ਲੌਂਗੋਵਾਲ, 25 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਡਾ. ਅਭਿਨਵ ਤ੍ਰਿਖਾ ਨੇ
ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਣਕ ਦੇ ਖ਼ਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਸਮੇਤ ਵੱਖ ਵੱਖ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਮੀਟਿੰਗ ਕੀਤੀ।ਡਾ. ਤ੍ਰਿਖਾ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਪੇਸ਼ ਨਾ ਆਵੇ ਅਤੇ ਕਣਕ ਦੀ ਆਮਦ ਦੇ ਨਾਲ ਹੀ ਬਿਨਾਂ ਕਿਸੇ ਦੇਰੀ ਤੋਂ ਨਿਰਧਾਰਤ ਮਾਪਦੰਡਾਂ ਮੁਤਾਬਕ ਫਸਲ ਦੀ ਖਰੀਦ ਨੂੰ ਯਕੀਨੀ ਬਣਾਇਆ ਜਾਵੇ।ਉਨ੍ਹਾਂ ਨੇ ਖਰੀਦ ਏਜੰਸੀਆਂ ਨੂੰ ਕਣਕ ਦੀ ਲਿਫਟਿੰਗ ਵੱਲ ਵਿਸ਼ੇੇਸ਼ ਧਿਆਨ ਦੇਣ ਦੀ ਹਦਾਇਤ ਵੀ ਕੀਤੀ ਤਾਂ ਜੋ ਫ਼ਸਲ ਦੀ ਨਿਰਵਿਘਨ ਖ਼ਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾ ਸਕੇ। ਡਾ. ਤ੍ਰਿਖਾ ਨੇ ਕਿਹਾ ਕਿ ਜੇ ਕਿਸੇ ਵੀ ਅਧਿਕਾਰੀ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਫੌਰੀ ਨੋਡਲ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ ਜਨਰਲ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਤੁਰੰਤ ਢੁਕਵੇਂ ਹੱਲ ਨੂੰ ਯਕੀਨੀ ਬਣਾਇਆ ਜਾ ਸਕੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਕੁੱਝ ਦਿਨਾਂ ਅੰਦਰ ਹੀ ਆਮਦ ਵਿੱਚ ਤੇਜ਼ੀ ਆ ਜਾਵੇਗੀ।ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਪ੍ਰਬੰਧਾਂ ਹੇਠ ਰੋਜ਼ਾਨਾ ਜ਼ਿਲ੍ਹਾ ਮੈਨੇਜਰਾਂ ਤੇ ਸਬੰਧਤ ਅਧਿਕਾਰੀਆਂ ਵੱਲੋਂ ਸਮੀਖਿਆ ਮੀਟਿੰਗ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੇਵਲ ਸੁੱਕੀ ਜਿਣਸ ਹੀ ਲਿਆਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਮੀਟਿੰਗ ਉਪਰੰਤ ਡਾ. ਤ੍ਰਿਖਾ ਨੇ ਅਨਾਜ ਮੰਡੀ ਭਵਾਨੀਗੜ੍ਹ ਦਾ ਦੌਰਾ ਕੀਤਾ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।ਇਸ ਮੌਕੇ ਏ.ਐਮ.ਡੀ ਵੇਅਰਹਾਊਸ ਹਰਸ਼ਵਿੰਦਰ ਸਿੰਘ ਬਰਾੜ, ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਮੰਗਲ ਦਾਸ ਵੀ ਉਨ੍ਹਾਂ ਦੇ ਨਾਲ ਸਨ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media