ਵਾਹਗਾ ਸਰਹੱਦ ਵਿਖੇ `ਤੇ ਬਿਸ਼ਨ ਸਿੰਘ ਅਤੇ ਹੋਰਾਂ ਨੇ ਕੀਤਾ ਭਰਵਾਂ ਸਵਾਗਤ
ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਕਿਸਤਾਨ ਸਥਿਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ
ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਪਾਕਿਸਤਾਨ ਸਰਕਾਰ ਵੱਲੋਂ ਕਰਵਾਏ ਜਾ ਰਹੇ ਨੀਂਹ ਪੱਥਰ ਸਮਾਗਮ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਪਾਕਿਸਤਾਨ ਪੁੱਜ ਗਏ ਹਨ।ਅਟਾਰੀ ਵਾਹਗਾ ਸਰਹੱਦ ਦੇ ਸੜਕੀ ਰਸਤੇ ਰਾਹੀਂ ਸ਼ਾਮ 3:20 ਵਜੇ ਪਾਕਿਸਤਾਨ ਗਏ ਲੌਂਗੇਵਾਲ ਨਾਲ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਉਦੇ ਸਿੰਘ ਲੌਂਗੋਵਾਲ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਮੌਜੂਦ ਸਨ।ਵਾਹਗਾ ਪਹੁੰਚਣ ’ਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ, ਸਿੱਖ ਆਗੂ ਸਰਬੱਤ ਸਿੰਘ, ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ ਤੋਂ ਇਲਾਵਾ ਸ੍ਰੀ ਨਨਕਾਣਾ ਸਾਹਿਬ ਤੋਂ ਪਹੁੰਚੇ ਰਾਇ ਬੁਲਾਰ ਦੇ ਪਰਿਵਾਰਕ ਮੈਂਬਰ ਰਾਇ ਭੱਟੀ ਨੇ ਲੌਂਗੋਵਾਲ ਦਾ ਸਵਾਗਤ ਕੀਤਾ।ਕੌਮਾਂਤਰੀ ਸਰਹੱਦ ’ਤੇ ਲੌਂਗੋਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਭਾਰਤ-ਪਾਕਿਸਤਾਨ ਸਰਕਾਰਾਂ ਦੀ ਪਹੁੰਚ ਦਾ ਸਵਾਗਤ ਕੀਤਾ ਅਤੇ ਲਾਂਘਾ ਖੁਲ੍ਹਣ ਨੂੰ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਜਗਤ ਲਈ ਵੱਡਾ ਤੋਹਫ਼ਾ ਕਰਾਰ ਦਿੱਤਾ। ਉਨ੍ਹਾਂ ਆਖਿਆ ਕਿ ਉਹ ਪਾਕਿਸਤਾਨ ਵਿਖੇ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ ਕਰਵਾਉਣ ਬਾਰੇ ਪਾਕਿਸਤਾਨ ਗੁਰਦੁਆਰਾ ਕਮੇਟੀ, ਪਾਕਿਸਤਾਨ ਓਕਾਫ਼ ਬੋਰਡ ਅਤੇ ਉਥੋਂ ਦੀਆਂ ਸਰਕਾਰਾਂ ਦੇ ਆਗੂਆਂ ਅਤੇ ਨੁਮਾਇੰਦਿਆਂ ਨਾਲ ਗੱਲਬਾਤ ਵੀ ਕਰਨਗੇ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਭਾਈ ਲੌਂਗੋਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ ਤੋਂ ਪਵਿੱਤਰ ਜਲ ਵੀ ਲੈ ਕੇ ਗਏ ਹਨ, ਜਦਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਲਈ ਚੰਦੋਆ ਸਾਹਿਬ ਦਾ ਸੈੱਟ, ਚੌਰ ਸਾਹਿਬ ਅਤੇ ਰੁਮਾਲੇ ਵੀ ਭੇਜੇ ਗਏ ਹਨ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media