ਅਬੋਹਰ, 6 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਟਿੱਬਾ ਸਾਹਿਬ ਬੱਲੂਆਣਾ ਅਬੋਹਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਭਾਈ ਕੇਰਾ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਬਲਵੰਤ ਸਿੰਘ ਨੇ ਅਰੰਭਤਾ ਦੀ ਅਰਦਾਸ ਅਤੇ ਸੰਗਤ ਨੂੰ ਹੁਕਮਨਾਮਾ ਭਾਈ ਜਗਦੇਵ ਸਿੰਘ ਨੇ ਸਰਵਣ ਕਰਵਾਇਆ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪ੍ਰੀਤ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ।ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਿੱਕਰ ਸਿੰਘ ਚੰਨੂ, ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਵਣਵਾਲਾ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਆਦਿ ਮੌਜੂਦ ਸਨ।ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਮੀਤ ਸਿੰਘ ਬੁੱਟਰ, ਪ੍ਰਮਿੰਦਰ ਸਿੰਘ ਕੋਲਿਆਂਵਾਲੀ, ਗੁਰਮੀਤ ਸਿੰਘ ਬਿੱਟੂ, ਦੀਪਇੰਦਰ ਸਿੰਘ ਇੰਚਾਰਜ 85 ਤੇ ਜਸਬੀਰ ਸਿੰਘ, ਮੁਕੰਦ ਸਿੰਘ ਗੁਰਦੁਆਰਾ ਇੰਸਪੈਕਟਰ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …