Thursday, July 30, 2026

ਸ਼੍ਰੋਮਣੀ ਕਮੇਟੀ ਵਲੋਂ ਬਾਲਣ ਮਾੜਾ ਹੋਣ ਸਬੰਧੀ ਪੁੱਜੀ ਸ਼ਿਕਾਇਤ ਦੀ ਪੜਤਾਲ ਜਾਰੀ – ਬਾਠ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਗੁਰਦੁਆਰਾ ਸਾਹਿਬਾਨ ਦੇ SGPC Logoਲੰਗਰਾਂ ਲਈ ਖ਼ਰੀਦ ਕੀਤੇ ਜਾਂਦੇ ਬਾਲਣ ਸਬੰਧੀ ਪੰਜਾਬੀ ਦੇ ਇਕ ਅਖ਼ਬਾਰ ਵਿਚ ਛਪੀ ਖ਼ਬਰ ਬਾਰੇ ਸਪੱਸ਼ਟ ਕਰਦਿਆਂ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੱਕੜ ਬਾਲਣ ਦੇ ਟੈਂਡਰ ਹਰ ਸਾਲ ਸ਼ਰਤਾਂ ਸਹਿਤ ਕੀਤੇ ਜਾਂਦੇ ਹਨ ਅਤੇ ਇਨ੍ਹਾਂ ਸ਼ਰਤਾਂ ਤਹਿਤ ਹੀ ਬਾਲਣ ਦੀ ਸਪਲਾਈ ਲਈ ਜਾਂਦੀ ਹੈ।

              ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਲਈ ਇਸ ਸਾਲ ਕੀਤੇ ਗਏ ਟੈਂਡਰ ਮਗਰੋਂ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਝਬਾਲ ਸਮੇਤ ਹੋਰ ਗੁਰਦੁਆਰਾ ਸਾਹਿਬਾਨ ਲਈ ਬਾਲਣ ਮੰਗਵਾਇਆ ਗਿਆ ਹੈ, ਜਿਸ ਵਿਚ ਤੈਅ ਸ਼ਰਤਾਂ ਅਨੁਸਾਰ ਬਾਲਣ ਦੀ ਕੁਆਲਟੀ ਮੁਤਾਬਿਕ ਬਿੱਲ ਦੀ ਕਟੌਤੀ ਕੀਤੀ ਗਈ ਹੈ।ਉਨ੍ਹਾਂ ਇਹ ਵੀ ਕਿਹਾ ਕਿ ਬਾਲਣ ਮਾੜਾ ਹੋਣ ਸਬੰਧੀ ਪੁੱਜੀ ਸ਼ਿਕਾਇਤ ਦੀ ਵੀ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ ਅਤੇ ਜੇਕਰ ਪੜਤਾਲ ’ਚ ਫਰਮ ਜਾਂ ਕਿਸੇ ਵੀ ਮੁਲਾਜ਼ਮ ਦੀ ਮਿਲੀਭੁਗਤ ਪਾਈ ਗਈ ਤਾਂ ਸਬੰਧਤਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜਿਨ੍ਹਾਂ ਸ਼ਰਤਾਂ ਅਨੁਸਾਰ ਬਾਲਣ ਦੇ ਟੈਂਡਰ ਹੋਏ ਹਨ, ਉਨ੍ਹਾਂ ਦਾ ਪਾਲਣ ਕਰਵਾਉਣਾ ਸ਼੍ਰੋਮਣੀ ਕਮੇਟੀ ਦੀ ਜ਼ਿੰਮੇਵਾਰੀ ਹੈ ਅਤੇ ਸ਼ਰਤਾਂ ਨੂੰ ਕਿਸੇ ਤਰ੍ਹਾਂ ਵੀ ਅਣਗੌਲਿਆਂ ਨਹੀਂ ਹੋਣ ਦਿੱਤਾ ਜਾਵੇਗਾ।
 

Check Also

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …

Leave a Reply