Tuesday, April 21, 2026

ਡਾ. ਓਬਰਾਏ ਦੇ ਯਤਨਾਂ ਨਾਲ ਵਤਨ ਪੁੱਜੇ ਦੋ ਨੌਜਵਾਨਾਂ ਦੇ ਮ੍ਰਿਤਕ ਸਰੀਰ

ਡਾ: ਓਬਰਾਏ ਵਲੋਂ ਕੀਤਾ ਪਰਉਪਕਾਰ ਰਹੇਗਾ ਹਮੇਸ਼ਾ ਯਾਦ – ਪੀੜ੍ਹਤ ਪਰਿਵਾਰ
ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ –  ਸੁਖਬੀਰ ਸਿੰਘ) –  ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ PUNJ1007201922ਦੁਬਈ ਗਏ 22 ਸਾਲਾ ਭੁਪਿੰਦਰ ਸਿੰਘ ਪੁੱਤਰ ਮੰਗਲ ਸਿੰਘ ਅਤੇ ਆਬੂਧਾਬੀ ਗਏ 24 ਸਾਲਾ ਇੰਦਰਜੀਤ ਸਿੰਘ ਪੁੱਤਰ ਸਤਨਾਮ ਸਿੰਘ ਦੀਆਂ ਮ੍ਰਿਤਕਾਂ ਦੇਹਾਂ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ: ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਨਾਲ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀਆਂ।
      ਗੁਰਦਾਸਪੁਰ ਜਿਲ੍ਹੇ ਦੇ ਪਿੰਡ ਹਕੀਮਪੁਰਾ ਨਾਲ ਸੰਬੰਧਿਤ ਮ੍ਰਿਤਕ ਭੁਪਿੰਦਰ ਸਿੰਘ ਬੀਤੀ 13 ਜੂਨ ਨੂੰ ਹੀ ਦੁਬਈ ਗਿਆ ਸੀ ਕਿ ਅਚਾਨਕ 29 ਜੂਨ ਨੂੰ ਕੇਵਲ 16 ਦਿਨ ਬਾਅਦ ਹੀ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ।ਇਸੇ ਤਰ੍ਹਾਂ ਅੰਮ੍ਰਿਤਸਰ ਸ਼ਹਿਰ ਦੀ ਬੁੱਕਲ `ਚ ਵੱਸਦੇ ਪਿੰਡ ਕਿਲ੍ਹਾ ਜੀਵਨ ਸਿੰਘ ਦਾ ਬਦਨਸੀਬ ਨੌਜਵਾਨ ਇੰਦਰਜੀਤ ਸਿੰਘ ਬੀਤੀ 19 ਮਾਰਚ ਨੂੰ ਆਪਣੀ ਛੁੱਟੀ ਕੱਟ ਕੇ ਆਬੂਧਾਬੀ ਗਿਆ ਸੀ ਕਿ ਅਚਾਨਕ 23 ਜੂਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਹੀ ਉਸ ਦੀ ਵੀ ਮੌਤ ਹੋ ਗਈ ਸੀ।
     ਜਦ ਭਾਰਤ ਰਹਿੰਦੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਆਪਣੇ ਜਿਗਰ ਦੇ ਟੋਟਿਆਂ ਦੀ ਮੌਤ ਦੇ ਮਿਲੇ ਸੁਨੇਹਿਆਂ ਤੋਂ ਆਪਣੇ ਤੇ ਟੁੱਟੇ ਕਹਿਰ ਦਾ ਪਤਾ ਲੱਗਾ ਤਾਂ ਦੋਹਾਂ ਪਰਿਵਾਰਾਂ ਨੇ ਮ੍ਰਿਤਕ ਸਰੀਰ ਵਾਪਸ ਲਿਆਉਣ ਲਈ ਆਪਣੀ ਬੇਵਸੀ ਦਾ ਹਵਾਲਾ ਦਿੰਦਿਆਂ ਡਾ. ਓਬਰਾਏ ਤੇ ਟਰੱਸਟ ਦੀਆਂ ਜ਼ਿਲ੍ਹਾ ਇਕਾਈਆਂ ਦੇ ਸੇਵਾਦਾਰਾਂ ਰਾਹੀਂ ਸੰਪਰਕ ਕਰਕੇ ਭੁਪਿੰਦਰ ਸਿੰਘ ਤੇ ਇੰਦਰਜੀਤ ਸਿੰਘ  ਦੀਆਂ ਮ੍ਰਿਤਕ ਦੇਹਾਂ ਭਾਰਤ ਭੇਜਣ ਦੀ ਅਰਜੋਈ ਕੀਤੀ ਸੀ, ਜਿਸਤੇ ਕਾਰਵਾਈ ਕਰਦਿਆਂ ਡਾ: ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਅੱਜ ਮ੍ਰਿਤਕ ਦੇਹਾਂ ਨੂੰ ਵਤਨ ਭੇਜਿਆ।
        ਹਵਾਈ ਅੱਡੇ ਤੇ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ  ਕਰਨ ਪੁੱਜੇ ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਸੁਖਦੀਪ ਸਿੱਧੂ, ਮਨਪ੍ਰੀਤ ਸਿੰਘ ਸੰਧੂ, ਨਵਜੀਤ ਸਿੰਘ ਘਈ, ਹਰਜਿੰਦਰ ਸਿੰਘ ਹੇਰ, ਸਿਸ਼ਪਾਲ ਸਿੰਘ ਲਾਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਮ੍ਰਿਤਕਾਂ ਸਮੇਤ ਟਰੱਸਟ ਵਲੋਂ ਹੁਣ ਤੱਕ 122 ਬਦਨਸੀਬ ਨੌਜੁਆਨ ਮੁੰਡੇ ਕੁੜੀਆਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।ਜਦ ਕਿ ਪਿਛਲੇ 25 ਦਿਨਾਂ ਅੰਦਰ ਹੀ ਟਰੱਸਟ ਵੱਲੋਂ 6 ਨੌਜਵਾਨਾਂ ਦੇ ਮ੍ਰਿਤਕ ਸਰੀਰ ਲਿਆਂਦੇ ਗਏ ਹਨ। ਭੁਪਿੰਦਰ ਤੇ ਇੰਦਰਜੀਤ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ `ਚ ਭਾਰਤੀ ਦੂਤਾਵਾਸ ਤੋਂ ਇਲਾਵਾ ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਵੀ ਜਿਕਰਯੋਗ ਭੂਮਿਕਾ ਨਿਭਾਈ ਹੈ।
ਇਸੇ ਦੌਰਾਨ ਪਰਿਵਾਰਕ ਮੈਂਬਰਾਂ ਨੇ ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਪਹਿਲੀ ਵਾਰ ਅਜਿਹਾ ਇਨਸਾਨ ਦੇਖਿਆ ਹੈ ਜੋ ਬਿਨ੍ਹਾਂ ਕਿਸੇ ਸਵਾਰਥ ਦੇ ਲੋੜਵੰਦਾਂ ਦੀ ਵੱਡੀ ਤੋਂ ਵੱਡੀ ਮਦਦ ਕਰਨ ਲਈ ਹਮੇਸ਼ਾਂ ਤਿਆਰ ਰਹਿੰਦੇ ਹਨ।ਉਨ੍ਹਾਂ ਨਮ ਅੱਖਾਂ ਨਾਲ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਡਾ: ਓਬਰਾਏ ਦੇ ਇਸ ਪਰਉਪਕਾਰ ਲਈ ਸਾਰੀ ਜਿੰਦਗੀ ਰਿਣੀ ਰਹੇਗਾ।

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …

Leave a Reply