ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਤਰਨ ਤਾਰਨ ਜ਼ਿਲ੍ਹੇ ’ਚ ਪੈਂਦੇ ਪਿੰਡ ਮਾਨੋਚਾਹਲ ਦੇ
ਇੱਕ ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 10 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਆਖਿਆ ਕਿ ਗਰਮੀ ਦੇ ਮੋਸਮ ਵਿਚ ਅਜਿਹੀਆਂ ਘਟਨਾਵਾਂ ਵਾਪਰਨ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਹਨ, ਜਿਨ੍ਹਾਂ ਦੀ ਰੋਕ ਲਈ ਸਥਾਨਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ।ਉਨ੍ਹਾਂ ਆਖਿਆ ਕਿ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਉਪਕਰਨਾਂ ਨੂੰ ਲਗਾਤਾਰ ਚੱਲਦੇ ਰੱਖਣਾ ਠੀਕ ਨਹੀਂ ਹੈ।ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣੀ ਕੇਵਲ ਅਣਗਹਿਲੀ ਦਾ ਹਿੱਸਾ ਹੈ ਅਤੇ ਜੇਕਰ ਪ੍ਰਬੰਧਕੀ ਸੂਝ-ਬੂਝ ਦਿਖਾਈ ਜਾਵੇ ਤਾਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਰੁਕ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਿਜਲੀ ਉਪਕਰਨ ਲੋੜ ਅਨੁਸਾਰ ਚਲਾਉਣ ਦੀਆਂ ਅਪੀਲਾਂ ਦੇ ਬਾਵਜੂਦ ਵੀ ਪ੍ਰਬੰਧਕੀ ਅਣਗਹਿਲੀ ਚਿੰਤਾ ਦਾ ਵਿਸ਼ਾ ਹੈ।ਲੌਂਗੋਵਾਲ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਅਜਿਹੀਆਂ ਘਟਨਾਵਾਂ ਰੋਕਣ ਲਈ ਸਹਿਯੋਗ ਦੇਣ।
ਇਸੇ ਦੌਰਾਨ ਪ੍ਰਧਾਨ ਲੌਂਗੋਵਾਲ ਨੇ ਕਪੂਰਥਲਾ ਦੇ ਪਿੰਡ ਹਮੀਰਾ ਦੇ ਗੁਰਦੁਆਰਾ ਸਾਹਿਬ ’ਚ ਕੁਝ ਲੋਕਾਂ ਵੱਲੋਂ ਕੀਤੀ ਗਈ ਹੁਲੜਬਾਜ਼ੀ ਦਾ ਵੀ ਸਖ਼ਤ ਨੋਟਿਸ ਲਿਆ ਹੈ।ਉਨਾਂ ਨੇ ਗੁਰਦੁਆਰਾ ਸਾਹਿਬ ਦੀ ਮਰਯਾਦਾ ਭੰਗ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਪਾਸੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਗ੍ਰੰਥੀ ਸਿੰਘ ਦੀ ਕੁੱਟਮਾਰ ਕਰਨ ਵਾਲੇ ਲੋਕਾਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
Punjab Post Daily Online Newspaper & Print Media