ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਅੱਜ ਰਾਜਿਸਥਾਨ ਦੇ ਕੋਟਾ ਸਥਿਤ ਗੁਰਦੁਆਰਾ ਅਗੰਮਗੜ੍ਹ ਸਾਹਿਬ ਤੋਂ ਅਗਲੇ ਪੜਾਅ ਪੁਸ਼ਕਰ ਲਈ ਸਿੱਖ ਰਵਾਇਤਾਂ ਅਨੁਸਾਰ ਰਵਾਨਗੀ ਹੋਈ।ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਚੱਲ ਰਹੇ ਇਸ ਨਗਰ ਕੀਰਤਨ ਦੀ ਅੱਗੇ ਰਵਾਨਗੀ ਤੋਂ ਪਹਿਲਾਂ ਅਰਦਾਸ ਕੀਤੀ ਗਈ ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦਿੱਤੇ।ਇਸ ਤੋਂ ਪਹਿਲਾਂ ਸਜਾਏ ਗਏ ਧਾਰਮਿਕ ਦੀਵਾਨ ਅੰਦਰ ਗੁਰਬਾਣੀ ਕੀਰਤਨ ਤੇ ਕਥਾ ਵੀਚਾਰਾਂ ਵੀ ਹੋਈਆਂ।ਸ਼੍ਰੋਮਣੀ ਕਮੇਟੀ ਦੇ ਸੀਨੀਅਰ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਸੰਗਤ ਨਾਲ ਸਾਂਝਾ ਕਰਦਿਆਂ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਗੁਰਮਤਿ ਸਮਾਗਮਾਂ ਬਾਰੇ ਦੱਸਿਆ।ਉਨ੍ਹਾਂ ਸੰਗਤ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤਰਫੋਂ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ।
ਨਗਰ ਕੀਰਤਨ ਦੀ ਪੁਸ਼ਕਰ ਲਈ ਰਵਾਨਗੀ ਸਮੇਂ ਵੱਡੀ ਗਿਣਤੀ ਵਿਚ ਸੰਗਤਾਂ ਪੁੱਜੀਆਂ ਹੋਈਆਂ ਸਨ, ਜਿਨ੍ਹਾਂ ਨੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਮਾਹੌਲ ਨੂੰ ਵਿਸਮਾਦੀ ਬਣਾ ਦਿੱਤਾ।ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਸੰਗਤਾਂ ਦੂਰ ਤੱਕ ਨਗਰ ਕੀਰਤਨ ਨਾਲ ਚੱਲਦੀਆਂ ਰਹੀਆਂ।ਸੰਗਤ ਵੱਲੋਂ ਵੱਖ ਵੱਖ ਪਦਾਰਥਾਂ ਦੇ ਲੰਗਰ ਵੀ ਲਗਾਏ ਗਏ। ਇਸ ਦੌਰਾਨ ਨਗਰ ਕੀਰਤਨ ਵਿਚ ਸ਼ਾਮਲ ਵਿਸ਼ੇਸ਼ ਬੱਸ ਵਿਚ ਸੁਸ਼ੋਭਿਤ ਗੁਰੂ ਸਾਹਿਬਾਨ ਦੀਆਂ ਪਾਵਨ ਨਿਸ਼ਾਨੀਆਂ ਦੇ ਵੀ ਸੰਗਤ ਨੇ ਉਤਸ਼ਾਹ ਨਾਲ ਦਰਸ਼ਨ ਕੀਤੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਵੀ ਸ਼ਰਧਾ ਪ੍ਰਗਟਾਈ।
ਨਗਰ ਕੀਰਤਨ ਨਾਲ ਪ੍ਰਮੁੱਖ ਸ਼ਖਸੀਅਤਾਂ ਵਿਚ ਬਾਬਾ ਲੱਖਾ ਸਿੰਘ ਕੋਟੇ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਕੰਗ, ਹਰਜੀਤ ਸਿੰਘ ਲਾਲੂਘੁੰਮਣ, ਬਾਬਾ ਬਲਵਿੰਦਰ ਸਿੰਘ, ਪ੍ਰਿੰ. ਗੀਤਾ ਦੇਵੀ, ਸੁਖਵਿੰਦਰ ਸਿੰਘ, ਕਸ਼ਮੀਰ ਸਿੰਘ, ਬਲਦੇਵ ਸਿੰਘ, ਤਰਸੇਮ ਸਿੰਘ, ਗਿਆਨ ਸਿੰਘ, ਸ਼ੇਰ ਸਿੰਘ ਆਦਿ ਮੌਜੂਦ ਸਨ।
Check Also
ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ
ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …