ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਜ਼ਿਲ੍ਹਾ ਕਸੂਰ ਦੇ ਕਸਬਾ ਕੰਗਨਪੁਰ ’ਚ ਸਥਿਤ ਗੁਰਦੁਆਰਾ ਛੋਟਾ ਨਨਕਾਣਾ ਸਾਹਿਬ ਨੂੰ ਕਬਜ਼ਾ ਧਾਰਕਾਂ ਕੋਲੋਂ ਛੁਡਵਾ ਕੇ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹਿਆ ਜਾਵੇ।ਕੁੱਝ ਅਖ਼ਬਾਰਾਂ ਵਿਚ ਇਸ ਸਬੰਧੀ ਛਪੀ ਖ਼ਬਰ ਮਗਰੋਂ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ਅੰਦਰ ਬਹੁਤ ਸਾਰੇ ਗੁਰਧਾਮ ਮੌਜੂਦ ਹਨ, ਜਿਨ੍ਹਾਂ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ, ਇਨ੍ਹਾਂ ਦੀ ਸੁਰੱਖਿਆ ਅਤੇ ਰਖਵਾਲੀ ਕਰਨਾ ਉਥੇ ਦੀ ਸਰਕਾਰ ਦਾ ਫ਼ਰਜ਼ ਹੈ।ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਕਸਬਾ ਕੰਗਨਪੁਰ ’ਚ ਸਥਿਤ ਅਸਥਾਨ ਨੂੰ ਕਬਜ਼ਾ ਮੁਕਤ ਕਰਵਾ ਕੇ ਸੰਗਤ ਅਰਪਣ ਕੀਤਾ ਜਾਵੇ। ਇਸ ਸਬੰਧੀ ਜ਼ਾਰੀ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਉਸਾਰੇ ਗਏ ਗੁਰਦੁਆਰਾ ਛੋਟਾ ਨਨਕਾਣਾ ਸਾਹਿਬ ਕੰਗਨਪੁਰ ਕਸੂਰ ਵਿਚ 1947 ਦੀ ਵੰਡ ਵੇਲੇ ਇਕ ਪਰਿਵਾਰ ਆਣ ਕੇ ਠਹਿਰਿਆ ਸੀ, ਜੋ ਅਜੇ ਵੀ ਗੁਰਦੁਆਰਾ ਸਾਹਿਬ ਦੀ ਇਮਾਰਤ ਵਿਚ ਰਹਿ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧੀ ਪਾਕਿਸਤਾਨ ਸਰਕਾਰ ਨੂੰ ਪੱਤਰ ਲਿਖਿਆ ਜਾ ਰਿਹਾ ਹੈ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media