Friday, March 27, 2026

ਲੌਂਗੋਵਾਲ ਦੀ ਅਗਵਾਈ `ਚ ਸ਼੍ਰੋਮਣੀ ਕਮੇਟੀ ਦੇ ਉਚ ਪੱਧਰੀ ਵਫ਼ਦ ਵੱਲੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਮੁਲਾਕਾਤ

ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਲਈ ਸਹਿਯੋਗ ਮੰਗਿਆ
ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਇੱਕ ਉੱਚ PUNJ2708201905ਪੱਧਰੀ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਹੋਣ ਵਾਲੇ ਸਮਾਗਮਾਂ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲੌਂਗੋਵਾਲ ਨੇ ਮੁੱਖ ਮੰਤਰੀ ਨੂੰ ਮੁੱਖ ਸਮਾਗਮ ਵਿਚ ਸ਼ਮੂਲੀਅਤ ਲਈ ਸੱਦਾ ਪੱਤਰ ਵੀ ਸੌਂਪਿਆ। ਵਫ਼ਦ ਵਿਚ ਲੌਂਗੋਵਾਲ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਵੀ ਸ਼ਾਮਲ ਸਨ।
           ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉਹ ਹਮੇਸ਼ਾਂ ਹੀ ਇਸ ਗੱਲ ਦੇ ਹਾਮੀ ਰਹੇ ਹਨ ਕਿ ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਕੌਮੀ ਇਕਜੁੱਟਤਾ ਨਾਲ ਮਨਾਏ ਜਾਣ ਅਤੇ ਸਾਰੀਆਂ ਧਿਰਾਂ ਇੱਕ ਮੰਚ ਹੀ ਸਜਾਉਣ।ਇਸ ਸਬੰਧ ਵਿਚ ਪਹਿਲਾਂ ਵੀ ਉਹ ਕਈ ਵਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖ ਚੁੱਕੇ ਹਨ।ਉਨ੍ਹਾਂ ਕਿਹਾ ਕਿ ਇਸੇ ਮਨਸ਼ਾ ਤਹਿਤ ਹੀ ਅੱਜ ਫਿਰ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਕੇ ਅਪੀਲ ਕੀਤੀ ਗਈ ਹੈ।ਲੌਂਗੋਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨਾਲ ਮਿਲਣੀ ਦੌਰਾਨ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੀ ਦੇਖ ਰੇਖ ਹੇਠ ਕਰਵਾਏ ਜਾਣ ਵਾਲੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ।ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ਅਨੁਸਾਰ ਸਾਂਝੀ ਤਾਲਮੇਲ ਕਮੇਟੀ ਲਈ ਪੰਜਾਬ ਸਰਕਾਰ ਤਰਫੋਂ ਦੋ ਨੁਮਾਇੰਦਿਆਂ ਦੇ ਨਾਂ ਦੇਣ ਲਈ ਵੀ ਮੁੱਖ ਮੰਤਰੀ ਨੂੰ ਆਖਿਆ ਹੈ।ਉਨ੍ਹਾਂ ਕਿਹਾ ਕਿ ਤਾਲਮੇਲ ਕਮੇਟੀ ਦੀ ਇੱਕ ਇਕੱਤਰਤਾ ਸਰਕਾਰ ਦੇ ਨੁਮਾਇੰਦੇ ਨਾਂ ਆਉਣ ਕਾਰਨ ਨਹੀਂ ਹੋ ਸਕੀ ਅਤੇ ਹੁਣ ਅਗਲੀ ਇਕੱਤਰਤਾ 6 ਸਤੰਬਰ ਨੂੰ ਮੁੜ ਰੱਖੀ ਗਈ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਬੈਠਕ ਤੋਂ ਪਹਿਲਾਂ ਪਹਿਲਾਂ ਨੁਮਾਇੰਦਿਆਂ ਦੇ ਨਾਂ ਭੇਜਣ ਲਈ ਅਪੀਲ ਕੀਤੀ ਹੈ, ਤਾਂ ਜੋ ਗੁਰੂ ਸਾਹਿਬ ਦੇ ਇਤਿਹਾਸਕ ਪੁਰਬ ਨੂੰ ਪੰਥਕ ਜਾਹੋ ਜਲਾਲ ਨਾਲ ਮਨਾਇਆ ਜਾ ਸਕੇ।ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਨ ਆਸ ਹੈ ਕਿ ਮੁੱਖ ਮੰਤਰੀ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਕਰਨਗੇ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply