ਸ਼੍ਰੋਮਣੀ ਕਮੇਟੀ ਵੱਖ-ਵੱਖ ਦੇਸ਼ਾਂ ਦੇ ਦੂਤਾਘਰਾਂ ਤੇ ਸੰਗਤਾਂ ਤੱਕ ਮੁਫ਼ਤ ਪਹੁੰਚਾਏਗੀ ਇਹ ਕਿਤਾਬਚੇ
ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ
550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਜੀ ਦੀਆਂ ਉਦਾਸੀਆਂ (ਪ੍ਰਚਾਰ ਯਾਤਰਾਵਾਂ) ਦੇ ਇਤਿਹਾਸ ਨੂੰ ਛਪਵਾ ਕੇ ਸੰਗਤਾਂ ਅਤੇ ਦਿੱਲੀ ਸਥਿਤ ਵੱਖ-ਵੱਖ ਦੇਸ਼ਾਂ ਦੇ ਦੂਤਾਘਰਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ ਹੈ।ਸ੍ਰੀ ਗੁਰੂ ਨਾਨਕ ਦੇਵ ਜੀ ਆਪਣੀਆਂ ਯਾਤਰਾਵਾਂ ਦੌਰਾਨ ਜਿਨ੍ਹਾਂ ਦੇਸ਼ਾਂ ਵਿਚ ਗਏ ਸਨ, ਉਸ ਇਤਿਹਾਸ ਨੂੰ ਲਿਖਣ ਦਾ ਕਾਰਜ ਕਰਨਲ ਡਾ. ਦਲਵਿੰਦਰ ਸਿੰਘ ਗਰੇਵਾਲ ਨੇ ਕੀਤਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਧਰਮ ਪ੍ਰਚਾਰ ਕਮੇਟੀ ਵੱਲੋਂ ਇਸ ਸਬੰਧੀ ਛਾਪੇ ਗਏ ਵੱਖ-ਵੱਖ ਕਿਤਾਬਚੇ ਜਾਰੀ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਇਤਿਹਾਸ ਭਾਰਤ ਤੋਂ ਇਲਾਵਾ ਅਨੇਕਾਂ ਦੇਸ਼ਾਂ ਤੱਕ ਫੈਲਿਆ ਹੈ।ਗੁਰੂ ਸਾਹਿਬ ਨੇ ਆਪਣੀਆਂ ਪ੍ਰਚਾਰ ਯਾਤਰਾਵਾਂ ਦੌਰਾਨ ਕਈ ਦੇਸ਼ਾਂ ਤੱਕ ਪਹੁੰਚ ਕੀਤੀ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਖ-ਵੱਖ ਦੇਸ਼ਾਂ ਦੇ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸ ਨੂੰ ਡਾ. ਗਰੇਵਾਲ ਨੇ ਮਿਹਨਤ ਨਾਲ ਲਿਖਿਆ ਹੈ, ਜਿਸ ਨੂੰ ਸ਼੍ਰੋਮਣੀ ਕਮੇਟੀ ਨੇ ਅੰਗਰੇਜ਼ੀ ਭਾਸ਼ਾ ਵਿਚ ਛਾਪ ਕੇ ਸੰਗਤ ਤੱਕ ਮੁਫ਼ਤ ਪਹੁੰਚਾਉਣ ਦਾ ਪ੍ਰੋਗਰਾਮ ਉਲੀਕਿਆ ਹੈ।ਇਸ ਸਬੰਧੀ ਕਰਨਲ ਡਾ. ਗਰੇਵਾਲ ਨੇ ਦੱਸਿਆ ਕਿ 17 ਦੇਸ਼ਾਂ ਵਿਚ ਗੁਰੂ ਸਾਹਿਬ ਦੀ ਪ੍ਰਚਾਰ ਯਾਤਰਾ ਨੂੰ ਕਿਤਾਬੀ ਰੂਪ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪਿਛਲੇ 40 ਸਾਲ ਤੋਂ ਇਸ ਸਬੰਧ ਵਿਚ ਉਹ ਕਾਰਜ਼ ਕਰ ਰਹੇ ਹਨ ਅਤੇ ਇਹ ਕਿਤਾਬਚੇ ਸ਼੍ਰੋਮਣੀ ਕਮੇਟੀ ਵੱਲੋਂ ਛਾਪੇ ਗਏ ਹਨ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਨੁਸਾਰ 550ਵੇਂ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਇਤਿਹਾਸਕ, ਸਿਧਾਂਤਕ ਤੇ ਗੁਰੂ ਸਾਹਿਬ ਦੀਆਂ ਪਾਵਨ ਬਾਣੀਆਂ ਨਾਲ ਸਬੰਧਤ ਕਿਤਾਬਾਂ ਛਾਪੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਕਰਨਲ ਡਾ. ਗਰੇਵਾਲ ਵੱਲੋਂ ਲਿਖੀਆਂ ਪੁਸਤਕਾਂ ਵੱਖ-ਵੱਖ ਦੇਸ਼ਾਂ ਦੀਆਂ ਦੂਤਾਘਰਾਂ ਤੱਕ ਭੇਜੀਆਂ ਜਾਣਗੀਆਂ।ਇਸ ਸਬੰਧੀ ਭਲਕ ਤੋਂ ਕਾਰਵਾਈ ਆਰੰਭ ਕਰ ਦਿੱਤੀ ਜਾਵੇਗੀ।ਮੁੱਖ ਸਕੱਤਰ ਅਨੁਸਾਰ ਛਾਪੀਆਂ ਗਈਆਂ ਪੁਸਤਕ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਅਜਰਬਾਈਜਾਨ, ਟਰਕੀ, ਇਰਾਨ, ਯੂਰਪ, ਬੰਗਲਾ ਦੇਸ਼, ਸ੍ਰੀ ਲੰਕਾ, ਨੇਪਾਲ, ਅਫ਼ਗਾਨਿਸਤਾਨ, ਕੇਂਦਰੀ ਏਸ਼ੀਆ, ਸਉਦੀ ਅਰਬ, ਭੁਟਾਨ ਆਦਿ ਦੇ ਇਤਿਹਾਸ ਨੂੰ ਛਾਪਿਆ ਗਿਆ ਹੈ। ਇਹ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਵਿਚ ਹੈ।ਉਨ੍ਹਾਂ ਦੱਸਿਆ ਕਿ ਇਸ ਨੂੰ ਭੇਟਾ ਰਹਿਤ ਕਿਤਾਬਚਿਆਂ ਤੋਂ ਇਲਾਵਾ ਇੱਕ ਜਿਲਦ ਵਿੱਚ ਵੀ ਪ੍ਰਕਾਸ਼ਤ ਕੀਤਾ ਜਾਵੇਗਾ।
ਇਸ ਮੌਕੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੈਂਬਰ ਸ.ਸੁਰਜੀਤ ਸਿੰਘ ਭਿੱਟੇਵੱਡ, ਗੁਰਮੀਤ ਸਿੰਘ ਬੂਹ, ਸੱਜਣ ਸਿੰਘ ਬੱਜੂਮਾਨ, ਗੁਰਨਾਮ ਸਿੰਘ ਜੱਸਲ, ਮੰਗਵਿੰਦਰ ਸਿੰਘ ਖਾਪੜਖੇੜੀ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਗੁਰਿੰਦਰ ਸਿੰਘ ਮਥਰੇਵਾਲ, ਦਰਸ਼ਨ ਸਿੰਘ ਨਿੱਜੀ ਸਹਾਇਕ ਆਦਿ ਮੌਜੂਦ ਸਨ।
Check Also
ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …
Punjab Post Daily Online Newspaper & Print Media