ਲੌਂਗੋਵਾਲ, 6 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਆਗੂ ਕਾਮਰੇਡ ਗੋਬਿੰਦ ਸਿੰਘ
ਛਾਜਲੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿਚ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਆੜ੍ਹਤੀਆਂ ਦੀ ਥਾਂ ਤੇ ਪੰਚਾਇਤਾਂ ਰਾਹੀਂ ਕੀਤੀ ਜਾਣੀ ਚਾਹੀਦੀ ਹੈ।ਆੜਤੀ ਵਰਗ ਨੂੰ ਫਸਲਾਂ ਦੇ ਖਰੀਦ ਪ੍ਰਬੰਧ ਵਿਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ ਅਤੇ ਆੜ੍ਹਤੀ ਵਰਗ ਨੂੰ ਦਿੱਤਾ ਜਾਂਦਾ ਕਮਿਸ਼ਨ ਪੰਚਾਇਤਾਂ ਨੂੰ ਮਿਲਣਾ ਚਾਹੀਦਾ ਹੈ।ਕਮਿਸ਼ਨ ਦੀ ਇਹ ਰਕਮ ਪੇਂਡੂ ਬੱਚਿਆਂ ਦੀ ਮੁਫਤ ਪੜ੍ਹਾਈ `ਤੇ ਖ਼ਰਚ ਕੀਤੀ ਜਾਣੀ ਚਾਹੀਦੀ ਹੈ।ਉਨ੍ਹਾਂ ਆੜ੍ਹਤੀ ਵਰਗ `ਤੇ ਦੋਸ਼ ਲਾਉਂਦੇ ਹੋਏ ਕਿਹਾ ਹੈ ਕਿ ਪੰਜਾਬ ਦੇ ਆੜ੍ਹਤੀ ਵਰਗ ਨੇ ਤਰ੍ਹਾਂ ਤਰ੍ਹਾਂ ਦੇ ਗੈਰਕਾਨੂੰਨੀ ਹੱਥਕੰਡੇ ਅਪਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਕਰਜ਼ਾਈ ਕਰ ਛੱਡਿਆ ਹੈ ਅਤੇ ਬਹੁਤ ਸਾਰੇ ਕਿਸਾਨਾਂ ਦੀਆਂ ਜ਼ਮੀਨਾਂ ਹੜੱਪ ਲਈਆਂ ਹਨ। ਇਸ ਹਾਲਤ ਵਿੱਚ ਕਿਸਾਨ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹਨ ਅਤੇ ਪੰਜਾਬ ਦੀਆਂ ਵੱਖ ਵੱਖ ਅਦਾਲਤਾਂ ਵਿੱਚ ਆੜ੍ਹਤੀਆਂ ਵੱਲੋਂ ਕਿਸਾਨਾਂ ਦੇ ਖਿਲਾਫ ਕੀਤੇ ਅਜਿਹੇ ਹਜ਼ਾਰਾਂ ਹੀ ਕੇਸ ਚੱਲ ਰਹੇ ਹਨ।ਉਨਾਂ ਕਿਹਾ ਕਿ ਆੜ੍ਹਤੀ ਵਰਗ `ਤੇ ਕਿਸਾਨਾਂ ਦੀ ਨਿਰਭਰਤਾ ਨੂੰ ਖਤਮ ਕਰਨ ਵਾਸਤੇ 10 ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਸਰਕਾਰੀ ਬੈਂਕਾਂ ਰਾਹੀਂ ਬਿਨਾਂ ਵਿਆਜ ਕਰਜ਼ੇ ਦਿੱਤੇ ਜਾਣੇ ਚਾਹੀਦੇ ਹਨ।ਉਨ੍ਹਾਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਇਸ ਸਵਾਲ `ਤੇ ਇਕਮੁੱਠ ਹੋ ਕੇ ਸਾਂਝਾ ਸੰਘਰਸ਼ ਕਰਨ ਦਾ ਸੱਦਾ ਵੀ ਦਿੱਤਾ।
ਇਸ ਮੌਕੇ ਨਾਥ ਸਿੰਘ ਛਾਜਲੀ, ਅਮਰ ਸਿੰਘ ਰੇਤਗੜ, ਗੋਪੀ ਸਿੰਘ, ਬਿੱਟੂ ਖੋਖਰ ਵੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media