ਤਲ ਅਵੀਵ/ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਜ਼ਰਾਈਲ ਦੇ ਸ਼ਹਿਰ ਤਲ
ਅਵੀਵ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੀ ਸਥਿਤੀ ਦਾ ਜਾਇਜ਼ਾ ਲਿਆ।ਉਨ੍ਹਾਂ ਨੇ ਅਧਿਕਾਰੀਆਂ ਨੂੰ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਹਤ ਤੇ ਮੁਆਵਜ਼ਾ ਛੇਤੀ ਵੰਡਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਇਲਾਕੇ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਲੋੜੀਂਦੇ ਕਦਮ ਚੁੱਕਣ ਦੇ ਹੁਕਮ ਦਿੱਤੇ।
ਸਕਾਈਪ ਵੀਡੀਓ ਕਾਨਫਰੰਸਿੰਗ ਦੌਰਾਨ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਤੋਂ ਇਲਾਵਾ ਅੰਮਿ੍ਰਤਸਰ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਤੇ ਪੁਲੀਸ ਕਮਿਸ਼ਨਰ ਸੁਧਾਂਸ਼ੂ ਸ੍ਰੀਵਾਸਤਵਾ ਨੇ ਵੀ ਸ਼ੁੱਕਰਵਾਰ ਨੂੰ ਵਾਪਰੇ ਰੇਲ ਹਾਦਸੇ ਦੇ ਮੱਦੇਨਜ਼ਰ ਅੰਮਿ੍ਰਤਸਰ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ।
ਇਨ੍ਹਾਂ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ ਅਤੇ ਇਕ ਪੀੜਤ ਨੂੰ ਛੱਡ ਕੇ ਬਾਕੀ ਸਾਰੇ ਪੀੜਤਾਂ ਦੀ ਸ਼ਨਾਖ਼ਤ ਕਰ ਲਈ ਗਈ ਹੈ। ਸੁਰੇਸ਼ ਕੁਮਾਰ ਨੇ ਦੱਸਿਆ ਕਿ 58 ਮ੍ਰਿਤਕਾਂ ਵਿੱਚੋਂ 52 ਦਾ ਸਸਕਾਰ ਕਰ ਦਿੱਤਾ ਗਿਆ ਹੈ ਜਦਕਿ ਬਾਕੀਆਂ ਦਾ ਸਸਕਾਰ ਵੀ ਅੱਜ ਕਰ ਦਿੱਤਾ ਜਾਵੇਗਾ।ਉਨ੍ਹਾਂ ਅੱਗੇ ਦੱਸਿਆ ਕਿ ਇਸ ਹਾਦਸੇ ਵਿੱਚ ਜ਼ਖਮੀ ਹੋਏ 58 ਵਿਅਕਤੀਆਂ ਨੂੰ ਹਸਪਤਾਲਾਂ ਵਿੱਚ ਬਿਹਤਰੀਨ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਇਸ ਹਾਦਸੇ ਨਾਲ ਕੁੱਲ 116 ਪਰਿਵਾਰ ਪ੍ਰਭਾਵਿਤ ਹੋਏ ਹਨ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਹਾਦਸੇ ਵਿੱਚ ਮਰਨ ਵਾਲਿਆਂ ਲਈ ਉਨ੍ਹਾਂ ਵੱਲੋਂ ਐਲਾਨਿਆ ਗਿਆ ਮੁਆਵਜ਼ਾ ਵਾਰਸਾਂ ਨੂੰ ਦੇਣ ਦੀ ਪ੍ਰਕਿ੍ਰਆ ਵਿੱਚ ਤੇਜ਼ੀ ਲਿਆਂਦੀ ਜਾਵੇ।
ਸੁਰੇਸ਼ ਕੁਮਾਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਦੀ ਸਲਾਹ ਮੁਤਾਬਕ ਗੈਰ-ਸਰਕਾਰੀ ਸੰਸਥਾਵਾਂ ਅਤੇ ਮਾਲ ਤੇ ਸਮਾਜ ਭਲਾਈ ਵਿਭਾਗਾਂ ਦੇ ਅਧਿਕਾਰੀਆਂ ’ਤੇ ਅਧਾਰਿਤ ਹੰਗਾਮੀ ਸਹਾਇਤਾ ਗਰੁੱਪਾਂ ਦਾ ਗਠਨ ਕੀਤਾ ਜਾ ਚੁੱਕਾ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਗਰੁੱਪਾਂ ਵੱਲੋਂ ਪੀੜਤ ਪਰਿਵਾਰਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਰਾਸ਼ਨ, ਕੰਬਲ, ਕੱਪੜੇ ਆਦਿ ਦੀ ਕਿਸੇ ਤਰ੍ਹਾਂ ਦੀ ਲੋੜੀਂਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪੀੜਤਾਂ ਦੀ ਸਮਾਜਿਕ-ਆਰਥਿਕ ਸਥਿਤੀ ਦਾ ਬਿਓਰਾ ਛੇਤੀ ਤੋਂ ਛੇਤੀ ਮੁਕੰਮਲ ਕਰਨ ਲਈ ਆਖਿਆ ਤਾਂ ਕਿ ਇਨ੍ਹਾਂ ਦੇ ਮੁੜ ਵਸੇਬੇ ਦੇ ਕਾਰਜ ਨੂੰ ਪਹਿਲ ਦੇ ਆਧਾਰ ’ਤੇ ਅਮਲ ਵਿੱਚ ਲਿਆਂਦਾ ਜਾ ਸਕੇ। ਡਿਪਟੀ ਕਮਿਸ਼ਨਰ ਅਤੇ ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਦਿਨ ਤੋਂ ਇਸ ਕਾਰਜ ਨੂੰ ਯੋਜਨਾਬੱਧ ਢੰਗ ਨਾਲ ਚਲਾਇਆ ਜਾ ਰਿਹਾ ਹੈ ਤਾਂ ਜੋ ਲੋੜ ਮੁਤਾਬਕ ਨੌਕਰੀਆਂ, ਪੈਨਸ਼ਨ ਅਤੇ ਵਿਦਿਅਕ ਸਹਾਇਤਾ ਆਦਿ ਦਾ ਪਤਾ ਲਾਇਆ ਜਾ ਸਕੇ।ਦੋਵਾਂ ਅਧਿਕਾਰੀਆਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸਥਿਤੀ ਸ਼ਾਂਤੀਪੂਰਨ ਹੈ ਅਤੇ ਰੇਲ ਸੇਵਾਵਾਂ ਆਮ ਵਾਂਗ ਬਹਾਲ ਹੋ ਗਈਆਂ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਪੀੜਤ ਪਰਿਵਾਰਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਦਿੱਤੀ ਜਾਣੀ ਚਾਹੀਦੀ ਹੈ ਅਤੇ ਜ਼ਰੂਰੀ ਵਸਤਾਂ ਪਹਿਲ ਦੇ ਆਧਾਰ ’ਤੇ ਮੁੱਹਈਆ ਕਰਵਾਉਣ ਵਿੱਚ ਕਿਸੇ ਕਿਸਮ ਦੀ ਦੇਰੀ ਨਹੀਂ ਹੋਣੀ ਚਾਹੀਦੀ।
ਮੁੱਖ ਮੰਤਰੀ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਇਸ ਦੌਰਾਨ ਕੈਬਨਿਟ ਮੰਤਰੀਆਂ ਦੇ ਸੰਕਟ ਪ੍ਰਬੰਧਨ ਗਰੁੱਪ ਦੇ ਮੁਖੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦਾ ਬਾਅਦ ਦੁਪਹਿਰ ਤਿੰਨ ਵਜੇ ਮਿਲਣ ਦਾ ਪ੍ਰੋਗਰਾਮ ਨਿਰਧਾਰਤ ਹੈ ਜਦਕਿ ਪੰਜਾਬ ਕਾਂਗਰਸ ਵੱਲੋਂ ਪਾਰਟੀ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਸ਼ਾਮ 5 ਵਜੇ ਇਲਾਕੇ ’ਚ ਮੋਮਬੱਤੀ ਮਾਰਚ ਕੱਢਿਆ ਜਾਵੇਗਾ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media