ਕੈਬਨਿਟ ਮੰਤਰੀਆਂ ਚਰਨਜੀਤ ਸਿੰਘ ਚੰਨੀ ਤੇ ਬਲਬੀਰ ਸਿੰਘ ਸਿੱਧੂ ਨੇ ਕੀਤੀ ਸ਼ੁਰੂਆਤ
ਐਸ.ਏ.ਐਸ ਨਗਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਸ਼ਨਾਂ ਲਈ ਪਿੜ ਬੰਨਦਿਆਂ
ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ `ਤੇ ਡਿਜ਼ਾਈਨ ਕੀਤੇ ਲਾਈਟ ਐਂਡ ਸਾਊਂਡ ਸ਼ੋਅ-ਕਮ-ਡਿਜ਼ੀਟਲ ਮਿਊਜ਼ੀਅਮ ਦਾ ਅੱਜ ਦੇਰ ਸ਼ਾਮ ਉਦਘਾਟਨ ਕੀਤਾ।ਇਸ ਸ਼ੋਅ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਨੂੰ ਰੂਪਮਾਨ ਕੀਤਾ ਗਿਆ ਹੈ। ਸੂਬੇ ਦੀਆਂ ਵੱਖ ਵੱਖ ਥਾਵਾਂ ਉਤੇ ਚਾਰ ਮਹੀਨਿਆਂ ਤੱਕ ਚੱਲਣ ਬਾਰੇ ਇਸ ਲਾਈਟ ਐਂਡ ਸਾਊਂਡ ਸ਼ੋਅ-ਕਮ-ਡਿਜੀਟਲ ਮਿਊਜ਼ੀਅਮ ਦੌਰਾਨ ਗੁਰੂ ਸਾਹਿਬ ਦੇ ਧਾਰਮਿਕ ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਕਾਇਮ ਕਰਨ ਦੀਆਂ ਸਿੱਖਿਆਵਾਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਇਆ ਜਾਵੇਗਾ। ਇਸ ਦੌਰਾਨ ਚੰਡੀਗੜ ਸਮੇਤ ਬਟਾਲਾ, ਡੇਰਾ ਬਾਬਾ ਨਾਨਕ, ਸੁਲਤਾਨਪੁਰ ਲੋਧੀ ਵਰਗੇ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸਕ ਸ਼ਹਿਰਾਂ ਸਮੇਤ ਸਾਰੇ ਜ਼ਿਲਾ ਹੈਡਕੁਆਰਟਰਾਂ ਦੇ ਨਾਲ-ਨਾਲ 26 ਥਾਵਾਂ ਉਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਇਹ ਸ਼ੋਅ ਕਰਵਾਏ ਜਾਣਗੇ।
ਗੁਰੂ ਸਾਹਿਬ ਦੀਆਂ ਸਿਖਿਆਵਾਂ ਬਾਰੇ ਇਸ ਡਿਜੀਟਲ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਦੋਵਾਂ ਮੰਤਰੀਆਂ ਨੇ ਕਿਹਾ ਕਿ ਮੌਜੂਦਾ ਧਰੂਵੀਕਰਨ ਦੇ ਮਾਹੌਲ ਵਿੱਚ ਗੁਰੂ ਸਾਹਿਬ ਦਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਫੈਲਾਉਣ ਦਾ ਇਹ ਢੁਕਵਾਂ ਯਤਨ ਹੈ।ਬਹੁਤ ਹੀ ਬਾਰੀਕਬੀਨੀ ਨਾਲ ਡਿਜ਼ਾਈਨ ਕੀਤਾ ਇਹ ਪ੍ਰੋਗਰਾਮ ਗੁਰੂ ਸਾਹਿਬ ਦੇ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਦੇ ਸਿਧਾਂਤ ਨੂੰ ਵੀ ਰੂਪਮਾਨ ਕਰ ਗਿਆ।ਉਨਾਂ ਦੱਸਿਆ ਕਿ ਪੰਜਾਬ ਭਰ ਵਿੱਚ ਤਕਰੀਬਨ 10 ਥਾਵਾਂ ਉਤੇ ਸਤਲੁਜ ਤੇ ਬਿਆਸ ਦਰਿਆ ਦੇ ਕਿਨਾਰਿਆਂ ਉਤੇ ਫਲੋਟਿੰਗ ਸ਼ੋਅ ਕਰਵਾਏ ਜਾਣਗੇ।
ਚੰਨੀ ਨੇ ਕਿਹਾ ਕਿ ਗੁਰੂ ਸਾਹਿਬ ਵਲੋਂ ਸਮਾਜ ਦੀ ਇਕਜੁੱੱਟਤਾ ਦਾ ਦਿਖਾਇਆ ਸਿਧਾਂਤ ਸਮਾਜਿਕ ਬੁਰਾਈਆਂ ਖ਼ਿਲਾਫ਼ ਹਮੇਸ਼ਾਂ ਮਨੁੱਖਤਾ ਦਾ ਰਾਹ ਦਸੇਰਾ ਬਣਿਆ ਰਹੇਗਾ।ਉਨਾਂ ਸਾਰੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਲਾਈਨ ਤੋਂ ਉਪਰ ਉਠ ਕੇ ਇਨਾਂ ਧਾਰਮਿਕ ਸਮਾਗਮਾਂ ਨੂੰ ਮਨਾਉਣ।ਬਲਬੀਰ ਸਿੰਘ ਸਿੱਧੂ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਭਰ ਵਿਚ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਨਿੱਜੀ ਤੌਰ ਉਤੇ ਨਜ਼ਰਸਾਨੀ ਕਰ ਰਹੇ ਹਨ।ਉਨਾਂ ਕਿਹਾ ਕਿ ਇਹ ਸਾਡੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਾਨੂੰ ਆਪਣੇ ਜੀਵਨ ਦੌਰਾਨ ਗੁਰੂ ਸਾਹਿਬ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਦੋਹਾਂ ਮੰਤਰੀਆਂ ਨੇ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਦਿਨ-ਰਾਤ ਇੱਕ ਕਰਨ ਵਾਲੇ ਸਾਰੇ ਉਚ ਅਧਿਕਾਰੀਆਂ ਦੀ ਸ਼ਲਾਘਾ ਵੀ ਕੀਤੀ।
ਇਸ ਮੌਕੇ ਸਤੀਸ਼ ਚੰਦਰਾ ਵਧੀਕ ਮੁੱਖ ਸਕੱਤਰ ਗ੍ਰਹਿ, ਸ਼੍ਰੀਮਤੀ ਵਿਨੀ ਮਹਾਜਨ ਵਧੀਕ ਮੁੱਖ ਸਕੱਤਰ ਸਨਅਤ ਤੇ ਵਣਜ, ਤੇਜਵੀਰ ਸਿੰਘ ਪ੍ਰਮੁੱਖ ਸਕੱਤਰ/ਮੁੱਖ ਮੰਤਰੀ, ਗੁਰਕਿਰਤ ਕ੍ਰਿਪਾਲ ਸਿੰਘ ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਅਤੇ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ, ਵਿਕਾਸ ਪ੍ਰਤਾਪ ਪ੍ਰਮੁੱਖ ਸਕੱਤਰ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਸ਼੍ਰੀਮਤੀ ਅਨਿੰਦਿਤਾ ਮਿੱਤਰਾ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ, ਮਾਲਵਿੰਦਰ ਸਿੰਘ ਜੱਗੀ ਡਾਇਰੈਕਟਰ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਗਿਰੀਸ਼ ਦਿਆਲਨ ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ, ਆਈ.ਜੀ ਪੁਲਿਸ ਸੁਧਾਂਸ਼ੂ ਸ੍ਰੀਵਾਸਤਵਾ, ਕੁਲਦੀਪ ਸਿੰਘ ਐਸ.ਐਸ.ਪੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਸਾਕਸ਼ੀ ਸਾਹਨੀ, ਐਸ.ਡੀ.ਐਮ ਜਗਦੀਪ ਸਹਿਗਲ, ਹਰਕੇਸ਼ ਚੰਦ ਸ਼ਰਮਾ ਮਛਲੀ ਕਲਾਂ ਸਿਆਸੀ ਸਕੱਤਰ/ਸਿਹਤ ਮੰਤਰੀ, ਐਡਵੋਕੇਟ ਕੰਵਰਵੀਰ ਸਿੰਘ ਸਿੱਧੂ ਯੂਥ ਕਾਂਗਰਸੀ ਆਗੂ, ਰਾਜਾ ਕੰਵਰਜੋਤ ਸਿੰਘ ਮੋਹਾਲੀ, ਰਿਸ਼ਵ ਜੈਨ ਸੀਨੀਅਰ ਡਿਪਟੀ ਮੇਅਰ ਮੋਹਾਲੀ ਨਗਰ ਨਿਗਮ ਅਤੇ ਮੋਹਨ ਸਿੰਘ ਬਠਲਾਣਾ ਮੈਂਬਰ ਜ਼ਿਲਾ ਪ੍ਰੀਸ਼ਦ ਸਮੇਤ ਕਈ ਉਘੀਆਂ ਸ਼ਖ਼ਸੀਅਤਾਂ ਅਤੇ ਇਲਾਕੇ ਤੋਂ ਵੱਡੀ ਗਿਣਤੀ ਵਿੱਚ ਦਰਸ਼ਕ ਪਹੁੰਚੇ ਹੋਏ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media