ਚਾਰ ਸਾਬਕਾ ਮੁਲਾਜ਼ਮਾਂ ਦਾ ਕੀਤਾ ਗਿਆ ਸਨਮਾਨ
ਅੰਮ੍ਰਿਤਸਰ 16 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 1920 ਵਿਚ ਅਨੇਕਾਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ
ਸੰਸਥਾ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ ਸੰਸਥਾ ਦੇ ਸਮੂਹ ਮੁਲਾਜ਼ਮਾਂ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੰਥਕ ਜਾਹੋ-ਜਲਾਲ ਨਾਲ ਮਨਾਇਆ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਸ਼ਮੂਲੀਅਤ ਕੀਤੀ। ਆਪਣੇ ਸੰਬੋਧਨ `ਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਇਤਿਹਾਸਕ ਗੁਰਧਾਮਾਂ ਨੂੰ ਮਹੰਤਾਂ ਦੇ ਹੱਥਾਂ ਵਿੱਚੋਂ ਛੁਡਵਾ ਕੇ ਸੰਗਤੀ ਹੱਥਾਂ ’ਚ ਦੇਣ ਦਾ ਉਹ ਸਫ਼ਰ ਹੈ, ਜਿਸ ਨੂੰ ਤੈਅ ਕਰਨ ਲਈ ਸਿੱਖ ਕੌਮ ਨੂੰ ਵੱਡੀਆਂ ਸ਼ਹਾਦਤਾਂ ਦੇ ਸਨਮੁਖ ਹੋਣਾ ਪਿਆ। ਸਿੱਖ ਕੌਮ ਦੀ ਇਸ ਮਹਾਨ ਸੰਸਥਾ ਅੱਜ ਇਕ ਸਦੀ ਦਾ ਸਫ਼ਰ ਤੈਅ ਕਰਨ ਵਾਲੀ ਹੈ ਅਤੇ ਇਸ ਦੌਰਾਨ ਇਸ ਨੇ ਹਰ ਖੇਤਰ ਵਿਚ ਜ਼ਿਕਰਯੋਗ ਕਾਰਜ ਕੀਤੇ ਹਨ। ਉਨ੍ਹਾਂ ਆਖਿਆ ਕਿ ਇਸ ਸੰਸਥਾ ਨੇ ਜਿਥੇ ਧਰਮ ਪ੍ਰਚਾਰ ਖੇਤਰ ’ਚ ਜ਼ਿਕਰਯੋਗ ਹਿੱਸਾ ਪਾਇਆ ਹੈ, ਉਥੇ ਹੀ ਸਮਾਜਿਕ, ਆਰਥਿਕ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਵੀ ਵਿਸ਼ੇਸ਼ ਅਹਿਮੀਅਤ ਦਿੱਤੀ ਹੈ।ਉਨ੍ਹਾਂ ਆਖਿਆ ਕਿ ਇਹੀ ਸਿੱਖ ਸੰਸਥਾ ਹੈ ਜੋ ਕੌਮਾਂਤਰੀ ਪੱਧਰ ’ਤੇ ਸਿੱਖਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਅਗਵਾਈ ਕਰਦੀ ਹੈ ਅਤੇ ਸੰਸਾਰ ਦੇ ਸਿੱਖਾਂ ਨੂੰ ਵੀ ਆਪਣੀ ਇਸ ਸੰਸਥਾ ’ਤੇ ਮਾਣ ਹੈ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਇਸ ਸੰਸਥਾ ਨੂੰ ਇਹ ਮਾਣ ਹਾਸਲ ਹੈ ਕਿ ਇਸ ਦੇ ਵੱਖ-ਵੱਖ ਅਦਾਰਿਆਂ ਵਿਚ 25 ਹਜ਼ਾਰ ਦੇ ਲਗਭਗ ਮੁਲਾਜ਼ਮ ਸੇਵਾਵਾਂ ਨਿਭਾਅ ਰਹੇ ਹਨ।ਸ਼੍ਰੋਮਣੀ ਕਮੇਟੀ ਦੇ ਚਾਰ ਸਾਬਕਾ ਮੁਲਾਜ਼ਮਾਂ ਸਾਬਕਾ ਮੀਤ ਸਕੱਤਰ ਗੁਰਬਚਨ ਸਿੰਘ ਚਾਂਦ, ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੈਨੇਜਰ ਦਿਆਲ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਸੇਵਾਦਾਰ ਗਿਆਨੀ ਸਰਵਨ ਸਿੰਘ ਤੇ ਸੋਹਨ ਲਾਲ ਸ਼ਾਮਲ ਹਨ।ਗੋਬਿੰਦ ਸਿੰਘ ਲੌਂਗੋਵਾਲ ਦਾ ਵੀ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ। ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਤੇ ਭਾਈ ਮਲਕੀਤ ਸਿੰਘ ਮੁੱਖ ਗ੍ਰੰਥੀ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਭਾਈ ਖੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਭਗਵੰਤ ਸਿੰਘ ਸਿਆਲਕਾ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ, ਬਿਜੈ ਸਿੰਘ, ਮਹਿੰਦਰ ਸਿੰਘ ਆਹਲੀ, ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਸਟਾਫ਼ ਹਾਜ਼ਰ ਸੀ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media