ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਪੁਲਿਸ ਵੱਲੋਂ ਇਕ
ਸਿੱਖ ਅਤੇ ਉਸ ਦੇ ਪੁੱਤਰ ਦੀ ਅਣਮਨੁੱਖੀ ਢੰਗ ਨਾਲ ਕੁਟਮਾਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਲੌਂਗੋਵਾਲ ਨੇ ਆਖਿਆ ਕਿ ਘੱਟ ਗਿਣਤੀ ਸਿੱਖਾਂ ਨਾਲ ਅਜਿਹਾ ਅਨਿਆਂ ਭਰਿਆ ਵਰਤਾਰਾ ਦੇਸ਼ ਦੇ ਮੱਥੇ ’ਤੇ ਕਲੰਕ ਹੈ, ਜਿਸ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।ਉਨ੍ਹਾਂ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਦੀ ਮੰਗ ਕੀਤੀ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੇਕਰ ਕਿਸੇ ਮਾਮਲੇ ਵਿਚ ਕੋਈ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਉਸ ਨਾਲ ਕਾਨੂੰਨੀ ਢੰਗ ਨਾਲ ਹੀ ਨਜਿੱਠਿਆ ਜਾਣਾ ਚਾਹੀਦਾ ਹੈ, ਨਾ ਕਿ ਅਣਮਨੁੱਖੀ ਤਸੀਹੇ ਦੇ ਕੇ।ਉਨ੍ਹਾਂ ਕਿਹਾ ਕਿ ਵਾਇਰਲ ਹੋਈ ਵੀਡੀਓ ਅਨੁਸਾਰ ਦਿੱਲੀ ਪੁਲਿਸ ਵੱਲੋਂ ਜਿਸ ਬੇਰਹਿਮੀ ਨਾਲ ਸਿੱਖ ਤੇ ਉਸ ਦੇ ਪੁੱਤਰ ਨੂੰ ਕੁੱਟਿਆ ਗਿਆ, ਉਸ ਦੀ ਸਖ਼ਤੀ ਨਾਲ ਜਾਂਚ ਪੜਤਾਲ ਹੋਣੀ ਚਾਹੀਦੀ ਹੈ।ਉਨਾਂ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਭੂਮਿਕਾ ਬੇਹੱਦ ਸ਼ਲਾਘਾਯੋਗ ਰਹੀ ਹੈ, ਜਿਸ ਨੇ ਪੀੜਤ ਸਿੱਖ ਪਰਿਵਾਰ ਦੀ ਮਦਦ ਲਈ ਠੋਸ ਕਦਮ ਉਠਾਏ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੇਸ਼ ਦੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਘੱਟਗਿਣਤੀ ਸਿੱਖਾਂ ’ਤੇ ਦੇਸ਼ ਅੰਦਰ ਹੁੰਦੇ ਅਜਿਹੇ ਮਾਰੂ ਹਮਲਿਆਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਅਤੇ ਹਰ ਸੂਬੇ ਦੀ ਸਰਕਾਰ ਨੂੰ ਸਖ਼ਤੀ ਨਾਲ ਹਦਾਇਤ ਕਰਨ ਤਾਂ ਜੋ ਦੇਸ਼ ਅੰਦਰ ਘੱਟ ਗਿਣਤੀ ਲੋਕਾਂ ਨਾਲ ਧੱਕਾ ਨਾ ਹੋਵੇ।ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੀਆਂ ਘਟਨਾਵਾਂ ਸਮੇਂ ਮੂਕ ਦਰਸ਼ਕ ਬਣ ਕੇ ਨਾ ਵੇਖਦੇ ਰਹਿਣ, ਸਗੋਂ ਹੋ ਰਹੇ ਅਨਿਆਂ ਨੂੰ ਰੋਕਣ ਲਈ ਇਕਜੁਟ ਹੋਣ ਕੇ ਅਵਾਜ਼ ਉਠਾਉਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਭਾਰਤ ਸਰਕਾਰ ਦੇ ਗ੍ਰਹਿ ਸਕੱਤਰ ਨੂੰ ਉਪਰੋਕਤ ਮਾਮਲੇ ਸਬੰਧੀ ਪੱਤਰ ਲਿਖ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪੱਤਰ ਰਾਹੀਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਦੀ ਰੋਕਥਾਮ ਲਈ ਢੁੱਕਵੇਂ ਕਦਮ ਉਠਾਉਣ ਲਈ ਵੀ ਕਿਹਾ ਗਿਆ ਹੈ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media