ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਵੱਲੋਂ ਸਮੂਹ ਨਿਹੰਗ ਸਿੰਘ ਦਲਾਂ ਅਤੇ ਸੰਗਤਾਂ ਦੇ
ਸਹਿਯੋਗ ਨਾਲ 19, 20 ਤੇ 21 ਮਾਰਚ ਨੂੰ ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਤੇ ਸ਼ਾਨੋ-ਸ਼ੌਕਤ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ `ਤੇ ਮਨਾਇਆ ਜਾਵੇਗਾ।ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਦੱਸਿਆ ਕਿ ਗੁਰੂ ਸਾਹਿਬ ਵੱਲੋਂ ਵਰੋਸਾਏ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਹੋਲੇ ਮਹੱਲੇ ਦਾ ਤਿਉਹਾਰ ਹਰ ਸਾਲ ਖਾਲਸਾਈ ਪ੍ਰੰਪਰਾਵਾਂ ਅਨੁਸਾਰ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਇਸ ਵਾਰ ਵੀ ਹੋਲੇ ਮਹੱਲੇ ਦੇ ਮੌਕੇ ਤੇ ਸ਼੍ਰੌਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਵੱਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ।
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਥਾਨਕ ਦਫਤਰ ਗੁਰਦੁਆਰਾ ਮਲ ਅਖਾੜਾ ਪਾਤਸ਼ਾਹੀ ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਤੋਂ ਜਾਰੀ ਪ੍ਰੈਸ ਨੋਟ `ਚ ਦਲ ਦੇ ਸਕੱਤਰ ਦਲਜੀਤ ਸਿੰਘ ਬੇਦੀ ਨੇ ਕਿਹਾ ਕਿ ਇਸ ਵਾਰ 19 ਤੇ 20 ਮਾਰਚ ਨੂੰ ਛਾਉਣੀ ਨਿਹੰਗ ਸਿੰਘਾਂ, ਗੁਰੁ ਕਾ ਬਾਗ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖ ਜੰਗਜੂ ਕਲਾ ਦਾ ਪ੍ਰਤੀਕ ਗਤਕੇ ਦੇ ਮੁਕਾਬਲੇ ਕਰਵਾਏ ਜਾਣਗੇ, ਜਿਸ ਵਿਚ ਪਹਿਲੇ, ਦੂਜੇ ਤੇ ਤੀਜੇ ਨੰਬਰ `ਤੇ ਆਉਣ ਵਾਲੀਆਂ ਟੀਮਾਂ ਨੂੰ ਵਿਸ਼ੇਸ਼ ਇਨਾਮ ਤਕਸੀਮ ਕੀਤੇ ਜਾਣਗੇ।ਉਨਾਂ ਕਿਹਾ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਹੋਲੇ ਮਹੱਲੇ ਦੇ ਪਾਵਨ ਤਿਉਹਾਰ `ਤੇ ਸਿੱਖ ਪੰਥ ਦੀਆਂ ਪੰਜ ਸਖ਼ਸ਼ੀਅਤਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਜਾਵੇਗਾ।ਬੇਦੀ ਨੇ ਦਸਿਆ ਕਿ 21 ਮਾਰਚ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਹਰ ਸਾਲ ਦੀ ਤਰ੍ਹਾਂ ਸਮੂਹ ਨਿਹੰਗ ਸਿੰਘ ਦਲਾਂ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪੁਰਾਤਨ ਸਿੱਖ ਪ੍ਰੰਪਰਾ ਅਨੁਸਾਰ ਮਹੱਲਾ ਕਢਿਆ ਜਾਵੇਗਾ ਜੋ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਅਰੰਭ ਹੋ ਕੇ ਚਰਨ ਗੰਗਾ ਦੇ ਸਥਾਨ ਵਿਖੇ ਸੰਪੂਰਨ ਹੋਵੇਗਾ। ਇਸ ਸਥਾਨ `ਤੇ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਸਿੰਘ ਘੋੜ ਸਵਾਰੀ, ਨੇਜ਼ਾਬਾਜੀ ਤੇ ਹੋਰ ਜੰਗਜੂ ਖੇਡਾਂ ਦੇ ਜੌਹਰ ਵਿਖਾਉਣਗੇ।
Check Also
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …
Punjab Post Daily Online Newspaper & Print Media