ਅੰਮ੍ਰਿਤਸਰ, 25 ਅਗਸਤ (ਪ੍ਰੀਤਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਦੇ ਪ੍ਰਿੰਸੀਪਲ ਦੀ ਇਕੱਤਰਤਾ ਅੱਜ ਇਥੇ ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਸੈਨੇਟ ਹਾਲ ਵਿਖੇ ਹੋਈ। ਇਸ ਮੀਟਿੰਗ ਵਿਚ ਰਜਿਸਟਰਾਰ ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ, ਪ੍ਰੋ. ਆਰ.ਕੇ. ਮਹਾਜਨ, ਡੀਨ, ਕਾਲਜ ਵਿਕਾਸ ਕੌਂਸਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ-ਵੱਖ ਕਾਲਜਾਂ ਦੇ ਮੈਂਬਰ ਪ੍ਰਿੰਸੀਪਲ ਸ਼ਾਮਿਲ ਹੋਏ। ਪ੍ਰੋ. ਬਰਾੜ ਨੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਸਰਵ-ਗੁਣ ਸੰਪੰਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਸਿਖਿਆ ਤੇ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਹਰ ਮਸਲੇ ਦੇ ਹੱਲ ਲਈ ਤਤਪਰ ਰਹਿਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਵਿਦਿਆਰਥੀ-ਅਧਿਆਪਕ ਰਿਸ਼ਤੇ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਥਿਊਰੀ ਦੇ ਨਾਲ-ਨਾਲ ਪ੍ਰੈਕਟੀਕਲ ਜਾਣਕਾਰੀ ਵੀ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਉਹ ਆਪਣੀ ਜ਼ਿੰਦਗੀ ਵਿਚ ਕਾਮਯਾਬ ਇਨਸਾਨ ਬਣ ਸਕਣ। ਪ੍ਰੋ. ਬਰਾੜ ਨੇ ਦੱਸਿਆ ਕਿ ਯੁੂਨੀਵਰਸਿਟੀ ਵੱਲੋਂ ਸਿਲੇਬਸ ਵਿਚ ਸੋਧ ਕਰਨ ਲਈ 10 ਮੈਂਬਰੀ ਕਮੇਟੀ ਦਾ ਗਠਨ ਛੇਤੀ ਕਰ ਦਿੱਤਾ ਜਾਵੇਗਾ, ਜਿਸ ਦੀਆਂ ਸਿਫਾਰਿਸ਼ਾਂ ‘ਤੇ ਲੋੜੀਂਦੀ ਸੋਧ ਕੀਤੀ ਜਾਵੇਗੀ ਤਾਂ ਜੋ ਯੂਨੀਵਰਸਿਟੀ ਸਿਲੇਬਸ ਹੋਰ ਵੀ ਪ੍ਰਭਾਵਕਾਰੀ ਬਣਾਇਆ ਜਾ ਸਕੇ। ਉਨ੍ਹਾਂ ਕਾਲਜਾਂ ਦੇ ਪ੍ਰਿੰਸੀਪਲਾਂ ਦਾ ਬੀਤੇ ਪੰਜ ਵਰ੍ਹੇ ਦੌਰਾਨ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਉਹ ਭਵਿੱਖ ਵਿਚ ਯੂਨੀਵਰਸਿਟੀ ਦੇ ਹਿਤ ਵਿਚ ਹੋਰ ਵੀ ਵੱਧ-ਚੜ੍ਹ ਕੇ ਯੋਗਦਾਨ ਪਾਉਣਗੇ। ਪ੍ਰੋ. ਬਰਾੜ ਨੇ ਇਸ ਮੌਕੇ ਪ੍ਰਿੰਸੀਪਲ ਨੂੰ ਪਿਛਲੇ ਪੰਜ ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਪ੍ਰਿੰਸੀਪਲ ਨੇ ਉਨ੍ਹਾਂ ਦੀਆਂ ਇਨ੍ਹਾਂ ਪ੍ਰਾਪਤੀਆਂ ‘ਤੇ ਵਧਾਈ ਦਿੱਤੀ। ਇਸ ਤੋਂ ਪਹਿਲਾਂ ਪ੍ਰੋ. ਮਹਾਜਨ ਨੇ ਪ੍ਰਿੰਸੀਪਲਾਂ ਨੂੰ ਜੀ ਆਇਆਂ ਆਖਿਆ ਅਤੇ ਪ੍ਰੋ. ਢਿੱਲੋਂ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …