮਾਸ਼ੂੰ ਅਗਰਵਾਲ, ਸਹਾਇਕ ਕਮਿਸ਼ਨਰ ਕਾਰਪੋਰੇਸ਼ਨ ਮੈਡਮ ਕੋਮਲ, ਏ.ਡੀ.ਸੀ.ਪੀ ਗੌਰਵ ਤੂਰਾ, ਸਹਾਇਕ ਕਮਿਸ਼ਨਰ ਮੈਡਮ ਅਲਕਾ ਕਾਲੀਆ, ਸੈਕਟਰੀ ਮਨਜੀਤ ਸਿੰਘ, ਮੈਨੇਜਰ ਦਰਬਾਰ ਸਾਹਿਬ ਜਸਵਿੰਦਰ ਸਿੰਘ ਅਲਾਦੀਨਪੁਰ, ਸਹਾਇਕ ਮੈਨੇਜਰ ਰਜਿੰਦਰ ਸਿੰਘ ਰੂਬੀ, ਪਬਲੀਸਿਟੀ ਅਧਿਕਾਰੀ ਹਰਭਜਨ ਸਿੰਘ ਵਕਤਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Post Daily Online Newspaper & Print Media