ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨੁੱਖਤਾ ਦੇ ਅਧਿਆਤਮਿਕ
ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ।
ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ ਜਿਸ ਦੇ ਸੰਗਤ ਨੇ ਦਰਸ਼ਨ ਕੀਤੇ ਤੇ ਅਨੰਦ ਮਾਣਿਆ।ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਕੀਰਤਨ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਪਾਵਨ ਹੁਕਨਾਮੇ ਮਗਰੋਂ ਜਿਥੇ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਉਥੇ ਹੀ ਗੁਰੂ ਸਾਹਿਬ ਜੀ ਦੇ ਪਾਵਨ ਉਪਦੇਸ਼ਾਂ ਨੂੰ ਜੀਵਨ ਵਿਚ ਅਪਣਾਉਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੇ ਹੁਕਮਾਂ ਅਨੁਸਾਰੀ ਜੀਵਨ ਜਿਊਣਾ ਚਾਹੀਦਾ ਹੈ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੀ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਹਾਜਰੀ ਭਰੀ ਅਤੇ ਗੁਰੂ ਸਾਹਿਬ ਜੀ ਦਾ ਜੀਵਨ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਮੁਖਤਾਰ ਸਿੰਘ, ਬਘੇਲ ਸਿੰਘ, ਸਤਨਾਮ ਸਿੰਘ ਮਾਂਗਾ ਸਰਾਏ, ਰਾਜਿੰਦਰ ਸਿੰਘ ਰੂਬੀ, ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰ ਮੌਜੂਦ ਸਨ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਕੂਲਾਂ ਦੇ ਬੱਚਿਆਂ ਨੇ ਗੁਰਬਾਣੀ ਕੀਰਤਨ ਕਰ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media