ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪਰਿਵਾਰ ਨੂੰ ਕਰਜੇ ਦੇ ਭਾਰ ਤੋਂ ਮੁਕਤ ਕਰਨ ਦੇ ਸੁਪਨੇ ਲੈ ਕੇ ਰੋਜੀ ਰੋਟੀ ਕਮਾਉਣ ਦੁਬਈ ਪੁੱਜੇ
24 ਸਾਲਾ ਗੁਰਭੇਜ ਸਿੰਘ ਸਿੱਧੂ ਪੁੱਤਰ ਜਗਤਾਰ ਸਿੰਘ ਜੋ ਪਿਛਲੇ ਦਿਨੀਂ ਦੁਬਈ ਵਿਖੇ ਹੀ ਮੌਤ ਦੇ ਮੂੰਹ ਜਾ ਪਿਆ ਸੀ ਦੀ ਮ੍ਰਿਤਕ ਦੇਹ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ: ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ।
ਫਿਰੋਜਪੁਰ ਜ਼ਿਲ੍ਹੇ ਨਾਲ ਸੰਬੰਧਿਤ ਮ੍ਰਿਤਕ ਗੁਰਭੇਜ ਸਿੰਘ ਹਾਲੇ ਢਾਈ ਸਾਲ ਪਹਿਲਾਂ ਮਜਦੂਰੀ ਕਰਨ ਦੁਬਈ ਗਿਆ ਸੀ ਕਿ ਅਚਾਨਕ ਬੀਤੀ 29 ਮਈ ਨੂੰ ਪਤਾ ਲੱਗਾ ਕਿ ਉਸ ਦੀ ਮੌਤ ਹੋ ਗਈ ਹੈ।ਜਦ ਭਾਰਤ ਰਹਿੰਦੇ ਉਸਦੇ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਦੁਬਈ ਰਹਿੰਦੇ ਉਸ ਦੇ ਰਿਸ਼ਤੇਦਾਰਾਂ ਨੂੰ ਗੁਰਭੇਜ ਸਿੰਘ ਦੀ ਮੌਤ ਦੇ ਆਏ ਸੁਨੇਹੇ ਤੋਂ ਆਪਣੇ ਤੇ ਟੁੱਟੇ ਇਸ ਕਹਿਰ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਆਪਣੀ ਪਤਲੀ ਆਰਥਿਕ ਹਾਲਤ ਦਾ ਵਾਸਤਾ ਪਾਉਂਦਿਆਂ ਟਰੱਸਟ ਦੇ ਸਰਪ੍ਰਸਤ ਡਾ: ਓਬਰਾਏ ਨਾਲ ਸੰਪਰਕ ਕਰਕੇ ਗੁਰਭੇਜ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਅਰਜੋਈ ਕੀਤੀ ਸੀ, ਜਿਸ `ਤੇ ਕਾਰਵਾਈ ਕਰਦਿਆਂ ਡਾ: ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਮ੍ਰਿਤਕ ਦੇਹ ਨੂੰ ਵਤਨ ਭੇਜਿਆ ਹੈ।
ਹਵਾਈ ਅੱਡੇ `ਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਪ੍ਰਗਟ ਕਰਨ ਪੁੱਜੇ ਟਰੱਸਟ ਦੇ ਸੇਵਾਦਾਰ ਮਨਪ੍ਰੀਤ ਸਿੰਘ ਸੰਧੂ, ਨਵਜੀਤ ਸਿੰਘ ਘਈ, ਹਰਜਿੰਦਰ ਸਿੰਘ ਹੇਰ, ਸਿਸ਼ਪਾਲ ਸਿੰਘ ਲਾਡੀ, ਪਰਮਿੰਦਰ ਸਿੰਘ ਕੜਿਆਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਮ੍ਰਿਤਕ ਲੜਕੇ ਸਮੇਤ ਟਰੱਸਟ ਵਲੋਂ ਹੁਣ ਤੱਕ 117 ਬਦਨਸੀਬ ਨੌਜੁਆਨ ਮੁੰਡੇ ਕੁੜੀਆਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।ਗੁਰਭੇਜ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ ‘ਚ ਭਾਰਤੀ ਦੂਤਾਵਾਸ ਤੋਂ ਇਲਾਵਾ ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ।
ਇਸ ਸਮੇਂ ਬਲਵਿੰਦਰ ਸਿੰਘ ਤੋਂ ਇਲਾਵਾ ਮਾਮਾ ਭੁਪਿੰਦਰ ਸਿੰਘ, ਚਾਚਾ ਬਖਸੀਸ਼ ਸਿੰਘ, ਭਰਾ ਗੁਰਜੀਤ ਸਿੰਘ, ਦਲਜਿੰਦਰ ਸਿੰਘ, ਸਤਨਾਮ ਸਿੰਘ, ਜੀਜਾ ਸੁਖਵਿੰਦਰ ਸਿੰਘ ਤੇ ਅਮਰਬੀਰ ਸਿੰਘ ਆਦਿ ਪਰਿਵਾਰਕ ਮੈਂਬਰਾਂ ਨੇ ਐਸ.ਪੀ. ਐਸ ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਪਹਿਲੀ ਵਾਰ ਅਜਿਹਾ ਇਨਸਾਨ ਦੇਖਿਆ ਹੈ, ਜੋ ਬਿਨ੍ਹਾਂ ਕਿਸੇ ਸਵਾਰਥ ਦੇ ਲੋੜਵੰਦਾਂ ਦੀ ਵੱਡੀ ਤੋਂ ਵੱਡੀ ਮਦਦ ਕਰਨ ਲਈ ਹਮੇਸ਼ਾਂ ਤਿਆਰ ਰਹਿੰਦੇ ਹਨ।
Check Also
ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …
Punjab Post Daily Online Newspaper & Print Media