ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ
ਨੂੰ ਇਕਜੁੱਟਤਾ ਨਾਲ ਮਨਾਉਣ ਲਈ ਤਾਲਮੇਲ ਕਮੇਟੀ ਦੀ ਅਗਲੀ ਇਕੱਤਰਤਾ ਬੁਲਾਈ ਗਈ ਹੈ।ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 4 ਅਕਤੂਬਰ ਨੂੰ ਸਵੇਰੇ 10:00 ਵਜੇ ਹੋਵੇਗੀ। ਇਕੱਤਰਤਾ ਵਿਚ ਪੰਜਾਬ ਸਰਕਾਰ ਤਰਫੋਂ ਨੁਮਾਇੰਦਿਆਂ ਦੀ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਵੀ ਲਿਖਿਆ ਗਿਆ ਹੈ।
ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਦੇ ਚੱਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਤਾਲਮੇਲ ਕਮੇਟੀ ਦੀ ਇਕ ਹੋਰ ਇਕੱਤਰਤਾ ਸੱਦੀ ਗਈ ਹੈ।ਉਨ੍ਹਾਂ ਦੱਸਿਆ ਕਿ 4 ਅਕਤੂਬਰ ਨੂੰ ਰੱਖੀ ਗਈ ਤਾਲਮੇਲ ਕਮੇਟੀ ਦੀ ਇਸ ਇਕੱਤਰਤਾ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਸੂਚਿਤ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਤੋਂ ਪਹਿਲਾਂ ਤਿੰਨ ਵਾਰੀ ਇਕੱਤਰਤਾਵਾਂ ਰੱਖੀਆਂ ਗਈਆਂ ਸਨ, ਜਿਨ੍ਹਾਂ ਵਿੱਚੋਂ ਕੇਵਲ ਇੱਕ ਇਕੱਤਰਤਾ ਵਿੱਚ ਹੀ ਪੰਜਾਬ ਸਰਕਾਰ ਦੇ ਨੁਮਾਇੰਦੇ ਪੁੱਜੇ ਸਨ।ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ 4 ਅਕਤੂਬਰ ਦੀ ਇਕੱਤਰਤਾ ਵਿੱਚ ਆਪਣੇ ਨੁਮਾਇੰਦੇ ਭੇਜਣ ਦੇ ਨਾਲ-ਨਾਲ ਖ਼ੁਦ ਆਪ ਵੀ ਸ਼ਾਮਲ ਹੋਣ, ਤਾਂ ਜੋ ਗੁਰਪੁਰਬ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਸਬੰਧੀ ਇਹ ਇਕੱਤਰਤਾ ਫੈਸਲਾਕੁੰਨ ਸਾਬਤ ਹੋ ਸਕੇ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media