ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ੍ਰੀ ਗੁਰੂ
ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ 9 ਸਿੱਖ ਸਿਆਸੀ ਕੈਦੀਆਂ ਨੂੰ ਵਿਸ਼ੇਸ਼ ਰਾਹਤ ਦੇਣ ਪ੍ਰਤੀ ਲਏ ਗਏ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਕਿਹਾ ਕਿ ਦੇਰ ਨਾਲ ਹੀ ਸਹੀ ਪਰ ਦਰੁੱਸਤ ਫੈਸਲਾ ਲਿਆ ਗਿਆ ਹੈ।ਉਹਨਾਂ ਕਿਹਾ ਕਿ ਦਮਦਮੀ ਟਕਸਾਲ ਸਮੇਤ ਕਈ ਸਿੱਖ ਜਥੇਬੰਦੀਆਂ ਵਲੋਂ ਦੇਸ਼ ਦੀਆਂ ਵੱਖ-ਵੱਖ ਜੇਲਾਂ ਵਿਚ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਪਹਿਰਵਾਈ ਕਰਦਿਆਂ ਕੇਂਦਰ ਸਰਕਾਰ ਤੱਕ ਸਮੇਂ ਸਮੇਂ ਪਹੁੰਚ ਕਰਦੀਆਂ ਰਹੀਆਂ ਹਨ ਅਤੇ 22 ਕੈਦੀਆਂ ਪ੍ਰਤੀ ਵੇਰਵਿਆਂ ਸਹਿਤ ਸੂਚੀ ਸੌਪੀ ਤੇ ਕਈ ਵਾਰ ਭੇਜੀ ਜਾਂਦੀ ਰਹੀ ਹੈ।
ਪ੍ਰੋ: ਸਰਚਾਂਦ ਸਿੰਘ ਵਲੋਂ ਜਾਰੀ ਬਿਆਨ `ਚ ਦਮਦਮੀ ਟਕਸਾਲ ਦੇ ਮੁਖੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਿੱਖ ਭਾਈਚਾਰੇ ਦੀ ਤਰਫੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਦੇ ਮਦੇਨਜ਼ਰ ਜਿਥੇ 8 ਸਿੱਖ ਕੈਦੀਆਂ ਦੀ ਰਿਹਾਈ ਵਾਲਾ ਸ਼ਲਾਘਾਯੋਗ ਕਦਮ ਚੁੱਕਿਆ ਹੈ, ਉਥੇ ਇਕ ਜਿਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦਾ ਫੈਸਲਾ ਲਿਆ ਹੈ, ਉਸ ਸਮੇਤ ਬਾਕੀ ਸਿੱਖ ਕੈਦੀਆਂ ਨੂੰ ਵੀ ਤੁਰੰਤ ਰਿਹਾਅ ਕਰਨ ਦਾ ਖੁਲਦਿਲੀ ਨਾਲ ਫੈਸਲਾ ਲਿਆ ਜਾਵੇ ਤਾਂ ਕਿ ਉਹ ਸਭ ਵੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਪੂਰਵਕ ਮਨਾ ਸਕਣ।
ਸਿੱਖ ਕੈਦੀਆਂ ਦੀ ਰਿਹਾਈ ਦਾ ਸਵਾਗਤ ਕਰਨ ਵਾਲਿਆਂ `ਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ, ਭਾਈ ਅਜੈਬ ਸਿੰਘ ਅਭਿਆਸੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗਿਆਨੀ ਹਰਦੀਪ ਸਿੰਘ ਅਨੰਦਪੁਰ ਸਾਹਿਬ, ਗਿਆਨੀ ਜੀਵਾ ਸਿੰਘ, ਜਥੇਦਾਰ ਸੁਖਦੇਵ ਸਿੰਘ ਅਤੇ ਪ੍ਰੋ: ਸਰਚਾਂਦ ਸਿੰਘ ਵੀ ਸ਼ਾਮਿਲ ਹਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ, ਨਵੀਂ ਤਾਰੀਖ 12 ਜੂਨ
ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 28 ਮਈ 2026 …
Punjab Post Daily Online Newspaper & Print Media