ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਹੜ੍ਹ ਪੀੜਤਾਂ ਦੀ
ਮੱਦਦ ਲਈ ਨਿਰੰਤਰ ਕਾਰਜ ਕਰ ਰਹੀ ਹੈ ਅਤੇ ਪ੍ਰਭਾਵਿਤਾਂ ਦੀਆਂ ਮੌਜੂਦਾ ਲੋੜਾਂ ਜਾਣਨ ਲਈ ਵੀ ਇਕ ਸਬ-ਕਮੇਟੀ ਗਠਿਤ ਕਰ ਦਿੱਤੀ ਗਈ ਹੈ।
ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਪਹੁੰਚੇ ਲੌਂਗੋਵਾਲ ਨੇ ਆਖਿਆ ਕਿ ਪੰਜਾਬ ਅੰਦਰ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਲੰਗਰ ਵਿਵਸਥਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਲੋੜੀਂਦੀਆਂ ਰਸਦਾਂ ਦੇਣ ਦਾ ਉਪਰਾਲਾ ਕੀਤਾ ਗਿਆ ਹੈ।ਇਸ ਤੋਂ ਇਲਾਵਾ ਮੈਡੀਕਲ ਸਹੂਲਤਾਂ ਵੀ ਨਿਰੰਤਰ ਜਾਰੀ ਹਨ।ਉਨ੍ਹਾਂ ਆਖਿਆ ਕਿ ਬੇਸ਼ੱਕ ਹੁਣ ਪਾਣੀ ਦਾ ਪੱਧਰ ਘੱਟ ਰਿਹਾ ਹੈ, ਪਰੰਤੂ ਇਸ ਦੇ ਨਾਲ ਹੀ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਡਰ ਸਾਹਮਣੇ ਹੈ।ਇਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਪ੍ਰਬੰਧ ਹੇਠਲੇ ਮੈਡੀਕਲ ਕਾਲਜ ਅਤੇ ਹਸਪਤਾਲਾਂ ਤੋਂ ਸਿਹਤ ਟੀਮਾਂ ਭੇਜੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਹੜ੍ਹ ਪੀੜਤਾਂ ਦੀਆਂ ਮੌਜੂਦਾ ਸਥਿਤੀ ਅਨੁਸਾਰ ਲੋੜਾਂ ਪੂਰੀਆਂ ਕਰਨ ਦਾ ਫੈਸਲਾ ਕੀਤਾ ਹੈ।ਇਸੇ ਤਹਿਤ ਹੀ ਇਕ ਸਬ-ਕਮੇਟੀ ਗਠਿਤ ਕੀਤੀ ਗਈ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਲ ਹਨ।ਸਬ-ਕਮੇਟੀ ਨਾਲ ਸ਼੍ਰੋਮਣੀ ਕਮੇਟੀ ਦਾ ਇਕ ਅਧਿਕਾਰੀ ਵੀ ਕੰਮ ਕਰੇਗਾ।ਇਹ ਕਮੇਟੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਜਾਣੇਗੀ ਅਤੇ ਇਸ ਦੇ ਨਾਲ ਹੀ ਵਰਤਮਾਨ ਸਮੇਂ ਜਿਸ ਤਰ੍ਹਾਂ ਦੀ ਵੀ ਮੱਦਦ ਦੀ ਲੋੜ ਹੋਈ, ਉਸ ਦੀ ਰਿਪੋਰਟ ਕਰੇਗੀ।ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਜ਼ਿੰਦਗੀ ਮੁੜ ਲੀਹ ’ਤੇ ਆਉਣ ਤੱਕ ਰਾਹਤ ਕਾਰਜ ਕਰਦੀ ਰਹੇਗੀ।ਲੌਂਗੋਵਾਲ ਨੇ ਸਪੱਸ਼ਟ ਕੀਤਾ ਕਿ ਪਾਣੀ ਸੁੱਕਣ ਮਗਰੋਂ ਵੀ ਪ੍ਰਭਾਵਿਤ ਲੋਕਾਂ ਨੂੰ ਜੋ ਸਹਾਇਤਾ ਲੋੜੀਂਦੀ ਹੋਵੇਗੀ, ਸਬ-ਕਮੇਟੀ ਦੀ ਰਿਪੋਰਟ ਅਨੁਸਾਰ ਕਾਰਜ ਕੀਤੇ ਜਾਣਗੇ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media