ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਤੇ ਕੱਲ੍ਹ ਵਿਖੇ ਜੌੜਾ ਫਾਟਕ ਨਜ਼ਦੀਕ ਵਾਪਰੇ ਰੇਲ ਹਾਦਸੇ ਦੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ
ਅਤੇ ਜ਼ਖ਼ਮੀਆਂ ਦੀ ਤੰਦਰੁਸਤੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ 21 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ। ਇਸ ਦੇ ਇਲਾਵਾ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਰਾਮਦਾਸ ਹਸਪਤਾਲ ਤੋਂ ਇਲਾਵਾ ਸਿਵਲ ਹਸਪਤਾਲ ਅਤੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਗੁਰੂ ਕੇ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਰੇਲ ਹਾਦਸੇ ਦੇ ਮ੍ਰਿਤਕਾਂ ਅਤੇ ਜ਼ਖ਼ਮੀਆਂ ਪ੍ਰਤੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਦੁੱਖ ਦੀ ਘੜੀ ਪੀੜਤਾਂ ਦੇ ਨਾਲ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਦੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ 21 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਸ ਦੇ ਭੋਗ 23 ਅਕਤੂਬਰ ਨੂੰ ਪੈਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜ਼ਖ਼ਮੀਆਂ ਦੇ ਮੁਫ਼ਤ ਇਲਾਜ਼ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲ੍ਹਾ ਵਿਖੇ ਪ੍ਰਬੰਧ ਕੀਤਾ ਗਿਆ ਹੈ ਅਤੇ ਜਿਹੜੇ ਜ਼ਖ਼ਮੀ ਇਸ ਹਸਪਤਾਲ ਵਿਚ ਦਾਖ਼ਲ ਹੋਏ ਹਨ, ਉਨ੍ਹਾਂ ਦਾ ਇਲਾਜ਼ ਕਰਨ ਲਈ ਲੋੜੀਂਦਾ ਸਟਾਫ਼ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਰੇਲ ਹਾਦਸੇ ਦੇ ਸੋਗ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਸਮੂਹ ਅਦਾਰੇ ਅੱਜ ਬੰਦ ਰੱਖੇ ਗਏ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਅੱਜ ਸ਼੍ਰੋਮਣੀ ਕਮੇਟੀ ਦੇ ਮੁਖ ਸਕੱਤਰ ਡਾ. ਰੂਪ ਸਿੰਘ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਇਕ ਵਫ਼ਦ ਨੇ ਘਟਨਾ ਅਸਥਾਨ ਜੌੜਾ ਫਾਟਕ ਵਿਖੇ ਪੁੱਜ ਕੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਪੀੜਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ। ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਵਿਚ ਮੁੱਖ ਸਕੱਤਰ ਡਾ. ਰੂਪ ਸਿੰਘ ਤੋਂ ਇਲਾਵਾ ਸਕੱਤਰ ਮਨਜੀਤ ਸਿੰਘ ਬਾਠ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਮੌਜੂਦ ਸਨ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media