ਪੇਂਡੂ ਸਹਿਕਾਰੀ ਸੁਸਾਇਟੀਆਂ, ਸਿੰਜਾਈ ਦੀ ਤੁਪਕਾ ਪ੍ਰਣਾਲੀ ਤੇ ਫਸਲੀ ਵਿਭਿੰਨਤਾ ਲਈ ਮੰਗਿਆ ਵਿਸ਼ੇਸ਼ ਪੈਕੇਜ
ਚੰਡੀਗੜ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਪੰਜਾਬ ਦੇ ਕਿਸਾਨਾਂ ਨਾਲ ਸਬੰਧਤ ਮਸਲਿਆਂ ਨੂੰ ਲੈ ਕੇ ਪੰਜਾਬ ਦੇ
ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਕੇਂਦਰੀ ਖੁਰਾਕ, ਜਨਤਕ ਵੰਡ ਤੇ ਉਪਭੋਗਤਾ ਮਾਮਲਿਆਂ ਬਾਰੇ ਮੰਤਰੀ ਰਾਮ ਵਿਲਾਸ ਪਾਸਵਾਨ ਮੰਤਰੀ ਨਾਲ ਮੁਲਾਕਾਤ ਕੀਤੀ।
ਸਰਕਾਰੀ ਬੁਲਾਰੇ ਵਲੋਂ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਗਿਆ ਕਿ ਰੰਧਾਵਾ ਨੇ ਸ੍ਰੀ ਤੋਮਰ ਨਾਲ ਉਨ੍ਹਾਂ ਦੇ ਸੰਸਦ ਭਵਨ ਸਥਿਤ ਦਫਤਰ ਵਿਖੇ ਪੰਜਾਬ ਦੇ ਸਹਿਕਾਰੀ ਅਦਾਰਿਆਂ ਮਾਰਕਫੈਡ, ਮਿਲਕਫੈਡ ਅਤੇ ਸ਼ੂਗਰਫੈੱਡ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮਸਲਿਆਂ ਬਾਰੇ ਮੀਟਿੰਗ ਕੀਤੀ। ਸਹਿਕਾਰਤਾ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਇਨ੍ਹਾਂ ਅਦਾਰਿਆਂ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਸਬੰਧੀ ਵੇਰਵੇ ਸਹਿਤ ਦੱਸਦਿਆਂ ਪੰਜਾਬ ਦੀਆਂ ਪੇਂਡੂ ਸਹਿਕਾਰੀ ਖੇਤੀਬਾੜੀ ਸੁਸਾਇਟੀਆਂ ਖਾਸ ਕਰਕੇ ਸਰਹੱਦੀ ਖੇਤਰ ਵਿੱਚ ਸਥਿਤ ਸੁਸਾਇਟੀਆਂ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਉਨ੍ਹਾਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਸੂਬੇ ਵਿੱਚ ਪਾਣੀ ਦੀ ਬੱਚਤ ਲਈ ਸਿੰਜਾਈ ਦੀ ਤੁਪਕਾ ਪ੍ਰਣਾਲੀ ਲਾਗੂ ਕਰਨ ਅਤੇ ਖੇਤੀਬਾੜੀ ਵਿਭਿੰਨਤਾ ਲਈ ਵੀ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ।
ਰੰਧਾਵਾ ਨੇ ਕੇਂਦਰੀ ਮੰਤਰੀ ਨੂੰ ਸਹਿਕਾਰੀ ਵਿਭਾਗ ਵੱਲੋਂ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ ਰਾਹੀਂ ਕੀਤੇ ਜਾ ਰਹੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਕਿਸਾਨੀ ਨੂੰ ਸੰਕਟ ਵਿੱਚੋਂ ਕੱਢਣ ਲਈ ਸਹਿਯੋਗ ਦੀ ਮੰਗ ਕਰਦਿਆਂ ਉਕਤ ਮਸਲਿਆਂ ਸਬੰਧੀ ਵਿਚਾਰ ਕਰਨ ਲਈ ਤੋਮਰ ਨੂੰ ਵਿਸ਼ੇਸ਼ ਮੀਟਿੰਗ ਲਈ ਸਮਾਂ ਦੇਣ ਦੀ ਬੇਨਤੀ ਕੀਤੀ ਜਿਸ ਬਾਰੇ ਕੇਂਦਰੀ ਮੰਤਰੀ ਨੇ ਕਿਹਾ ਕਿ ਉਹ 26 ਜੁਲਾਈ ਨੂੰ ਸੰਸਦ ਦਾ ਸੈਸ਼ਨ ਖਤਮ ਹੋਣ ਤੋਂ ਬਾਅਦ ਇਸ ਸਬੰਧੀ ਮੀਟਿੰਗ ਕਰਨਗੇ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨਾਂ ਦੀ ਭਲਾਈ ਸਬੰਧੀ ਮਸਲੇ ਪਹਿਲ ਦੇ ਅਧਾਰ `ਤੇ ਹੱਲ ਕੀਤੇ ਜਾਣਗੇ।
ਇਸ ਤੋਂ ਇਲਾਵਾ ਸਹਿਕਾਰਤਾ ਮੰਤਰੀ ਰੰਧਾਵਾ ਨੇ ਕ੍ਰਿਸ਼ੀ ਭਵਨ ਵਿਖੇ ਕੇਂਦਰੀ ਖੁਰਾਕ, ਜਨਤਕ ਵੰਡ ਤੇ ਉਪਭੋਗਤਾ ਮਾਮਲਿਆਂ ਬਾਰੇ ਮੰਤਰੀ ਸ੍ਰੀ ਰਾਮ ਵਿਲਾਸ ਪਾਸਵਾਨ ਮੰਤਰੀ ਨਾਲ ਮੁਲਾਕਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਖੇਤਰ ਦੇ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਗੁਰਦਾਸਪੁਰ ਅਤੇ ਬਟਾਲਾ ਵਿਖੇ ਆਧੁਨਿਕ ਤਕਨੀਕ ਦੇ ਸ਼ੂਗਰ ਕੰਪਲੈਕਸ ਜਿਸ ਵਿੱਚ ਖੰਡ ਦੇ ਉਤਪਾਦਨ ਤੋਂ ਇਲਾਵਾ ਇਥਨੋਲ, ਬਿਜਲੀ, ਸੀ.ਏ.ਐਨ.ਜੀ. ਦੇ ਉਤਪਾਦਨ ਲਈ ਵੀ ਪਲਾਂਟ ਲਗਾਏ ਜਾ ਰਹੇ ਹਨ ਜਿਸ ਲਈ ਉਨ੍ਹਾਂ ਸ੍ਰੀ ਪਾਸਵਾਨ ਨੂੰ ਐਸ.ਡੀ.ਐਫ. ਰਾਹੀਂ ਫੰਡ ਜਾਰੀ ਕਰਨ ਦੀ ਬੇਨਤੀ ਕੀਤੀ।
ਰੰਧਾਵਾ ਨੇ ਭੋਗਪੁਰ ਮਿੱਲ ਨੂੰ ਐਸ.ਡੀ.ਐਫ ਦਾ ਕਰਜਾ ਛੇਤੀ ਜਾਰੀ ਕਰਵਾਉਣ ਅਤੇ ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਐਕਸਪੋਰਟ ਸਬਸਿਡੀ ਅਤੇ ਦੂਜੀਆਂ ਸਬਸਿਡੀਆਂ ਛੇਤੀ ਜਾਰੀ ਕਰਵਾਉਣ ਲਈ ਕਿਹਾ ਤਾਂ ਜੋ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਕੀਮਤ ਦੀ ਬਕਾਇਆ ਰਾਸ਼ੀ ਛੇਤੀ ਜਾਰੀ ਕੀਤੀ ਜਾ ਸਕੇ।ਪਾਸਵਾਨ ਵੱਲੋਂ ਰੰਧਾਵਾ ਨੂੰ ਉਪਰੋਕਤ ਮਸਲਿਆਂ ਨੂੰ ਛੇਤੀ ਹੱਲ ਕਰਨ ਦਾ ਭਰੋਸਾ ਦਿੰਦੇ ਹੋਏ ਦੱਸਿਆ ਗਿਆ ਕਿ ਉਨ੍ਹਾਂ ਵੱਲੋਂ ਕਿਸਾਨਾਂ ਖਾਸ ਕਰਕੇ ਸਰਹੱਦੀ ਖੇਤਰ ਨਾਲ ਸਬੰਧਤ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ।
ਇਸ ਮੌਕੇ ਨੈਸ਼ਨਲ ਫੈਡਰੇਸ਼ਨ ਆਫ ਕੋਆਪਰੇਸ਼ਨ (ਸ਼ੂਗਰ ਫੈਕਟਰੀਜ਼) ਦੇ ਪ੍ਰਬੰਧਕੀ ਨਿਰਦੇਸ਼ਕ ਪ੍ਰਕਾਸ਼ ਨਾਇਕਨਵਾਰੇ, ਸ਼ੂਗਰਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਦਵਿੰਦਰ ਸਿੰਘ, ਜਨਰਲ ਮੈਨੇਜਰ ਹਰਬਖ਼ਸ਼ ਸਿੰਘ, ਖੰਡ ਮਿੱਲ ਬਟਾਲਾ ਦੇ ਜਨਰਲ ਮੈਨੇਜਰ ਡਾ. ਐਸ.ਪੀ ਸਿੰਘ, ਖੰਡ ਮਿੱਲ ਗੁਰਦਾਸਪੁਰ ਦੇ ਜਨਰਲ ਮੈਨੇਜਰ ਸ੍ਰੀ ਸੁਰਿੰਦਰਪਾਲ ਅਤੇ ਸ਼ੂਗਰਫੈਡ ਦੇ ਡਿਪਟੀ ਚੀਫ ਇੰਜਨੀਅਰ ਕੰਵਲਜੀਤ ਸਿੰਘ ਵੀ ਹਾਜ਼ਰ ਸਨ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media