ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਡੇਰਾ ਬਾਬਾ ਅਜਾਪਾਲ ਸਿੰਘ (ਘੋੜਿਆਂ ਵਾਲਾ) ਨਾਭਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਅਰਜਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਬਲਤੇਜ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਤਵਿੰਦਰ ਸਿੰਘ ਟੌਹੜਾ, ਬੀਬੀ ਹਰਦੀਪ ਕੌਰ ਆਦਿ ਮੌਜੂਦ ਸਨ।ਪ੍ਰਚਾਰਕਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਕਰਨੈਲ ਸਿੰਘ ਨਾਭਾ ਮੈਨੇਜਰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ, ਪ੍ਰਿੰਸੀਪਲ ਮੈਡਮ ਸੁਰਿੰਦਰ ਕੌਰ, ਬਾਬਾ ਮੱਖਣ ਸਿੰਘ ਕਾਰਸੇਵਾ ਦਿੱਲੀ, ਹਰਮਿੰਦਰ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ ਨਾਭਾ, ਸੁਪਰਵਾਈਜ਼ਰ ਸਤਵਿੰਦਰ ਸਿੰਘ, ਦਲਜੀਤ ਸਿੰਘ, ਭੁਪਿੰਦਰ ਸਿੰਘ, ਦੀਵਾਨ ਸਿੰਘ, ਗੁਰਵਿੰਦਰ ਸਿੰਘ, ਪ੍ਰਗਟ ਸਿੰਘ, ਸੁੱਖਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media