ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ (ਪਠਾਨਕੋਟ) ਦੀ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ
ਦਿਵਸ ਦਾ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਕੈਬਨਿਟ ਮੰਤਰੀ ਉਦਯੋਗ ਤੇ ਵਣਜ ਵਿਭਾਗ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ।ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਅਤੇ ਵਿਕਾਸ ਨੂੰ ਦਰਸਾਉਂਦੀਆਂ ਕਈ ਵਿਭਾਗਾਂ ਵਲੋਂ ਤਿਆਰ ਕੀਤੀਆਂ ਗਈਆਂ ਝਾਕੀਆਂ ਖਿੱਚ ਦਾ ਕੇਂਦਰ ਰਹੀਆਂ।ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਆਜ਼ਾਦੀ ਘੁਲਾਟੀਆਂ ਨੂੰ ਦੋਸ਼ਾਲੇ ਦੇ ਕੇ ਸਨਮਾਨਿਤ ਕੀਤਾ।ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਰੂਰਤਮੰਦ ਔਰਤਾਂ ਨੂੰ 23 ਸਿਲਾਈ ਮਸ਼ੀਨਾਂ, ਲੋੜਵੰਦਾਂ ਨੂੰ ਚਾਰ ਵੀਹ ਚੇਅਰ ਤੇ ਪੰਜ ਟਰਾਈ ਸਾਈਕਲ ਅਤੇ ਮਾਈ ਭਾਗੋ ਸਕੀਮ ਅਧੀਨ ਸ਼ਹੀਦ ਮੱਖਣ ਸਿੰਘ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਲਗਭਗ 200 ਵਿਦਿਆਰਥਣਾਂ ਨੂੰ ਸਾਈਕਲ ਵੀ ਦਿੱਤੇ। 
ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਉਦਯੋਗ ਤੇ ਵਣਜ ਪੰਜਾਬ ਸਰਕਾਰ ਨੇ ਸੰਬੋਧਨ ਕਰਦਿਆਂ ਇਸ ਸ਼ੁਭ ਦਿਹਾੜੇ ’ਤੇ ਦੇਸ਼ ਵਾਸੀਆਂ, ਪੰਜਾਬ ਵਾਸੀਆਂ ਤੇ ਖਾਸ ਕਰਕੇ ਜ਼ਿਲ੍ਹਾ ਪਠਾਨਕੋਟ ਵਾਸੀਆਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਮੁਬਾਰਕਾਂ ਦਿੱਤੀਆਂ ਅਤੇ ਅੱਜ ਦੇ ਇਤਿਹਾਸਕ ਦਿਨ ’ਤੇ ਸਭ ਤੋਂ ਪਹਿਲਾਂ ਦੇਸ਼ ਦੇ ਉਨਾਂ ਸ਼ਹੀਦਾਂ ਨੂੰ ਸਿਰ ਝੁਕਾ ਕੇ ਪ੍ਰਣਾਮ ਕੀਤਾ ਜਿਨਾਂ ਨੇ ਦੇਸ਼ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ।ਉਨ੍ਹਾਂ ਭਾਰਤ ਦੇ ਸੰਵਿਧਾਨ ਸਭਾ ਦੇ ਸਮੂਹ ਮੈਂਬਰਾਂ ਅਤੇ ਸੰਵਿਧਾਨ ਸਭਾ ਦੇ ਮੁਖੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੂੰ ਵੀ ਸਲਾਮ ਕੀਤਾ, ਜਿਨ੍ਹਾਂ ਨੇ ਇਸ ਦੇਸ਼ ਨੂੰ ਇੱਕ ਅਜਿਹਾ ਸੰਵਿਧਾਨ ਦਿੱਤਾ, ਜਿਸ ਨੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋਇਆ ਹੋਇਆ ਹੈ।ਉਨ੍ਹਾਂ ਇਸ ਪਵਿੱਤਰ ਤੇ ਇਤਿਹਾਸਕ ਦਿਹਾੜੇ ਤੇ ਦੇਸ਼ ਦੀ ਫੌਜ, ਅਰਧ ਸੈਨਿਕ ਬਲਾਂ ਅਤੇ ਸੂਬਿਆਂ ਦੇ ਪੁਲਿਸ ਬਲਾਂ ਵੱਲੋਂ ਦੇਸ਼ ਦੀ ਗਣਤੰਤਰਤਾ ਅਤੇ ਸੰਵਿਧਾਨ ਦੀ ਰਾਖੀ ਲਈ ਕੀਤੇ ਬਲੀਦਾਨ ਦੀ ਵੀ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਸੁਧਾਰ ਅਤੇ ਪਾਰਦਰਸ਼ਤਾ ਲਈ ਵੱਡੇ ਫੈਸਲੇ ਕੀਤੇ ਹਨ। ਸਬਸਿਡੀਆਂ ਦਾ ਲਾਭ ਅਸਲ ਲਾਭਪਾਤਰੀਆਂ ਨੂੰ ਦੇਣ ਲਈ ਨਕਦ ਭੁਗਤਾਨ ਰਾਹੀਂ ਸਿੱਧਾ ਬੈਂਕ ਖਾਤਿਆਂ ਵਿੱਚ ਕਰਨ ਦੀ ਨੀਤੀ ਲਾਗੂ ਕੀਤੀ ਹੈ।ਸ਼ਹਿਰੀ ਸਥਾਨਕ ਇਕਾਈਆਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਲਈ ਰਾਖਵਾਂਕਰਨ 33 ਫੀਸਦੀ ਤੋਂ ਵਧਾ ਕੇ 50 ਫੀਸਦੀ ਕੀਤਾ ਹੈ।ਉਨ੍ਹਾਂ ਕਿਹਾ ਕਿ ਵੀ.ਵੀ.ਆਈ.ਪੀ ਸੱਭਿਆਚਾਰ ਖ਼ਤਮ ਕਰਨ ਲਈ ਸਰਕਾਰ ਨੇ ਸਰਕਾਰੀ ਵਾਹਨਾਂ ਉੱਪਰ ਲਾਲ ਬੱਤੀ ਦਾ ਖ਼ਾਤਮਾ ਕੀਤਾ, ਜਿਸ ਨੀਤੀ ਨੂੰ ਬਾਅਦ ਵਿੱਚ ਕੇਂਦਰ ਸਰਕਾਰ ਨੇ ਵੀ ਅਪਣਾਇਆ।
ਉਨ੍ਹ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਸਪੈਸ਼ਲ ਟਾਸਕ ਫ਼ੋਰਸ ਦਾ ਗਠਨ ਕੀਤਾ।ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਾ ਵਿਰੁੱਧ ਜਨਤਕ ਮੁਹਿੰਮ ਸਿਰਜਣ ਲਈ ‘ਨਸ਼ਾ ਰੋਕਥਾਮ ਅਫ਼ਸਰ (ਡੈਪੋ) ਪ੍ਰੋਗਰਾਮ ਚਲਾਇਆ ਹੈ, ਜਿਸ ਤਹਿਤ ਹੁਣ ਤੱਕ 5 ਲੱਖ ਤੋਂ ਵੱਧ ਨੌਜਵਾਨਾਂ ਨੇ ਸਵੈ-ਇੱਛਾ ਨਾਲ ਆਪਣਾ ਨਾਂ ਦਰਜ ਕਰਵਾਇਆ ਹੈ।ਸੂਬੇ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ‘ਬੱਡੀ ਪ੍ਰੋਗਰਾਮ’ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਤਹਿਤ 5.5 ਲੱਖ ਬੱਡੀ ਗਰੁੱਪਾਂ ਦਾ ਗਠਨ ਕੀਤਾ ਗਿਆ ਹੈ ਅਤੇ 40 ਲੱਖ ਵਿਦਿਆਰਥੀਆਂ ਨੂੰ ਕਵਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ।ਨਸ਼ਿਆਂ ਦੀ ਰੋਕਥਾਮ ਤੇ ਇਲਾਜ ਲਈ 165 ਆਊਟਰੀਚ ਸੈਂਟਰਾਂ/ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ, ਇਨ੍ਹਾਂ ਕਲੀਨਿਕਾਂ ਵਿੱਚ 60,000 ਨਸ਼ਾ ਗ੍ਰਸਤ ਵਿਅਕਤੀਆਂ ਦਾ ਇਲਾਜ ਚੱਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੀ ਅਰਥ ਵਿਵਸਥਾ ਦੀ ਸੁਰਜੀਤੀ ਲਈ ਸਰਕਾਰ ਵੱਲੋਂ ਚੁੱਕੇ ਕਦਮਾਂ ਸਦਕਾ ਕੁੱਲ ਰਾਜ ਘਰੇਲੂ ਉਤਪਾਦਨ ਵਿੱਚ 21 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ।ਸੂਬੇ ’ਚ ਅਨਾਜ ਦੇ ਕੁੱਲ ਉਤਪਾਦਨ ਵਿੱਚ 3 ਫ਼ੀਸਦੀ ਵਾਧਾ ਹੋਇਆ ਹੈ ਅਤੇ ਫ਼ਸਲਾਂ ਦੀ ਨਿਰਵਿਘਨ ਖ਼ਰੀਦ ਕੀਤੀ ਜਾ ਰਹੀ ਹੈ। ਫਸਲਾਂ ਦਾ ਖਰਾਬਾ ਹੋਣ ’ਤੇ ਮੁਆਵਜਾ 8000 ਰੁਪਏ ਤੋਂ ਵਧਾ ਕੇ 12000 ਰੁਪਏ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣਾ ਵਾਅਦਾ ਨਿਭਾਉਂਦਿਆਂ ਸੂਬੇ ਦੇ 10.25 ਲੱਖ ਕਿਸਾਨਾਂ ਦੇ ਖੇਤੀਬਾੜੀ ਕਰਜ਼ਿਆਂ ਦੀ 2 ਲੱਖ ਰੁਪਏ ਤੱਕ ਦੀ ਮੁਆਫ਼ੀ ਕੀਤੀ ਗਈ ਹੈ।ਇਸ ਨਾਲ 4.1 ਲੱਖ ਕਿਸਾਨਾਂ ਨੂੰ 3500 ਕਰੋੜ ਰੁਪਏ ਦੀ ਕਰਜ਼ਾ ਰਾਹਤ ਪ੍ਰਦਾਨ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਲੁਧਿਆਣਾ, ਬਠਿੰਡਾ, ਪਠਾਨਕੋਟ ਅਤੇ ਆਦਮਪੁਰ ਦੇ ਚਾਰ ਹਵਾਈ ਅੱਡਿਆਂ ਤੋਂ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਹਨ।ਇਸੇ ਤਰ੍ਹਾਂ ਹਲਵਾਰਾ (ਲੁਧਿਆਣਾ) ਵਿਖੇ ਨਵੇਂ ਸਿਵਲ ਇੰਟਰਨੈਸ਼ਨਲ ਏਅਰ ਟਰਮੀਨਲ ਦੀ ਸਥਾਪਨਾ ਦੀ ਪ੍ਰਕਿਰਿਆ ਜਾਰੀ ਹੈ।ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਚੰਗੀ ਸਿੱਖਿਆ ਦੇਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ 15 ਨਵੇਂ ਡਿਗਰੀ ਕਾਲਜ ਸਥਾਪਤ ਕੀਤੇ ਜਾਣਗੇ।ਇਸੇ ਤਰ੍ਹਾਂ ਸਮੂਹ ਸਿੱਖਿਆ ਬਲਾਕਾਂ ਨੂੰ ਕਵਰ ਕਰਦੇ 2500 ਸਮਾਰਟ ਸਕੂਲ ਜਦਕਿ 2753 ਅੰਗਰੇਜ਼ੀ ਮਾਧਿਅਮ ਵਾਲੇ ਸਰਕਾਰੀ ਸਕੂਲ ਖੋਲ੍ਹੇ ਜਾ ਰਹੇ ਹਨ ਅਤੇ ਸ੍ਰੀ ਚਮਕੌਰ ਸਾਹਿਬ ਵਿੱਚ ਨਵੀਂ ‘ਸਕਿੱਲਜ਼ ਯੂਨੀਵਰਸਿਟੀ’ ਸਥਾਪਤ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ 2017 ਤੋਂ ਹੁਣ ਤੱਕ ਕੁੱਲ 4.41 ਲੱਖ ਨੌਜਵਾਨਾਂ ਨੂੰ ਸਰਕਾਰੀ ਅਤੇ ਨਿੱਜੀ ਜਾਂ ਸਵੈ-ਰੁਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ।ਹਰੇਕ ਜ਼ਿਲ੍ਹੇ ਵਿੱਚ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸਥਾਪਿਤ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਲਈ ਤਰਜੀਹੀ ਆਧਾਰ ’ਤੇ ਟਿਊਬਵੈੱਲ ਕੁਨੈਕਸ਼ਨ ਦਿੱਤੇ ਗਏ ਹਨ।ਆਜ਼ਾਦੀ ਘੁਲਾਈਆਂ ਲਈ ਪੁੱਡਾ ਦੇ ਮਕਾਨਾਂ ਦੀ ਅਲਾਟਮੈਂਟ ਵਿੱਚ ਰਾਖਵਾਂਕਰਨ 2 ਤੋਂ ਵਧਾ ਕੇ 3 ਫ਼ੀਸਦੀ ਕੀਤਾ ਗਿਆ ਹੈ ਅਤੇ ਸੂਬਾਈ ਮਾਰਗਾਂ ’ਤੇ ਟੋਲ ਟੈਕਸ ਤੋਂ ਛੋਟ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 42 ਲੱਖ ਪਰਿਵਾਰਾਂ ਲਈ 5 ਲੱਖ ਰੁਪਏ ਦਾ ਬੀਮਾ ਕਵਰ ਕਰਨ ਦੀ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ।ਇਸ ਦੇ ਨਾਲ ਹੀ ਸੂਬੇ ਭਰ ’ਚ 1000 ਹੈਲਥ ਤੇ ਵੈਲਨੈੱਸ ਕਲੀਨਿਕ ਸਥਾਪਤ ਹੋਣਗੇ। ਉਨ੍ਹਾਂ ਕਿਹਾ ਕਿ ਆਪਣਾ ਘਰ ਖ਼ਰੀਦਣ ਵਾਲਿਆਂ ਦੇ ਹਿੱਤਾਂ ਦੀ ਰਾਖੀ ਲਈ ਸੂਬੇ ਵਿ ਚ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ ਸਥਾਪਤ ਕੀਤੀ ਗਈ ਹੈ।ਸ਼ਹਿਰੀ ਸੰਪਤੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ 9 ਫ਼ੀਸਦੀ ਤੋਂ ਘਟਾ ਕੇ 6 ਫ਼ੀਸਦੀ ਕੀਤੀ ਗਈ ਹੈ।ਸ਼ਹਿਰੀ ਖੇਤਰਾਂ ਵਿੱਚ 5 ਫ਼ੀਸਦੀ ਅਤੇ ਪੇਂਡੂ ਖੇਤਰਾਂ ਵਿੱਚ 10 ਫ਼ੀਸਦੀ ਕੁਲੈਕਟਰ ਰੇਟ ਘਟਾਏ ਗਏ ਹਨ। ਉਨ੍ਹਾਂ ਕਿਹਾ ਕਿ ਸਨਅਤ ਲਈ 5 ਰੁਪਏ ਪ੍ਰਤੀ ਯੂਨਿਟ ਬਿਜਲੀ ਕੀਤੀ ਜੋ 5 ਸਾਲਾਂ ਲਈ ਸਥਿਰ ਹੈ।ਪਿਛਲੇ 20 ਮਹੀਨਿਆਂ ਦੌਰਾਨ ਇਕ ਲੱਖ ਨੌਕਰੀਆਂ ਦੀ ਸਮਰਥਾ ਅਤੇ 42905 ਕਰੋੜ ਰੁਪਏ ਦੇ ਨਿਵੇਸ਼ ਵਾਲੇ 305 ਸਮਝੌਤੇ ਸਹੀਬੱਧ ਕੀਤੇ ਗਏ ਹਨ।
ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸ਼ਾਨਦਾਰ ਪੀ.ਟੀ ਸ਼ੋਅ ਅਤੇ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਗਿਆ। ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਉਦਯੋਗ ਤੇ ਵਣਜ ਪੰਜਾਬ ਸਰਕਾਰ ਨੇ 28 ਜਨਵਰੀ ਨੂੰ ਜਿਲ੍ਹੇ ਦੇ ਉਨ੍ਹਾਂ ਸਕੂਲਾਂ ਜਿਨ੍ਹਾਂ ਸਮਾਰੋਹ ਵਿੱਚ ਭਾਗ ਲਿਆ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ।ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਵਧੀਆ ਕਾਰਜਗੁਜਾਰੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ, ਪਰੇਡ ਵਿੱਚ ਭਾਗ ਲੈਣ ਵਾਲੇ ਲੀਡ ਕਮਾਂਡਰਾਂ, ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ, ਸਮਾਜ ਸੇਵਾ ਸੰਸਥਾਵਾਂ ਵਿੱਚ ਵਧੀਆ ਕਾਰਗੁਜਾਰੀ ਕਰਨ ਵਾਲੇ ਐਨ.ਜੀ.ਓ. ਮੈਬਰਾਂ ਨੂੰ ਵੀ ਸਨਮਾਨਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਆਈ.ਏ.ਐਸ, ਡਾ. ਤੇਜਵਿੰਦਰ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ ਪਠਾਨਕੋਟ, ਵਿਵੇਕ ਸੀਲ ਸੋਨੀ ਐਸ.ਐਸ.ਪੀ ਪਠਾਨਕੋਟ, ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ, ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ, ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਕੁਲਵੰਤ ਸਿੰਘ ਆਈ.ਏ.ਐਸ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ, ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ ਆਦਿ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media