Wednesday, April 29, 2026

ਫਿਲਮ ਪ੍ਰੋਡਿਊਸਰ ਨੇ ਸ਼੍ਰੋਮਣੀ ਕਮੇਟੀ ਤੇ ਸਿੱਖ ਸੰਗਤ ਪਾਸੋਂ ਮੰਗੀ ਮੁਆਫ਼ੀ

ਮਾਮਲਾ ਪੋਸਟਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲਾਉਣ ਦਾ

ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਿਲਮ ‘ਇਸ਼ਕ ਮਾਈ ਰਿਲੀਜਨ’ ਦੇ ਪੋਸਟਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲਗਾਉਣ ’ਤੇ ਇਤਰਾਜ਼ ਪ੍ਰਗਟ ਕਰਨ ’ਤੇ ਫਿਲਮ ਦੇ ਪ੍ਰੋਡਿਊਸਰ ਗੁਰਦੀਪ ਸਿੰਘ ਢਿੱਲੋਂ ਨੇ ਸਿੱਖ ਜਗਤ ਤੋਂ ਮੁਆਫ਼ੀ ਮੰਗ ਲਈ ਹੈ।
ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ਇਸ਼ਕ ਮਾਈ ਰਿਲੀਜਨ ਦੇ ਪੋਸਟਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੀ ਤਸਵੀਰ ਛਾਪਣ ਦਾ ਸਖਤ ਨੋਟਿਸ ਲਿਆ ਸੀ।ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਫਿਲਮ ਦੇ ਪ੍ਰੋਡਿਊਸਰ ਖਿਲਾਫ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਕਾਰਵਾਈ ਲਈ ਪੱਤਰ ਲਿਖਿਆ ਸੀ।ਫਿਲਮ ਦੇ ਪ੍ਰੋਡਿਊਸਰ ਗੁਰਦੀਪ ਸਿੰਘ ਢਿੱਲੋਂ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪਹੁੰਚ ਕੇ ਕਮੇਟੀ ਪ੍ਰਧਾਨ ਲੌਂਗੋਵਾਲ ਦੇ ਨਾਂ ਮੁਆਫ਼ੀ ਪੱਤਰ ਦਿੱਤਾ, ਜਿਸ ਵਿਚ ਉਨ੍ਹਾਂ ਸਿੱਖ ਸੰਗਤ ਪਾਸੋਂ ਫਿਲਮ ‘ਇਸ਼ਕ ਮਾਈ ਰਿਲੀਜਨ’ ਦੇ ਇੱਕ ਪੋਸਟਰ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਸਬੰਧੀ ਹੋਈ ਗਲਤੀ ਨੂੰ ਸਵੀਕਾਰਦਿਆਂ ਮੁਆਫ਼ੀ ਮੰਗੀ ਹੈ।ਫਿਲਮ ਪ੍ਰੋਡਿਊਸਰ ਗੁਰਦੀਪ ਸਿੰਘ ਢਿੱਲੋਂ ਨੇ ਇਸ ਮੁਆਫ਼ੀ ਨਾਮੇ ਵਿਚ ਲਿਖਿਆ ਹੈ ਕਿ ਉਨ੍ਹਾਂ ਦੀ ਮਨਸ਼ਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ।ਉਨ੍ਹਾਂ ਕਿਹਾ ਕਿ ਫਿਲਮ ਦੇ ਸਾਰੇ ਪੋਸਟਰ ਹਟਾ ਦਿੱਤੇ ਗਏ ਹਨ ਅਤੇ ਨਵਾਂ ਪੋਸਟਰ ਜਾਰੀ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਜੇਕਰ ਫਿਲਮ ਦੇ ਪਹਿਲੇ ਪੋਸਟਰ ਕਾਰਨ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਤਾਂ ਉਸ ਲਈ ਉਹ ਖਿਮਾ ਦੇ ਜਾਚਕ ਹਨ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਕਿਹਾ ਕਿ ਫਿਲਮ ਪ੍ਰੋਡਿਊਸਰ ਨੇ ਖੁਦ ਆ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਾਮ ਪੱਤਰ ਲਿਖ ਕੇ ਸਿੱਖ ਸੰਗਤ ਪਾਸੋਂ ਮੁਆਫ਼ੀ ਮੰਗੀ ਹੈ।
 

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply