ਭਗਤ ਸ਼ੇਖ ਫਰੀਦ ਦੀ ਬਾਣੀ ਮਨੁੱਖ ਨੂੰ ਜੀਉਣ ਲਈ ਮਾਰਗ ਹੈ-ਗਿਆਨੀ ਗੁਰਮਿੰਦਰ ਸਿੰਘ
ਅੰਮ੍ਰਿਤਸਰ, 23 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸ਼ੇਖ ਫਰੀਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਲੋਪੋਕੇ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਕੁਲਵਿੰਦਰ ਸਿੰਘ ਅਰਦਾਸੀਏ ਵੱਲੋਂ ਕੀਤੀ ਗਈ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਲਿਆ।
ਇਸ ਮੌਕੇ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਕਿਹਾ ਕਿ ਭਗਤ ਸ਼ੇਖ ਫਰੀਦ ਜੀ ਦੇ 4 ਸ਼ਬਦ ਤੇ 112 ਸਲੋਕ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ।ਭਗਤ ਜੀ ਦੇ ਇਲਾਹੀ ਉਪਦੇਸ਼ਾਂ ਤੋਂ ਮਨੁੱਖ ਨੂੰ ਜੀਵਨ ਜੀਉਣ ਦਾ ਮਾਰਗ ਮਿਲਦਾ ਹੈ।ਉਨ੍ਹਾਂ ਦੀ ਬਾਣੀ ਵੈਰਾਗਮਈ ਤੇ ਮਾਖਿਓ ਮਿੱਠੀ ਹੈ।ਉਨ੍ਹਾਂ ਕਿਹਾ ਕਿ ਭਗਤ ਜੀ ਦੀ ਬਾਣੀ ਵਿੱਚੋਂ ਮਨੁੱਖ ਲਈ ਸਪੱਸ਼ਟ ਸੰਦੇਸ਼ ਹੈ ਕਿ ਮਨੁੱਖ ਨੂੰ ਦੁਨਿਆਵੀ ਰੰਗ-ਤਮਾਸ਼ਿਆਂ ਤੇ ਹੋਰ ਰਸਾਂ ਨੂੰ ਛੱਡ ਕੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ ਜੋ ਇਨਸਾਨ ਦੇ ਕੰਮ ਆਉਣਾ ਹੈ।ਉਨ੍ਹਾਂ ਦੇਸ਼-ਵਿਦੇਸ਼ ਵਸਦੀਆਂ ਸੰਗਤਾਂ ਨੂੰ ਭਗਤ ਸ਼ੇਖ ਫਰੀਦ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਗੁਰੂ ਸਾਹਿਬਾਨ, ਭਗਤਾਂ ਤੇ ਹੋਰ ਸ਼ਹੀਦਾਂ ਦੇ ਦਿਹਾੜੇ ਮਨਾਉਣ ਦਾ ਜੋ ਉਪਰਾਲਾ ਸ਼ੁਰੂ ਕੀਤਾ ਗਿਆ ਹੈ ਉਹ ਸ਼ਲਾਘਾਯੋਗ ਹੈ।
ਇਸ ਮੌਕੇ ਸ.ਦਲਮੇਘ ਸਿੰਘ ਤੇ ਸ.ਮਨਜੀਤ ਸਿੰਘ ਸਕੱਤਰ, ਸ.ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ.ਰਣਜੀਤ ਸਿੰਘ ਐਡੀਸ਼ਨਲ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ ਪ੍ਰਧਾਨ ਸਾਹਿਬ, ਸ.ਸੁਖਦੇਵ ਸਿੰਘ ਭੂਰਾਕੋਹਨਾ ਮੀਤ ਸਕੱਤਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਪ੍ਰਤਾਪ ਸਿੰਘ, ਸ.ਕੁਲਵਿੰਦਰ ਸਿੰਘ ਰਮਦਾਸ ਪਬਲੀਸਿਟੀ ਇੰਚਾਰਜ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਸ਼ਾਮਲ ਸਨ।
Punjab Post Daily Online Newspaper & Print Media