ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮਹਾਰਾਸ਼ਟਰ ਸਰਕਾਰ
ਵੱਲੋਂ ਤਖਤ ਸੱਚਖੰਡ ਸ੍ਰੀ ਹਜੂਰ ਸਾਹਿਬ ਨਾਂਦੇੜ ਬੋਰਡ ਦੀ 61 ਕਰੋੜ ਰੁਪਏ ਦੀ ਰਾਸ਼ੀ ਮੁਆਫ ਕਰਨ ’ਤੇ ਸੂਬੇ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਅਜਿਹਾ ਕਰ ਕੇ ਮੁੱਖ ਮਤਰੀ ਨੇ ਆਪਣੀ ਵਚਨਬੱਧਤਾ ਨਿਭਾਈ ਹੈ।
ਦੱਸਣਯੋਗ ਹੈ ਕਿ ਇਹ ਰਾਸ਼ੀ ਸਾਲ 2008 ਵਿਚ ਮਹਾਰਾਸ਼ਟਰ ਸਰਕਾਰ ਵੱਲੋਂ 300 ਸਾਲਾ ਗੁਰਤਾਗੱਦੀ ਦਿਵਸ ਮੌਕੇ ਤਖਤ ਸਾਹਿਬ ਦੇ ਆਲੇ ਦੁਆਲੇ ਦੇ ਵਿਕਾਸ ਲਈ ਦਿੱਤੀ ਗਈ ਸੀ, ਪਰੰਤੂ ਮਗਰੋਂ ਇਸ ਨੂੰ ਕਰਜ਼ੇ ਵਜੋਂ ਦਰਸਾ ਦਿੱਤਾ ਗਿਆ ਸੀ।ਇਹ ਰਾਸ਼ੀ ਹੁਣ ਮਹਾਰਾਸ਼ਟਰ ਸਰਕਾਰ ਦੀ ਕੈਬਨਿਟ ਵੱਲੋਂ ਮੁਆਫ ਕਰ ਦਿੱਤੀ ਗਈ ਹੈ।ਲੌਂਗੋਵਾਲ ਨੇ ਇਸ ਸਬੰਧੀ ਤਖਤ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਅਤੇ ਹੋਰ ਅਹੁਦੇਦਾਰਾਂ ਦੇ ਯਤਨਾਂ ਦੀ ਵੀ ਪ੍ਰਸੰਸਾ ਕੀਤੀ।
ਜਾਰੀ ਕੀਤੇ ਗਏ ਇੱਕ ਪ੍ਰੈਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਸੁਹਿਰਦ ਫੈਸਲਾ ਲਿਆ ਹੈ ਜਿਸ ਦੀ ਸਿੱਖ ਜਗਤ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਮਹਾਰਾਸ਼ਟਰ ਦੇ ਮੁੱਖ ਮਤਰੀ ਫੜਨਵੀਸ ਪਾਸੋਂ ਤਖਤ ਸੱਚਖੰਡ ਸ੍ਰੀ ਹਜੂਰ ਸਾਹਿਬ ਬੋਰਡ ਦੇ ਮੈਬਰਾਂ ਦੀ ਗਿਣਤੀ ਪੂਰੀ ਕਰਨ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਤਖਤ ਸਾਹਿਬ ਦੇ ਪ੍ਰਬੰਧਕੀ ਬੋਰਡ ਵਿਚ ਸਾਰੇ ਮੈਂਬਰਾਂ ਦੀ ਨਾਮਜ਼ਦਗੀ ਲਾਜ਼ਮੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿ ਸੰਵਿਧਾਨਕ ਤੌਰ ’ਤੇ ਸਾਰੇ ਮੈਂਬਰਾਂ ਦੀ ਨਾਮਜਦਗੀ ਬਾਅਦ ਬੋਰਡ ਦੇ ਅਹੁਦੇਦਾਰ ਚੁਣਨ ਲਈ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media