ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਰਕਾ ਨੂੰ 10 ਲੱਖ ਦੇਣ ਦਾ ਐਲਾਨ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਰਕਾਰ ਵਲੋਂ 5000 ਸਕੂਲਾਂ ਨੂੰ 31 ਮਾਰਚ ਤੱਕ ਸਮਾਰਟ ਸਕੂਲ ਵਜੋਂ ਵਿਕਸਤ ਜਾਵੇਗਾ ਅਤੇ ਹੁਣ ਤੱਕ 3000 ਦੇ ਕਰੀਬ ਸਕੂਲ ਸਮਾਰਟ ਸਕੂਲ ਬਣ ਚੁੱਕੇ ਹਨ ਅਤੇ ਆਉਂਦੇ 2 ਮਹੀਨਿਆਂ ਵਿੱਚ ਬਾਕੀ ਰਹਿੰਦੇ 2000 ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕਰ ਦਿੱਤਾ ਜਾਵੇਗਾ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵੇਰਕਾ ਵਿਖੇ ਮਨਾਏ ਗਏ ਸਲਾਨਾ ਇਨਾਮ ਵੰਡ ਸਮਾਗਮ ਦੌਰਾਨ ਕੀਤਾ।ਸੋਨੀ ਨੇ ਕਿਹਾ ਕਿ ਸਰਕਾਰ ਸਿਖਿਆ ਦਾ ਪੱਧਰ ਉਚਾ ਚੁੱਕਣ ਲਈ ਵਚਨਬੱਧ ਹੈ।ਸੋਨੀ ਨੇ ਕਿਹਾ ਕਿ ਇਸ ਵਾਰ ਜਿੰਨਾਂ ਸਕੂਲਾਂ ਦੇ ਰਿਜਲਟ ਵਧੀਆ ਆਉਣਗੇ ਉਨ੍ਹਾਂ ਦੇ ਪ੍ਰਿੰਸੀਪਲਾਂ ਨੂੰ ਸਨਮਾਨਤ ਕੀਤਾ ਜਾਵੇਗਾ ਅਤੇ ਮਾੜੇ ਨਤੀਜੇ ਆਉਣ ਦੀ ਸੂਰਤ `ਚ ਸਕੂਲਾਂ ਦੇ ਪਿ੍ਰੰਸੀਪਲਾਂ ਦੀ ਜਿੰਮੇਵਾਰੀ ਨਿਸ਼ਚਤ ਕੀਤੀ ਜਾਵੇਗੀ।ਸਿਖਿਆ ਮੰਤਰੀ ਨੇ ਦੱਸਿਆ ਕਿ ਬਾਰਡਰ ਏਰੀਆ ਦੇ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਪੁਰ ਕਰ ਦਿੱਤੀਆਂ ਗਈਆਂ ਹਨ ਅਤੇ ਕਿਸੇ ਵੀ ਸਰਕਾਰੀ ਸਕੂਲਾਂ ਵਿੱਚ ਫਰਨੀਚਰ ਅਤੇ ਕਿਤਾਬਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।ਸੋਨੀ ਨੇ ਦੱਸਿਆ ਕਿ ਬੱਚਿਆਂ ਨੂੰ ਚੰਗੇਰੀ ਸਿਖਿਆ ਦੇਣ ਲਈ ਹੁਣ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਹੀ ਅੰਗਰੇਜੀ ਵਿਸ਼ੇ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ।ਸਿਖਿਆ ਮੰਤਰੀ ਵੱਲੋ ਸਮਾਰੋਹ ਦੌਰਾਨ ਬੱਚਿਆਂ ਨੂੰ ਇਨਾਮ ਵੀ ਦਿੱਤੇ।
ਇਸ ਤੋਂ ਪਹਿਲਾਂ ਸਕੂਲੀ ਬੱਚਿਆਂ ਵੱਲੋਂ ਸ਼ਬਦ ਗਾਇਨ ਕੀਤਾ ਅਤੇ ਸਿਖਿਆ ਮੰਤਰੀ ਨੇ ਸ਼ਮਾ ਰੋਸ਼ਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ।ਸੋਨੀ ਨੇ ਕਿਹਾ ਕਿ ਇਸ ਵੇਰਕਾ ਸਕੂਲ ਵਿੱਚੋਂ ਕਈ ਵਿਦਿਆਰਥੀ ਪੜ੍ਹ ਕੇ ਉਚ ਅਹੁੱਦਿਆਂ ਤੱਕ ਪਹੁੰਚੇ ਹਨ ਅਤੇ ਕਈ ਡੀ.ਸੀ, ਜੱਜ, ਡਾਕਟਰ ਅਤੇ ਇੰਜਨੀਅਰ ਵੀ ਬਣੇ ਹਨ।ਉਨ੍ਹਾਂ ਦੱਸਿਆ ਕਿ ਇਸੇ ਹੀ ਸਕੂਲ ਤੋਂ ਪੜ੍ਹ ਕੇ ਵਿਦਿਆਰਥੀ ਇਸੇ ਹੀ ਸਕੂਲ ਵਿੱਚ ਅਧਿਆਪਕ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।ਸਿਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਯੋਗਤਾ ਬਹੁਤ ਵਧੀਆ ਹੈ ਅਤੇ ਆਪਣੀ ਮਿਹਨਤ ਨਾਲ ਬੱਚਿਆਂ ਨੂੰ ਪੜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅਧਿਆਪਕ ਹੋਰ ਮਿਹਨਤ ਕਰਨ ਤਾਂ ਸਾਡੇ ਪੰਜਾਬ ਦੇ ਸਕੂਲ ਦੇਸ਼ ਵਿੱਚੋਂ ਇਕ ਨੰਬਰ ਤੇ ਹੋਣਗੇ।ਸੋਨੀ ਨੇ ਕਿਹਾ ਕਿ ਬੱਚਿਆਂ ਦੀ ਸਿਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਸਿਖਿਆ ਮੰਤਰੀ ਨੇ ਵੇਰਕਾ ਸਕੂਲ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ਅਤੇ ਕਿਹਾ ਕਿ ਛੇਤੀ ਹੀ ਇਸ ਸਕੂਲ ਵਿੱਚ ਸਾਇੰਸ ਅਤੇ ਕਾਮਰਸ ਦੀਆਂ ਕਲਾਸਾਂ ਵੀ ਸ਼ੁਰੂ ਕਰ ਦਿੱਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਸਾਡਾ ਫਰਜ ਬਣਦਾ ਹੈ ਕਿ ਅਸੀਂ ਬੱਚਿਆਂ ਨੂੰ ਨੇਕ ਨੀਤੀ ਅਤੇ ਇਮਾਨਦਾਰੀ ਨਾਲ ਪੜਾਈਏ ਤਾਂ ਜੋ ਬੱਚੇ ਆਪਣੇ ਮਾਤਾ ਪਿਤਾ, ਸਕੂਲ ਅਤੇ ਦੇਸ਼ ਦਾ ਨਾਮ ਰੋਸ਼ਨ ਕਰ ਸਕਣ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਇਸ ਵਾਰ ਸਰਕਾਰੀ ਸਕੂਲਾਂ ਦੇ ਨਤੀਜੇ ਬੇਹਤਰ ਹੋਣਗੇ।
ਸੋਨੀ ਨੇ ਦੱਸਿਆ ਕਿ ਇਸ ਸਕੂਲ ਦੀ ਜਮੀਨ ਰਸਾਲਦਾਰ ਸਵਰਗੀ ਇੰਦਰ ਸਿੰਘ ਵਲੋਂ ਦਾਨ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜਿਹੜੀਆਂ ਸਖਸ਼ੀਅਤਾਂ ਸਮਾਜ ਲਈ ਕੁੱਝ ਕਰਦੀਆਂ ਹਨ ਉਨ੍ਹਾਂ ਦਾ ਨਾਮ ਹਮੇਸ਼ਾਂ ਲੋਕਾਂ ਦੇ ਮਨਾਂ ਵਿੱਚ ਰਹਿੰਦਾ ਹੈ।ਉਨਾਂ ਨੇ ਰਸਾਲਦਾਰ ਇੰਦਰ ਸਿੰਘ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਸੋਨੀ ਨੇ ਯੂਨੀਅਨ ਲੀਡਰਾਂ ਬਾਰੇ ਕਿਹਾ ਕਿ ਉਹ ਆਪਣੀ ਮੁਫਾਦ ਲਈ ਧਰਨੇ, ਮੁਜਾਹਰੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਦੀਆਂ ਜਾਇਜ ਮੰਗਾਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਜਿਹੜੇ ਯੂਨੀਅਨ ਲੀਡਰ ਬੱਚਿਆਂ ਦੀ ਪੜ੍ਹਾਈ ਨੂੰ ਛੱਡ ਕੇ ਧਰਨੇ ਦੇਣਗੇ ਉਨ੍ਹਾਂ `ਤੇ ਕਾਨੂੰਨ ਆਪਣਾ ਕੰਮ ਕਰੇਗਾ।
ਇਸ ਮੌਕੇ ਸਕੂਲ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ ਅਤੇ ਸਕੂਲ ਦੀ ਪ੍ਰਿੰਸੀਪਲ ਮੈਡਮ ਨਵਜੋਤ ਕੌਰ ਨੇ ਮੰਤਰੀ ਸੋਨੀ ਨੂੰ ਜੀ ਆਇਆ ਕਿਹਾ ਤੇ ਉਨਾਂ ਦਾ ਸਨਮਾਨ ਕੀਤਾ। ਇਸ ਮੌਕੇ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਸਲਵਿੰਦਰ ਸਿੰਘ ਸਮਰਾ, ਕੌਂਸਲਰ ਹਰਪਾਲ ਸਿੰਘ, ਸਿਖਿਆ ਮੰਤਰੀ ਦੇ ਓ.ਐਸ.ਡੀ ਕੈਪਟਨ ਸੰਜੀਵ ਸ਼ਰਮਾ, ਲੈਕਚਰਾਰ ਬਲਵਿੰਦਰ ਸਿੰਘ, ਕੰਨਵਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਜਗਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਅਤੇ ਉਨ੍ਹਾਂ ਦੇ ਮਾਤਾ ਪਿਤਾ ਹਾਜਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …