ਸਹਿਕਾਰਤਾ ਮੰਤਰੀ ਨੇ ਸ਼ੂਗਰਫੈਡ ਵਲੋਂ ਬਣਾਇਆ ਪੰਜਾਬ ਸ਼ੂਗਰਕੇਨ ਫਾਰਮਰਜ਼ ਕਲੱਬ ਕੀਤਾ ਲਾਂਚ
ਚੰਡੀਗੜ੍ਹ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਕਿਸਾਨਾਂ ਨੂੰ ਸੰਕਟ ਵਿੱਚੋਂ ਉਭਾਰਨ ਅਤੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਗੰਨੇ ਦੀ ਖੇਤੀ ਅਹਿਮ ਯੋਗਦਾਨ ਪਾ ਸਕਦੀ ਹੈ ਜਿਸ ਲਈ ਪੰਜਾਬ ਸਰਕਾਰ ਵੱਲੋਂ ਗੰਨੇ ਦੀ ਖੇਤੀ ਨੂੰ ਪ੍ਰੋਤਸਾਹਨ ਦੇਣ ਅਤੇ ਇਸ ਦੀ ਕਾਸ਼ਤ ਲਈ ਨਵੀਆਂ ਤਕਨੀਕਾਂ ਨੂੰ ਅਪਣਾਉਣ ਲਈ ਕਲਾਨੌਰ ਵਿਖੇ ਅਤਿ ਆਧੁਨਿਕ ਸ਼ੂਗਰਕੇਨ ਰਿਸਰਚ ਐਂਡ ਟਰੇਨਿੰਗ ਇੰਸਟੀਚਿਊਟ ਬਣਾਉਣ ਜਾ ਰਹੀ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਗੰਨੇ ਦੀ ਖੇਤੀ ਨਾਲ ਜੁੜੇ ਮਾਹਿਰਾਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੇ ਦੇਸ਼ ਦੇ ਸਿਖਰਲੇ ਸ਼ੂਗਰਕੇਨ ਇੰਸਟੀਚਿਊਟ ਦੇ ਵਿਗਿਆਨੀਆਂ ਨਾਲ ਕੀਤੀ ਮੀਟਿੰਗ ਉਪਰੰਤ ਕੀਤਾ।
ਰੰਧਾਵਾ ਨੇ ਦੱਸਿਆ ਕਿ ਗੰਨੇ ਦੀ ਪੈਦਾਵਾਰ ਵਧਾ ਕੇ ਗੰਨਾ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਅਤੇ ਸਹਿਕਾਰੀ ਖੰਡ ਮਿੱਲਾਂ ਵਿੱਚ ਚੀਨੀ ਦਾ ਉਤਪਾਦਨ ਵਧਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਦਿਸ਼ਾਂ ਨਿਰਦੇਸ਼ ਤਹਿਤ ਕਲਾਨੌਰ ਵਿਖੇ ਇਕ ਵਿਸ਼ਵ ਪੱਧਰੀ ਇੰਸਟੀਚਿਊਟ ਸਥਾਪਨ ਕੀਤਾ ਜਾ ਰਿਹਾ ਹੈ ਜਿਸ ਦੀ ਰੂਪ ਰੇਖਾ ਉਲੀਕਣ ਲਈ ਸ਼ੂਗਰਫੈਡ ਦੇ ਅਧਿਕਾਰੀਆਂ ਅਤੇ ਗੰਨੇ ਦੀ ਖੇਤੀ ਨਾਲ ਜੁੜੇ ਵਿਗਿਆਨਕਾਂ ਦੀ ਇਕ ਟੀਮ ਵੱਲੋਂ ਪਿਛਲੇ ਸਮੇਂ ਵਿੱਚ ਵਸੰਤਦਾਦਾ ਸ਼ੂਗਰ ਇੰਸਟੀਚਿਊਟ ਪੁਣੇ ਦਾ ਦੌਰਾ ਕੀਤਾ ਗਿਆ ਅਤੇ ਅੱਜ ਦੀ ਮੀਟਿੰਗ ਵਿੱਚ ਉਸ ਟੀਮ ਵੱਲੋਂ ਦਿੱਤੀ ਪੇਸ਼ਕਾਰੀ ਉਤੇ ਵਿਚਾਰ ਵਟਾਂਦਰਾ ਕੀਤਾ ਗਿਆ।ਰੰਧਾਵਾ ਨੇ ਕਿਹਾ ਕਿ ਮੀਟਿੰਗ ਵਿੱਚ ਪੰਜ ਮਾਹਿਰਾਂ ਦੀ ਇਕ ਟੀਮ ਬਣਾਉਣ ਦਾ ਫੈਸਲਾ ਕੀਤਾ ਗਿਆ ਜੋ 15 ਦਿਨਾਂ ਦੇ ਅੰਦਰ ਇਸ ਇੰਸਟੀਚਿਊਟ ਦੀ ਸਥਾਪਨਾ ਲਈ ਆਪਣੀ ਰਿਪੋਰਟ ਪੇਸ਼ ਕਰੇਗੀ।ਇਸ ਟੀਮ ਵਿੱਚ ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ ਕੋਇੰਬਟੂਰ ਦੇ ਡਾਇਰੈਕਟਰ ਡਾ. ਬਖਸ਼ੀ ਰਾਮ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਡਾ.ਬੀ.ਐਸ.ਢਿੱਲੋਂ, ਨੈਸ਼ਨਲ ਫੈਡਰੇਸ਼ਨ ਆਫ ਕੋਆਪਰੇਟਿਵ ਸ਼ੂਗਰ ਫੈਕਟਰੀਜ਼ ਲਿਮਟਿਡ ਦੇ ਸਲਾਹਕਾਰ ਸ੍ਰੀ ਆਰ.ਬੀ.ਡੌਲੇ, ਸ਼ੂਗਰਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਦਵਿੰਦਰ ਸਿੰਘ ਤੇ ਰਾਣਾ ਸ਼ੂਗਰ ਮਿੱਲ ਦੇ ਪ੍ਰਬੰਧਕੀ ਨਿਰਦੇਸ਼ਕ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।
ਸਹਿਕਾਰਤਾ ਮੰਤਰੀ ਨੇ ਕਿਹਾ ਕਿ ਕਿਸਾਨੀ ਅਤੇ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਫਸਲੀ ਵਿਭਿੰਨਤਾ ਨੂੰ ਅਪਣਾਉਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਗੰਨੇ ਦੀ ਖੇਤੀ ਪੰਜਾਬ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋ ਸਕਦੀ ਹੈ ਜਿਸ ਲਈ ਇਸ ਦੀਆਂ ਅਤਿ-ਆਧੁਨਿਕ ਖੋਜਾਂ ਲਈ ਚੰਗੇ ਇੰਸਟੀਚਿਊਟ ਦੀ ਸਥਾਪਨਾ ਜ਼ਰੂਰੀ ਸੀ।ਉਨ੍ਹਾਂ ਕਿਹਾ ਕਿ ਇਸ ਇੰਸਟੀਚਿਊਟ ਦੇ ਬਣਨ ਨਾਲ ਗੰਨੇ ਦੀ ਖੇਤੀ ਦਾ ਚੋਖਾ ਝਾੜ ਹੋਵੇਗਾ।ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਇੰਸਟੀਚਿਊਟ ਦੀ ਸਥਾਪਨਾ ਲਈ ਤੇਜ਼ੀ ਨਾਲ ਕਦਮ ਚੁੱਕੇ ਜਾਣ।
ਮੀਟਿੰਗ ਦੌਰਾਨ ਰੰਧਾਵਾ ਵਲੋਂ ਸ਼ੂਗਰਫੈਡ ਵਲੋਂ ਰਜਿਸਟਰਡ ਕਰਵਾਏ ਪੰਜਾਬ ਸ਼ੂਗਰਕੇਨ ਕਲੱਬ ਦੇ ਸਰਟੀਫਿਕੇਟ ਨੂੰ ਜਾਰੀ ਕੀਤਾ ਗਿਆ। ਇਸ ਕਲੱਬ ਵਿੱਚ ਸਮੂਹ ਮਿਲਾਂ ਦੇ ਘੱਟੋ-ਘੱਟ 50 ਅਗਾਂਹਵਧੂ ਗੰਨਾ ਕਾਸ਼ਤਕਾਰ, ਜੀ.ਐਮ, ਅਤੇ ਸੀ.ਸੀ.ਡੀ.ਓ ਮੈਂਬਰ ਲਏ ਜਾਣਗੇ। ਇਸ ਤੋਂ ਇਲਾਵਾ ਕੁੱਝ ਅਧਿਕਾਰੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕੇਨ ਕਮਿਸ਼ਨਰ ਦੇ ਨੁਮਾਇੰਦਿਆਂ ਤੋਂ ਇਲਾਵਾ ਸਹਿਕਾਰਤਾ ਵਿਭਾਗ ਦੇ ਅਦਾਰੇ ਮਿਲਕਫੈਡ, ਮਾਰਕਫੈਡ ਅਤੇ ਨਾਬਾਰਡ ਦੇ ਮੈਂਬਰ ਵੀ ਲਏ ਜਾਣ ਦਾ ਵਿਚਾਰ ਹੈ। ਇਹ ਕਲੱਬ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਦੀ ਬਿਹਤਰੀ ਲਈ ਕੰਮ ਕਰੇਗਾ ਅਤੇ ਗੰਨੇ ਦੀ ਖੇਤੀ ਦੇ ਤਜ਼ਰਬੇ ਭਾਰਤ ਦੇ ਦੂਜੇ ਸੂਬਿਆਂ ਨਾਲ ਸਾਂਝੇ ਕਰਨ ਤਹਿਤ ਗੰਨਾ ਕਾਸ਼ਤਕਾਰਾਂ ਨੂੰ ਸਿਖਲਾਈ ਦਿੱਤੇ ਜਾਣ ਦਾ ਪ੍ਰਬੰਧ ਕਰੇਗਾ।ਇਹ ਕਲੱਬ ਗੰਨਾ ਕਾਸ਼ਤਕਾਰਾਂ ਨੂੰ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਪ੍ਰਾਪਤ ਕਰ ਕੇ ਗੰਨਾ ਕਾਸ਼ਤਕਾਰਾਂ ਨੂੰ ਇਸ ਦਾ ਲਾਭ ਦਿਵਾਏਗਾ। ਗੰਨਾ ਕਾਸ਼ਤਕਾਰਾਂ ਦੀਆਂ ਮੁਸ਼ਕਲਾਂ ਬਾਰੇ ਸਰਕਾਰ ਨੂੰ ਜਾਣੂ ਕਰਵਾਏਗਾ।
ਇਸ ਮੌਕੇ ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਵਿਧਾਇਕ ਕੁਲਬੀਰ ਸਿੰਘ ਜ਼ੀਰਾ ਤੇ ਬਰਿੰਦਰਮੀਤ ਸਿੰਘ ਪਾਹੜਾ, ਵਧੀਕ ਮੁੱਖ ਸਕੱਤਰ ਸਹਿਕਾਰਤਾ ਵਿਸਵਾਜੀਤ ਖੰਨਾ, ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ, ਸਕੱਤਰ ਖਰਚਾ ਵੀ.ਐਨ ਜ਼ਾਦੇ, ਸ਼ੂਗਰਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਦਵਿੰਦਰ ਸਿੰਘ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ ਕੋਇੰਬਟੂਰ ਦੇ ਡਾਇਰੈਕਟਰ ਡਾ. ਬਖਸ਼ੀ ਰਾਮ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਡਾ.ਬੀ.ਐਸ.ਢਿੱਲੋਂ, ਨੈਸ਼ਨਲ ਫੈਡਰੇਸ਼ਨ ਆਫ ਕੋਆਪਰੇਟਿਵ ਸ਼ੂਗਰ ਫੈਕਟਰੀਜ਼ ਲਿਮ. ਦੇ ਸਲਾਹਕਾਰ ਆਰ.ਬੀ.ਡੌਲੇ, ਕੇਨ ਕਮਿਸ਼ਨਰ ਜਸਵੰਤ ਸਿੰਘ, ਰਾਣਾ ਸ਼ੂਗਰ ਮਿੱਲ ਦੇ ਪ੍ਰਬੰਧਕੀ ਨਿਰਦੇਸ਼ਕ ਰਾਣਾ ਇੰਦਰ ਪ੍ਰਤਾਪ ਸਿੰਘ, ਡਾ. ਕੇ.ਐਸ ਥਿੰਦ, ਸਹਾਇਕ ਕੇਨ ਕਮਿਸ਼ਨਰ ਵਿਜੇ ਕੁਮਾਰ, ਡਾ. ਗੁਲਜ਼ਾਰ ਸਿੰਘ ਸੰਘੇੜਾ, ਸ਼ੂਗਰਫੈਡ ਦੇ ਜਨਰਲ ਮੈਨੇਜਰ ਹਰਬਖਸ਼ ਸਿੰਘ, ਡਿਪਟੀ ਚੀਫ ਇੰਜਨੀਅਰ ਕੰਵਲਜੀਤ ਸਿੰਘ, ਡਾ. ਐਸ.ਪੀ ਸਿੰਘ ਆਦਿ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ‘ਲਿਖ ਨੀ ਕਲਮੇ ਮੇਰੀਏ’ ਪੁਸਤਕ ਲੋਕ ਅਰਪਿਤ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ …