ਸ਼ਿਵਰਾਜ ਸਿੰਘ ਬੱਲ ਸਹਾਇਕ ਕਮਿਸ਼ਨਰ ਜਨਰਲ ਨੇ ਵੀ ਕੀਤਾ ਖੂਨਦਾਨ
ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ ਕਮਲਦੀਪ ਸਿੰਘ ਸੰਘਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰੈਡ ਕਰਾਸ ਭਵਨ ਵਿਖੇ ਇਕ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਉਦਘਾਟਨ ਸ਼ਿਵਰਾਜ ਸਿੰਘ ਬੱਲ ਸਹਾਇਕ ਕਮਿਸ਼ਨਰ ਜਨਰਲ ਅਤੇ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ-ਕਮ-ਆਨਰੇਰੀ ਸਕੱਤਰ ਜਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਕੀਤਾ ਗਿਆ।
ਇਸ ਖੁਨਦਾਨ ਕੈਂਪ ਦੌਰਾਨ ਸ਼ਿਵਰਾਜ ਸਿੰਘ ਬੱਲ ਵਲੋਂ ਵੀ ਖੂਨਦਾਨ ਕੀਤਾ ਗਿਆ ਅਤੇ ਯੁਵਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹਰ ਯੁਵਕ ਨੂੰ ਤਿੰਨ ਮਹੀਨੇ ਬਾਅਦ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ।ਬੱਲ ਨੇ ਦੱਸਿਆ ਕਿ ਭਾਰਤ ਵਿੱਚ 10 ਲੱਖ ਯੂਨਿਟ ਖੂਨ ਦੀ ਸਲਾਨਾ ਲੋੜ ਹੈ ਜਦ ਕਿ ਉਪਲਬੱਧਤਾ ਕੇਵਲ 8 ਲੱਖ ਯੂਨਿਟ ਹੈ।ਉਨ੍ਹਾਂ ਕਿਹਾ ਕਿ ਮੰਗ ਅਤੇ ਸਪਲਾਈ ਦਰਮਿਆਨ ਪਾੜਾ ਖਤਮ ਕਰਨ ਲਈ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾ ਨੰੂ ਖੂਨਦਾਨ ਕਰਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਖਤ ਮਿਹਨਤ ਦੀ ਲੋੜ ਹੈ।
ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਨੇ ਕਿਹਾ ਕਿ ਖੂਨਦਾਨ ਹੀ ਸਭ ਤੋਂ ਉਤਮ ਦਾਨ ਹੈ ਅਤੇ ਖੂਨਦਾਨ ਕਰਕੇ ਹੀ ਕਈ ਕੀਮਤੀ ਜਾਨਾਂ ਨੂੰ ਅਜਾਂਈ ਜਾਣ ਤੋਂ ਬਚਾਇਆ ਜਾ ਸਕਦਾ ਹੈ।ਮੈਡਮ ਕਾਲੀਆ ਨੇ ਦੱਸਿਆ ਕਿ ਇਸ ਕੈਂਪ ਵਿੱਚ 50 ਖੂਨਦਾਨੀਆਂ ਵੱਲੋਂ ਖੂਨਦਾਨ ਕੀਤਾ ਗਿਆ ਹੈ।ਇਸ ਮੌਕੇ ਰਣਧੀਰ ਸਿੰਘ ਠਾਕੁਰ ਸਕੱਤਰ ਰੈਡ ਕਰਾਸ ਸੁਸਾਇਟੀ ਅਤੇ ਸ਼ਿਸ਼ਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੈਡ ਕਰਾਸ ਮੈਂਬਰ ਹਾਜ਼ਰ ਸਨ।
Punjab Post Daily Online Newspaper & Print Media