ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ’ਤੇ ਵੀ ਪਾਬੰਦੀ
ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ -ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ
ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਸ਼ਾਮ 7 ਤੋਂ ਬਾਅਦ ਅਤੇ ਸਵੇਰੇ 9 ਵਜੇ ਤੱਕ ਕੰਬਾਇਨਾਂ ਰਾਹੀਂ ਝੋਨੇ ਦੀ ਕਟਾਈ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਉਪਰੋਕਤ ਸਮੇਂ ’ਚ ਕੰਬਾਇਨ ਦੁਆਰਾ ਝੋਨੇ ਦੀ ਕਟਾਈ ਕਰਨ ਕਰਕੇ ਦਾਣਿਆਂ ’ਚ ਨਮੀਂ ਦੀ ਮਾਤਰਾ ਵੱਧ ਜਾਂਦੀ ਜਿਸ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਵੇਚਣ ’ਚ ਮੁਸ਼ਕਲ ਆਉਂਦੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਕੰਬਾਇਨ ਮਾਲਕ ਇਸ ਹੁਕਮ ਦੀ ਉਲੰਘਣਾ ਕਰੇਗਾ, ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਮਨਾਹੀ ਹੁਕਮ 13 ਨਵੰਬਰ 2019 ਤੱਕ ਲਾਗੂ ਰਹਿਣਗੇ।
ਇਸ ਦੇ ਨਾਲ ਹੀ ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ’ਚ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ’ਤੇ ਵੀ ਮੁਕੰਮਲ ਰੋਕ ਲਗਾ ਦਿਤੀ ਹੈ। ਆਪਣੇ ਮਨਾਹੀ ਹੁਕਮ ’ਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਲਾਗਲੀਆਂ ਫਸਲਾਂ, ਘਰਾਂ, ਦਰੱਖਤਾਂ, ਪਸ਼ੂਆਂ ਵਗੈਰਾ ਨੂੰ ਵੀ ਅੱਗ ਲੱਗਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਕਈ ਵਾਰ ਅਜਿਹੀਆਂ ਦੁਰਘਟਨਾਵਾਂ ਵਾਪਰ ਵੀ ਜਾਂਦੀਆਂ ਹਨ।ਇਸ ਸਭ ਨੂੰ ਮੱਦੇਨਜ਼ਰ ਰੱਖਦੇ ਹੋਏ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹੇ ’ਚ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱੱਗ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਇਹ ਮਨਾਹੀ ਹੁਕਮ 13 ਨਵੰਬਰ 2019 ਤੱਕ ਲਾਗੂ ਰਹਿਣਗੇ।
Punjab Post Daily Online Newspaper & Print Media