ਹਜ਼ਾਰੀ ਬਾਗ ਤੋਂ ਨਗਰ ਕੀਰਤਨ ਦੀ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਇਤਿਹਾਸਕ ਅੰਤਰਰਾਸ਼ਟਰੀ ਨਗਰ ਕੀਰਤਨ ਆਪਣੇ ਅਗਲੇ ਪੜਾਅ ਵੱਲ ਵੱਧਦਾ ਹੋਇਆ ਝਾਰਖੰਡ ’ਚ ਪੈਂਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਜ਼ਾਰੀ ਬਾਗ ਤੋਂ ਧੰਨਬਾਦ ਲਈ ਰਵਾਨਾ ਹੋਇਆ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਅਨੁਸਾਰ ਨਗਰ ਕੀਰਤਨ ਦੀ ਰਵਾਨਗੀ ਸਮੇਂ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।ਇਥੇ ਝਾਰਖੰਡ ਸੂਬੇ ਦੇ ਘੱਟ ਗਿਣਤੀ ਕਮਿਸ਼ਨ ਦੇ ਉਪ-ਚੇਅਰਮੈਨ ਗੁਰਵਿੰਦਰ ਸਿੰਘ ਸੇਠੀ, ਹਜ਼ਾਰੀ ਬਾਗ ਦੇ ਵਿਧਾਇਕ ਮਨੀ ਜੈਸਵਾਲ, ਮੇਅਰ ਬੀਬੀ ਰੌਸ਼ਨੀ ਟਿਰਕੀ, ਡਿਪਟੀ ਮੇਅਰ ਸ੍ਰੀ ਰਾਜ ਕੁਮਾਰ ਲਾਲ, ਪੂਰਵ ਡਿਪਟੀ ਮੇਅਰ ਅਨੰਦ ਦੇਵ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ, ਸਕੱਤਰ ਦਵਿੰਦਰ ਸਿੰਘ ਬੱਗਾ ਆਦਿ ਪ੍ਰਮੁੱਖ ਸ਼ਖ਼ਸੀਅਤਾਂ ਉਚੇਚੇ ਤੌਰ ’ਤੇ ਪਹੁੰਚੀਆਂ। ਇਸ ਮੌਕੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਹੈੱਡ ਗ੍ਰੰਥੀ ਭਾਈ ਪ੍ਰਣਾਮ ਸਿੰਘ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂ ਘੁੰਮਣ, ਇੰਚਾਰਜ ਸ. ਗੁਰਚਰਨ ਸਿੰਘ ਕੁਹਾਲਾ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਸ. ਅਜੀਤ ਸਿੰਘ ਆਦਿ ਵੀ ਮੌਜੂਦ ਸਨ।ਵੱਡੀ ਗਿਣਤੀ ਵਿਚ ਨੌਜੁਆਨਾਂ ਅਤੇ ਸਕੂਲੀ ਬੱਚਿਆਂ ਨੇ ਵੀ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਸੰਗਤ ਨੇ ਸ਼ਰਧਾ ਭਾਵਨਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਨਗਰ ਕੀਰਤਨ ਦੇ ਸਵਾਗਤ ਲਈ ਰਸਤੇ ਵਿਚ ਥਾਂ-ਥਾਂ ’ਤੇ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ ਅਤੇ ਗੁਰੂ ਕੇ ਲੰਗਰ ਲਗਾਏ ਗਏ ਸਨ। ਸਿੱਖ ਸੰਗਤ ਤੋਂ ਇਲਾਵਾ ਵੱਖ-ਵੱਖ ਧਰਮਾਂ ਦੇ ਲੋਕ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ।
ਦੱਸਣਯੋਗ ਹੈ ਕਿ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਆਰੰਭਤਾ ਦੇ ਸਮੇਂ ਤੋਂ ਲੈ ਕੇ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਅਤੇ ਨਗਰ ਕੀਰਤਨ ਦੇ ਕੋਆਰਡੀਨੇਟਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਭਲਕੇ 27 ਅਗਸਤ ਨੂੰ ਨਗਰ ਕੀਰਤਨ ਦੀ ਧੰਨਬਾਦ ਤੋਂ ਦੁਰਗਾਪੁਰ ਲਈ ਰਵਾਨਗੀ ਹੋਵੇਗੀ।
Punjab Post Daily Online Newspaper & Print Media