ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲਾ ਪ੍ਰੀਸ਼ਦ ਮੀਟਿੰਗ ਹਾਲ ਵਿੱਚ ਭਾਰਤ ਦੇ ਉਪ ਚੋਣ ਕਮਿਸ਼ਨਰ ਸੰਦੀਪ ਸਕਸੈਨਾ ਦੀ ਅਗਵਾਈ
ਹੇਠ ਜਲੰਧਰ ਅਤੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰਾਂ ਨਾਲ ਡਿਵੀਜ਼ਨ ਪੱਧਰੀ ਸਮੀਖਿਆ ਮੀਟਿੰਗ ਹੋਈ, ਜਿਸ ਦੌਰਾਨ ਕਈ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ (ਈ.ਆਰ.ਓ) ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ (ਏ.ਈ.ਆਰ.ਓ) ਨਾਲ ਵੀਡੀਓ ਕਾਨਫਰੰਸਿੰਗ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ.ਕਰੁਣਾ ਰਾਜੂ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸਕਸੈਨਾ ਨੇ ਕਿਹਾ ਕਿ ਅਗਾਮੀ ਲੋਕ ਸਭਾ ਚੋਣਾ 2019 ਵਿੱਚ ਖ਼ਾਸ ਕਰਕੇ ਦਿਵਿਆਂਗ ਵੋਟਰਾਂ ਨੂੰ ਉਨਾਂ ਦੀ ਕੈਟਾਗਿਰੀ ਵਾਈਜ਼ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।ਉਨਾਂ ਕਿਹਾ ਕਿ ਮਰ ਚੁੱਕੇ ਹੋਏ ਅਤੇ ਪੱਕੇ ਤੌਰ ਤੇ ਸ਼ਿਫਟ ਹੋਏ ਵੋਟਰਾਂ ਦੇ ਨਾਂ ਵੋਟਰ ਸੂਚੀਆਂ ਵਿਚੋਂ ਕੱਟੇ ਜਾਣ ਸਕਸੈਨਾ ਨੇ ਕਿਹਾ ਕਿ ਐਨ.ਆਰ.ਆਈਜ਼ ਵੋਟਰਾਂ ਦੀ ਸ਼ਨਾਖਤ ਕੀਤੀ ਜਾਵੇ ਅਤੇ ਉਨਾਂ ਦੇ ਨਾਂ ਵੋਟਰ ਸੂਚੀਆਂ ਵਿਚ ਦਰਜ਼ ਕੀਤੇ ਜਾਣ।ਸਕਸੈਨਾ ਨੇ ਸਮੂਹ ਜ਼ਿਲਾ ਚੋਣਕਾਰ ਅਫ਼ਸਰਾਂ ਨੂੰ ਕਿਹਾ ਕਿ ਇਸ ਗੱਲ ਦਾ ਵੀ ਧਿਆਨ ਰੱਖਿਆ ਜਾਵੇ ਕਿ 18 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਵੋਟਰ ਸੂਚੀ ਵਿੱਚ ਨਾਂ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ।ਸਕਸੈਨਾ ਨੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਦੇ ਨਾਮ ਵੋਟਰ ਸੂਚੀਆਂ ਵਿਚ ਦਰਜ਼ ਕਰਨ ਲਈ ਸਕੂਲਾਂ, ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਰਾਬਤਾ ਕਾਇਮ ਕੀਤਾ ਜਾਵੇ।ਉਨ੍ਹਾਂ ਆਖਿਆ ਕਿ ਕਈ ਥਾਵਾਂ ਤੇ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਵੋਟਰ ਸੂਚੀਆਂ ਵਿੱਚੋਂ ਨਾਂ ਗਲਤ ਤਰੀਕੇ ਨਾਲ ਕੱਟੇ ਗਏ ਹਨ।ਉਨ੍ਹਾਂ ਹਦਾਇਤ ਕੀਤੀ ਕਿ ਇਸ ਗੱਲ ਦਾ ਖ਼ਾਸ ਧਿਆਨ ਰੱਖਿਆ ਜਾਵੇ।ਇਸ ਤੋਂ ਇਲਾਵਾ ਸਥਾਈ ਤੌਰ ਉਤੇ ਸਿਰਨਾਵੇਂ ਬਦਲਣ ਵਾਲੇ ਵੋਟਰਾਂ ਦੇ ਦੋ-ਦੋ ਦਰਜ ਇੰਦਰਾਜਾਂ ਵੱਲ ਖ਼ਾਸ ਧਿਆਨ ਦਿੱਤਾ ਜਾਵੇ।
ਸਕਸੈਨਾ ਨੇ ਕਿਹਾ ਕਿ ਵੋਟਾਂ ਦੌਰਾਨ ਇਸ ਗੱਲ ਦਾ ਵੀ ਖਾਸ ਧਿਆਨ ਰੱਖਿਆ ਜਾਵੇ ਕਿ ਪੋਲਿੰਗ ਬੂਥ ਕਿਸੇ ਧਾਰਮਿਕ ਸਥਾਨ ਜਾਂ ਰਾਜਨੀਤਿਕ ਪਾਰਟੀਆਂ ਦੇ ਨਾਲ ਸਬੰਧਤ ਕਿਸੇ ਵੀ ਬਿਲਡਿੰਗ ਵਿਚ ਨਹੀਂ ਹੋਣੇ ਚਾਹੀਦੇ।ਉਨਾਂ ਕਿਹਾ ਕਿ ਪੰਜਾਬ ਵਿੱਚ ਜ਼ਿਆਦਾਤਰ ਨਾਮ ਮਿਲਦੇ-ਜੁਲਦੇ ਹੋਣ ਕਾਰਨ ਵੋਟਰ ਸੂਚੀਆਂ ਦੀ ਸੁਧਾਈ ਵਿੱਚ ਦਿੱਕਤ ਆਉਂਦੀ ਹੈ।ਇਸ ਲਈ ਵੋਟਰ ਸੂਚੀਆਂ ਵਿੱਚ ਦਰਜ ਤਸਵੀਰਾਂ ਦੀ ਮਦਦ ਲਈ ਜਾਵੇ।ਉਨ੍ਹਾਂ ਖ਼ਾਸ ਤੌਰ ’ਤੇ ਆਖਿਆ ਕਿ ਤਸਵੀਰਾਂ ਬਿਲਕੁੱਲ ਸਾਫ਼ ਹੋਣੀਆਂ ਚਾਹੀਦੀਆਂ ਹਨ ਅਤੇ ਦੋਹਰੇ ਇੰਦਰਾਜਾਂ ਨੂੰ ਕੱਟਿਆ ਜਾਣਾ ਚਾਹੀਦਾ ਹੈ।ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਉਹ ਕਿਸੇ ਵੀ ਪਿੰਡ ਵਿੱਚ ਜਾ ਕੇ ਬੂਥ ਲੈਵਲ ਅਫ਼ਸਰਾਂ ਅਤੇ ਸਿਆਸੀ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ ਨਾਲ ਮੀਟਿੰਗ ਕਰ ਕੇ ਉਥੋਂ ਦੀ ਸਥਿਤੀ ਦੇਖਣ, ਜਿਸ ਤੋਂ ਉਨ੍ਹਾਂ ਨੂੰ ਸਾਰੇ ਜ਼ਿਲ੍ਹੇ ਦੀ ਸਥਿਤੀ ਦਾ ਪਤਾ ਲੱਗ ਜਾਵੇਗਾ।
ਇਸ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰਾਂ ਤੋਂ ਉਨ੍ਹਾਂ ਦੇ ਜ਼ਿਲ੍ਹਿਆਂ ਦੀਆਂ ਸਮੱਸਿਆਵਾਂ ਦੀ ਰਿਪੋਰਟ ਲਈ ਗਈ ਅਤੇ ਹੋਏ ਕੰਮਾਂ ਬਾਬਤ ਪੁੱਛਿਆ ਗਿਆ।ਡਿਪਟੀ ਕਮਿਸ਼ਨਰਾਂ ਦੀ ਕਾਰਗੁਜ਼ਾਰੀ ਉਤੇ ਤਸੱਲੀ ਪ੍ਰਗਟਾਉਣ ਤੋਂ ਬਾਅਦ ਉਨ੍ਹਾਂ ਨੂੰ ਕੁੱਝ ਸੁਝਾਅ ਵੀ ਦਿੱਤੇ ਗਏ।
ਇਸ ਮੀਟਿੰਗ ਵਿੱਚ ਫਿਰੋਜ਼ਪੁਰ ਡਿਵੀਜਨ ਦੇ ਕਮਿਸ਼ਨਰ ਸ੍ਰੀ ਸੁਮੇਰ ਸਿੰਘ, ਅੰਮਿ੍ਰਤਸਰ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਤਰਨਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਸਭਰਵਾਲ, ਕਪੂਰਥਲਾ ਦੇ ਡਿਪਟੀ ਕਮਿਸ਼ਨਰ ਮੁਹੰਮਦ ਤਾਇਬ, ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ, ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ, ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ, ਪਠਾਨਕੋਟ ਦੇ ਡਿਪਟੀ ਕਮਿਸ਼ਨਰ ਰਾਮਵੀਰ, ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਬੀ.ਐਸ ਧਾਲੀਵਾਲ, ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ, ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਅਰਵਿੰਦ ਕੁਮਾਰ, ਮੋਗਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਤੋਂ ਇਲਾਵਾ ਅੰਮ੍ਰਿਤਸਰ ਦੇ ਸਾਰੇ ਈ.ਆਰ.ਓ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media