Friday, October 18, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਗੁਰਬਾਣੀ ਵਿਆਖਿਆ

ਸਮੱਸਿਆਵਾਂ ਤੇ ਸੰਭਾਵਨਾਵਾਂ’ ਵਿਸ਼ੇ ‘ਤੇ ਵਿਸ਼ੇਸ਼ ਸਿੰਪੋਜ਼ੀਅਮ ਆਯੋਜਿਤ

PPN01091415

ਅੰਮ੍ਰਿਤਸਰ, 1 ਸਤੰਬਰ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ‘ਗੁਰਬਾਣੀ ਵਿਆਖਿਆ : ਸਮੱਸਿਆਵਾਂ ਤੇ ਸੰਭਾਵਨਾਵਾਂ’ ਵਿਸ਼ੇ ‘ਤੇ ਵਿਸ਼ੇਸ਼ ਸਿੰਪੋਜ਼ੀਅਮ ਅੱਜ ਇਥੇ ਕਾਨਫਰੰਸ ਹਾਲ ਵਿਖੇ ਕਰਵਾਇਆ ਗਿਆ। ਸਿੰਪੋਜ਼ੀਅਮ ਦੀ ਪ੍ਰਧਾਨਗੀ ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਨੇ ਕੀਤੀ। ਭਾਈ ਅਸ਼ੋਕ ਸਿੰਘ ਬਾਗੜੀਆਂ, ਚੰਡੀਗੜ ਨੇ ਉਦਘਾਟਨੀ ਭਾਸ਼ਣ ਦਿੱਤਾ ਅਤੇ ਪਟਿਆਲਾ ਤੋਂ ਪ੍ਰੋ. ਬਲਕਾਰ ਸਿੰਘ ਨੇ ਕੁੰਜੀਵਤ ਭਾਸ਼ਣ ਦਿੱਤਾ।ਦਿੱਲੀ ਤੋਂ ਡਾ. ਜਗਬੀਰ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਕੇਂਦਰ ਡਾਇਰੈਕਟਰ, ਡਾ. ਬਲਵੰਤ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਦਾ ਸਵਾਗਤ ਕੀਤਾ।ਸਿੰਪੋਜ਼ੀਅਮ ਦੇ ਕੋ-ਆਰਡੀਨੇਰ, ਪ੍ਰੋ. ਗੁਲਜ਼ਾਰ ਸਿੰਘ ਕੰਗ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।

ਪ੍ਰੋ. ਬਰਾੜ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਬਾਣੀ ‘ਧੁਰ ਕੀ ਬਾਣੀ’ ਹੈ, ਜਿਸ ਦਾ ਧਰਤੀ ਉਤਾਰਾ ਹੋਇਆ ਹੈ। ਪੂਰੇ ਵਿਸ਼ਵ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਜਿਹੇ ਧਾਰਮਿਕ ਗ੍ਰੰਥ ਹਨ, ਜਿਨ੍ਹਾਂ ਨੂੰ ‘ਗੁਰੂ’ ਦਰਜਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਕੇਵਲ ਸਿੱਖਾਂ ਦੇ ਹੀ ਗੁਰੂ ਨਹੀਂ ਹਨ ਸਗੋਂ ਉਹ ਪੂਰੀ ਮਨੁੱਖਤਾ ਦੇ ਗੁਰੂ ਹਨ, ਜਿਨ੍ਹਾਂ ਨੂੰ ‘ਜਗਤਗੁਰੂ’ ਕਹਿ ਕੇ ਪੁਕਾਰਿਆ ਜਾਂਦਾ ਹੈ। ਗੁੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਵਿਚ ਸਾਰੇ ਧਰਮਾਂ ਦਾ ਸੰਤੁਲਨ ਹੈ।ਉਨ੍ਹਾਂ ਯੂਨੀਵਰਸਿਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਭਵਨ ਦੇ ਨਿਰਮਾਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਬਿਲਡਿੰਗ ਯੂ.ਜੀ.ਸੀ. ਵੱਲੋਂ ਜਾਰੀ ਗ੍ਰਾਂਟ ਨਾਲ ਕੀਤਾ ਜਾ ਰਿਹਾ ਹੈ, ਜਿਹੜੀ ਕਿ ਨਵੰਬਰ ਤਕ ਤਕ ਮੁਕੰਮਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਬਿਲਡਿੰਗ ਦਾ ਢਾਂਚਾ ਸਿੱਖ ਆਰਕੀਟੈਕਚਰ ਤੇ ਅਧਿਆਤਮਿਕਤਾ ਨੂੰ ਧਿਆਨ ਵਿਚ ਰੱਖਦੇ ਕੀਤਾ ਜਾ ਰਿਹਾ ਹੈ। ਉਨਾਂ੍ਹ ਆਸ ਪ੍ਰਗਟਾਈ ਕਿ ਇਸ ਭਵਨ ਦੇ ਬਣਨ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹੋਰ ਡੂੰਘੇਰਾ ਅਧਿਐਨ ਨਾਲ-ਨਾਲ ਵੱਖ-ਵੱਖ ਧਰਮਾਂ ਦਾ ਵੀ ਅਧਿਐਨ ਕੀਤਾ ਜਾਵੇਗਾ।
ਪ੍ਰੋ. ਬਲਕਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸਿੱਖ ਗੁਰੂ ਸਾਹਿਬਾਨ ਦੇ ਨਾਲ-ਨਾਲ ਵੱਖ-ਵੱਖ ਧਰਮਾਂ, ਖਿਤਿਆਂ ਅਤੇ ਸਭਿਆਚਾਰਕ ਖੇਤਰਾਂ ਨਾਲ ਸਬੰਧਤ ਸੰਤਾਂ, ਭਗਤਾਂ, ਅਤੇ ਮਹਾਂਪੁਰਸ਼ਾਂ ਦੀ ਵੀ ਬਾਣੀ ਹੈ, ਜਿਹੜੀ ਕਿ ਮਨੁੱਖਤਾ ਦਾ ਮਾਰਗਦਰਸ਼ਨ ਕਰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੇ ਅਧਿਐਨ ਲਈ ਵੱਖ-ਵੱਖ ਵਿਆਖਿਆ ਪ੍ਰਣਾਲੀ ਦਾ ਅਧਿਐਨ ਕੀਤਾ ਜਾਣਾ ਚਾਹੀਦਾ ਹੈ। ਉਨਾਂ੍ਹ ਕਿਹਾ ਕਿ ਮਨੁੱਖ ਦੀ ਅਧਿਆਤਾਮਕ ਕਮਾਈ ਵੀ ਗੁਰੂ ਗ੍ਰੰਥ ਸਾਹਿਬ ਦੀ ਵਿਆਖਿਆ ਨੂੰ ਪ੍ਰਭਾਵਿਤ ਕਰਦੀ ਹੈ।ਉਨ੍ਹਾਂ ਕਿਹਾ ਕਿ ਗੁਰਬਾਣੀ ਦੀ ਵਿਆਖਿਆ ਦਾ ਤਰੀਕਾ ਗੁਰੂ ਗ੍ਰੰਥ ਸਾਹਿਬ ਵਿਚੋਂ ਹੀ ਮਿਲ ਜਾਂਦਾ ਹੈ ਬਾਸ਼ਰਤੇ ਕਿ ਮਨੁੱਖ ਇਸ ਨੂੰ ਆਪਣੀ ਮਾਨਸਿਕਤਾ ਅਨੁਸਾਰ ਕਿਸ ਤਰ੍ਹਾਂ ਲੈਂਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਰਬ-ਸਾਂਝੀ ਵਾਲਤਾ ਦਾ ਸੰਦੇਸ਼ ਦਿੰਦੀ ਹੈ।
ਭਾਈ ਬਾਗੜੀਆਂ ਨੇ ਆਪਣੇ ਉਦਘਾਟਨੀ ਭਾਸ਼ਣ ਵਿਚ ਕਿਹਾ ਕਿ ਵਿਆਖਿਆ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਆਏ ਸਭਿਆਚਾਰਕ ਅਤੇ ਰਿਵਾਇਤੀ ਲਫਜ਼ਾਂ ਨੂੰ ਉਸਦੀ ਮੌਲਿਕਤਾ ਨੂੰ ਧਿਆਨ ਵਿਚ ਰੱਖਦੇ ਲੈਣਾ ਚਾਹੀਦਾ ਹੈ ਤਾਂ ਜੋ ਉਸ ਦੀ ਵਾਸਤਵਿਕਤਾ ਨਾ ਬਦਲ। ਉਨ੍ਹਾਂ ਕਿਹਾ ਕਿ ਮਨੁੱਖੀ ਮਾਨਸਿਕਤਾ ਵਿਆਖਿਆ ਕਰਦੇ ਹਏ ਗੁਰਬਾਣੀ ਦਾ ਮੂਲ ਭਾਵ ‘ਤੇ ਭਾਰੂ ਨਾ ਹੋਵੇ ਤਾਂ ਜੋ ਗੁਰਬਾਣੀ ਦੀ ਮੌਲਿਕ ਅਧਿਆਤਮਿਕਤਾ ਵਿਆਖਿਆ ਵਿਚ ਬਣੀ ਰਹੇ। ਇਸ ਮੌਕੇ ਸ. ਭਾਗ ਸਿੰਘ ਅਣਖੀ, ਡਾ. ਸ਼ਸ਼ੀ ਬਾਲਾ ਅਤੇ ਸ. ਵਰਿਆਮ ਸਿੰਘ ਨੇ ਸਿੰਪੋਜ਼ੀਅਮ ਦੌਰਾਨ ਵੱਖ-ਵੱਖ ਸੈਸ਼ਨਾਂ ਦੀ ਪ੍ਰਧਾਨਗੀ ਕੀਤੀ ਅਤੇ ਆਪਣੇ ਵਿਚਾਰ ਪੇਸ਼ ਕੀਤੇ। ਕੇਂਦਰ ਦੇ ਸੀਨੀਅਰ ਪ੍ਰੋਫੈਸਰ, ਡਾ. ਐਨ.ਮੁਥੂਮੋਹਨ ਨੇ ਹਿੰਦੂ ਸੰਦਰਭ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਆਖਿਆ ‘ਤੇ ਆਪਣੇ ਵਿਚਾਰ ਪੇਸ਼ ਕੀਤੇ। ਡਾ. ਬਲਵੰਤ ਸਿੰਘ ਢਿੱਲੋਂ ਨੇ ਗੁਰਬਾਣੀ ਵਿਆਖਿਆ : ਅੰਤਰਅਨੁਸ਼ਾਸਨੀ ਪਹੁੰਚ ਵਿਧੀ, ਡਾ. ਪਰਮਜੀਤ ਸਿੰਘ ਸਿੱਧੂ ਨੇ ਸ਼ਬਦ ਗੁਰੂ ਦਾ ਸਿਧਾਂਤ ਅਤੇ ਡਾ. ਗੁਲਜ਼ਾਰ ਸਿੰਘ ਨੇ ਗੁਰਬਾਣੀ ਵਿਖਿਆਨ : ਚੁਣੌਤੀਆਂ ਵਿਸ਼ੇ ‘ਤੇ ਆਪਣੇ ਖੋਜ ਪਰਚੇ ਪੇਸ਼ ਕੀਤੇ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …

Leave a Reply