ਟਰਾਂਸਪੋਰਟ ਮੰਤਰੀ ਨੇ ਪੰਜਾਬ ਸੜਕ ਸੁਰੱਖਿਆ ਕੌਂਸਲ ਦੀ 6ਵੀਂ ਮੀਟਿੰਗ ਦੀ ਕੀਤੀ ਪ੍ਰਧਾਨਗੀ
ਚੰਡੀਗੜ, 14 ਅਗਸਤ (ਪੰਜਾਬ ਪੋਸਟ ਬਿਊਰੋ) – ਟਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਠੱਲ ਪਾਉਣ ਅਤੇ ਵਾਹਨ ਚਾਲਕਾਂ ਦਰਮਿਆਨ ਟਰੈਫਿਕ ਨਿਯਮਾਂ ਨੂੰ
ਸਖ਼ਤੀ ਨਾਲ ਲਾਗੂ ਕਰਨ ਦੇ ਮੱਦੇਨਜ਼ਰ ਟਰਾਂਸਪੋਰਟ ਵਿਭਾਗ ਨੇ ਈ-ਚਲਾਨ ਮਸ਼ੀਨਾਂ ਖਰੀਦਣ ਦਾ ਫੈਸਲਾ ਕੀਤਾ ਹੈ ਜੋ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਮੌਕੇ `ਤੇ ਚਲਾਨ ਕਰਨ ਲਈ ਟਰੈਫਿਕ ਪੁਲਿਸ ਨੂੰ ਪ੍ਰਦਾਨ ਕੀਤੀਆਂ ਜਾਣਗੀਆਂ।
ਇਹ ਜਾਣਕਾਰੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਪੰਜਾਬ ਭਵਨ, ਚੰਡੀਗੜ ਵਿਖੇ ਪੰਜਾਬ ਸੜਕ ਸੁਰੱਖਿਆ ਕੌਂਸਲ ਦੀ 6ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਉਹਨਾਂ ਕਿਹਾ ਕਿ ਜਲਦ ਹੀ ਰੋਡ ਸੇਫਟੀ ਸਕੱਤਰੇਤ ਦੀ ਸਥਾਪਨਾ ਕੀਤੀ ਜਾਏਗੀ, ਜਿਸ ਦਾ ਪ੍ਰਬੰਧ ਸੜਕ ਸੁਰੱਖਿਆ ਮਾਹਰ ਕਰਨਗੇ।ਇਹ ਸਕੱਤਰੇਤ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸੂਬੇ ਦੀਆਂ ਮੁੱਖ ਸੜਕਾਂ ਉਤੇ ਵਾਹਨਾਂ ਦੀ ਆਵਾਜਾਈ `ਤੇ ਨਜ਼ਰ ਰੱਖੇਗਾ।
ਇਥੇ ਜਾਰੀ ਇਕ ਪ੍ਰੈਸ ਬਿਆਨ ਵਿਚ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਇਹ ਈ-ਚਲਾਨ ਮਸ਼ੀਨਾਂ ਵਾਇਰਲੈਸ ਬਲੂਟੁੱਥ, ਸਟੇਸ਼ਨਰੀ ਅਤੇ ਪ੍ਰਿੰਟਰ ਦੇ ਨਾਲ ਮੁਹੱਈਆ ਕਰਵਾਈਆਂ ਜਾਣਗੀਆਂ।ਉਹਨਾਂ ਦੱਸਿਆ ਕਿ ਪੰਜਾਬ ਵਿਚ ਵਧੇਰੇ ਦੁਰਘਟਨਾਵਾਂ ਵਾਲੀਆਂ 200 ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ।ਟਰਾਂਸਪੋਰਟ ਵਿਭਾਗ ਵਲੋਂ 20 ਲੱਖ ਤੋਂ 30 ਲੱਖ ਰੁਪਏ ਹਰੇਕ ਥਾਂ `ਤੇ ਖਰਚ ਕਰਕੇ ਪੜਾਵਾਰ ਢੰਗ ਨਾਲ ਇਹਨਾਂ ਥਾਵਾਂ ਦਾ ਸੁਧਾਰ ਕੀਤਾ ਜਾਵੇਗਾ।ਉਹਨਾਂ ਅੱਗੇ ਦੱਸਿਆ ਕਿ ਮੁੱਖ ਮਾਗਰ ਨਾਲ ਮਿਲਣ ਵਾਲੀਆਂ ਵੱਖ-ਵੱਖ ਸਾਈਡ ਸੜਕਾਂ ਦੇ ਗੁੰਝਲਦਾਰ ਐਂਟਰੀ ਪੁਆਇੰਟਾਂ ਅਤੇ ਜੋੜਾਂ ਵਿਚ ਸੋਧ ਕਰਨ ਤੋਂ ਇਲਾਵਾ ਸੜਕਾਂ `ਤੇ ਰੰਬਲ (ਰੋਕਾਂ) ਅਤੇ ਲੋਹੋ ਦੇ ਐਂਗਲ ਲਗਾਏ ਜਾਣਗੇ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਵਿੱਚ ਓਵਰਲੋਡਿਡ ਵਾਹਨਾਂ ਦੇ ਆਉਣ-ਜਾਣ ਨੂੰ ਰੋਕਣ ਲਈ ਭਾਰ ਤੋਲਣ ਵਾਲੀਆਂ ਮਸ਼ੀਨਾਂ ਲਾਜ਼ਮੀ ਹੋਣੀਆਂ ਚਾਹੀਦੀਆਂ ਹਨ।ਜੇਕਰ ਇੱਕ ਓਵਰਲੋਡਿਡ ਵਾਹਨ ਦਾ ਚਲਾਨ ਹੋ ਗਿਆ ਤਾਂ ਉਸ ਵਾਹਨ ਨੂੰ ਅੱਗੇ ਜਾਣ ਦੀ ਆਗਿਆ ਨਹੀਂ ਦਿੱਤੀ ਜਾਣੀ ਚਾਹੀਦੀ।
ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ.ਸ਼ਿਵਾ ਪ੍ਰਸਾਦ ਨੇ ਮੰਤਰੀ ਨੂੰ ਦੱਸਿਆ ਕਿ ਖੂਨ ਵਿਚ ਅਲਕੋਹਲ ਦੇ ਪੱਧਰ ਦੀ ਜਾਂਚ ਕਰਨ ਲਈ 195 ਸਾਹ ਦੀ ਜਾਂਚ ਕਰਨ ਵਾਲੀਆਂ ਮਸ਼ੀਨਾਂ ਖਰੀਦੀਆਂ ਗਈਆ। ਇਸੇ ਤਰਾਂ 56 ਸਪੀਡ ਗੰਨਾਂ ਖਰੀਦਣ ਲਈ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।
ਏ.ਡੀ.ਜੀ.ਪੀ ਟਰੈਫਿਕ ਡਾ. ਸ਼ਰਦ ਚੌਹਾਨ ਨੇ ਟਰਾਂਸਪੋਰਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਸੜਕ ਹਾਦਸਿਆਂ ਦੌਰਾਨ ਪੀੜਤਾਂ ਨੂੰ ਤੁਰੰਤ ਰਾਹਤ ਅਤੇ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ 100 ਐਂਬੂਲੈਂਸਾਂ ਪੁਲਿਸ ਵਿਭਾਗ ਕੋਲ ਪਹਿਲਾਂ ਹੀ ਮੌਜੂਦ ਹਨ। ਟਰਾਂਸਪੋਰਟ ਮੰਤਰੀ ਨੇ ਏਡੀਜੀਪੀ ਨੂੰ ਸਿਹਤ ਵਿਭਾਗ ਨਾਲ ਵੀ ਤਾਲਮੇਲ ਕਰਨ ਦੀ ਹਦਾਇਤ ਕੀਤੀ ਜੋ ਸੜਕ ਹਾਦਸਿਆਂ ਵਿੱਚ ਪੀੜਤ ਵਿਅਕਤੀ ਨੂੰ ਐਮਰਜੈਂਸੀ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਹਾਈਵੇਅ `ਤੇ 108 ਐਂਬੂਲੈਂਸ ਸੇਵਾ ਪ੍ਰਦਾਨ ਕਰ ਰਹੀ ਹੈ।
ਮੀਟਿੰਗ ਵਿੱਚ ਸਟੇਟ ਟਰਾਂਸਪੋਰਟ ਕਮਿਸ਼ਨਰ ਦਿਲਰਾਜ ਸਿੰਘ, ਸਕੂਲ ਸਿੱਖਿਆ ਦੇ ਵਿਸ਼ੇਸ਼ ਸਕੱਤਰ ਮਨਵੇਸ਼ ਸਿੰਘ ਸਿੱਧੂ, ਡੀ.ਪੀ.ਆਈ ਡਾ. ਜਗਦੀਪ ਸਿੰਘ, ਪੀ.ਆਰ.ਬੀ.ਡੀ.ਬੀ ਤੋਂ ਕਰਮਜੀਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media