ਅੰਮ੍ਰਿਤਸਰ, 5 ਦਸੰਬਰ (ਪੰਜਬ ਪੋਸਟ- ਗੁਰਪ੍ਰੀਤ ਸਿੰਘ) – 1984 ’ਚ ਵਾਪਰੇ ਸਿੱਖ ਕਤਲੇਆਮ ਦੇ ਕੇਸਾਂ ਦੀ ਜਾਂਚ ਲਈ ਸੁਪਰੀਮ ਕੋਰਟ ਵੱਲੋਂ ਦੋ ਮੈਂਬਰੀ ਵਿਸ਼ੇਸ਼ ਜਾਂਚ ਟੀਮ ਗਠਤ ਕਰਨ ਦੇ ਫੈਸਲੇ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ 1984 ਦਾ ਸਿੱਖ ਕਤਲੇਆਮ ਸਿੱਖ ਜਗਤ ਲਈ ਕਦੇ ਨਾ ਭੁਲਾਇਆ ਜਾਣ ਵਾਲਾ ਕਾਂਡ ਹੈ ਅਤੇ ਇਸ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਿੱਖ ਕੌਮ ਵੱਲੋਂ ਪਿਛਲੇ 34 ਸਾਲ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਅਤੇ ਇਸ ਸਬੰਧ ਵਿਚ ਸੁਪਰੀਮ ਕੋਰਟ ਵੱਲੋਂ ਐਸ.ਆਈ.ਟੀ. ਬਣਾਉਣ ਦਾ ਤਾਜ਼ਾ ਫੈਸਲਾ ਸਵਾਗਤਯੋਗ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਸ ਪ੍ਰਗਟਾਈ ਕਿ ਇਸ ਫੈਸਲੇ ਨਾਲ ਬੰਦ ਕੀਤੇ ਜਾ ਚੁੱਕੇ ਕੇਸਾਂ ਨੂੰ ਮੁੜ ਜਾਂਚ ਦੇ ਘੇਰੇ ਵਿਚ ਲਿਆਂਦਾ ਜਾ ਸਕੇਗਾ।ਲੌਂਗੋਵਾਲ ਨੇ ਕਿਹਾ ਕਿ ਬੀਤੇ ਦਿਨੀਂ ਅਦਾਲਤ ਨੇ ਸਿੱਖ ਨਸਲਕੁਸ਼ੀ ਦੇ ਦੋ ਦੋਸ਼ੀਆਂ ਨੂੰ ਕਰੜੀਆਂ ਸਜ਼ਾਵਾਂ ਦੇ ਕੇ ਸਿੱਖਾਂ ਦਾ ਭਰੋਸਾ ਜਿੱਤਿਆ ਹੈ ਅਤੇ ਹੁਣ ਸੁਪਰੀਮ ਕੋਰਟ ਵੱਲੋਂ ਵਿਸ਼ੇਸ਼ ਜਾਂਚ ਟੀਮ ਗਠਤ ਕਰਕੇ ਬੰਦ ਕੀਤੇ ਜਾ ਚੁੱਕੇ ਮਾਮਲਿਆਂ ’ਤੇ ਮੁੜ ਵਿਚਾਰ ਦੇ ਫੈਸਲੇ ਨਾਲ ਸਿੱਖਾਂ ਦਾ ਨਿਆਂਪਾਲਕਾ ’ਤੇ ਭਰੋਸਾ ਹੋਰ ਵੀ ਪੱਕਾ ਹੋਇਆ ਹੈ।ਉਨ੍ਹਾਂ ਕਿਹਾ ਕਿ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਕਿਸੇ ਵੀ ਸੂਰਤ ਵਿਚ ਬਖ਼ਸ਼ਿਆਂ ਨਹੀਂ ਜਾਣਾ ਚਾਹੀਦਾ ਅਤੇ ਹਰ ਦੋਸ਼ੀ ਨੂੰ ਕਰੜੀ ਤੋਂ ਕਰੜੀ ਤੋਂ ਸਜ਼ਾ ਮਿਲਣੀ ਚਾਹੀਦੀ ਹੈ ਭਾਵੇਂ ਉਹ ਕਿੰਨਾ ਵੀ ਸ਼ਕਤੀਸ਼ਾਲੀ ਕਿਉਂ ਨਾ ਹੋਵੇ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media