ਪਰਾਲੀ ਨੂੰ ਸਾੜਨ ਤੋਂ ਬਚਾਉਣ ਲਈ ਜ਼ਿਲ੍ਹੇ ’ਚ 41 ਕੋਆਰਡੀਨੇਟਰ ਲਗਾਏ
ਕਪੂਰਥਲਾ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਰਾਲੀ ਅਤੇ ਝੋਨੇ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਬਚਾਉਣ ਲਈ ਜ਼ਿਲ੍ਹੇ ਵਿਚ ਗਠਿਤ ਕੀਤੇ ਗਏ ਵਿਸ਼ੇਸ਼
ਸੈਲ ਦੀ ਮੀਟਿੰਗ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਅਵਤਾਰ ਸਿੰਘ ਭੁੱਲਰ ਨੇ ਕਿਹਾ ਕਿ ਪਰਾਲੀ ਸਾੜਨ ਦੇ ਵਰਤਾਰੇ ਨੂੰ ਰੋਕਣ ਲਈ ਜ਼ਿਲ੍ਹੇ ਵਿਚ ਬਹੁਪੱਖੀ ਰਣਨੀਤੀ ਅਪਣਾਈ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹੇ ਵਿਚ 41 ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ, ਜੋ ਕਿ ਵੱਖ-ਵੱਖ ਪਿੰਡਾਂ ਵਿਚ ਲਗਾਏ ਗਏ ਨੋਡਲ ਅਫ਼ਸਰਾਂ ਨਾਲ ਤਾਲਮੇਲ ਕਰਕੇ ਪਰਾਲੀ ਨੂੰ ਅੱਗ ਨਾ ਲੱਗਣ ਸਬੰਧੀ ਪੂਰੀ ਚੌਕਸੀ ਵਰਤ ਰਹੇ ਹਨ।ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਵਾਲਿਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਲਈ ਜ਼ਮੀਨੀ ਪੱਧਰ ’ਤੇ ਸਮੁੱਚੀ ਮਸ਼ੀਨਰੀ ਸਰਗਰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਿਸ ਤਹਿਤ ਉਨ੍ਹਾਂ ਖਿਲਾਫ਼ ਪਰਚਾ ਦਰਜ਼ ਕਰਨ ਤੋਂ ਇਲਾਵਾ ਉਨ੍ਹਾਂ ਦੀ ਜ਼ਮੀਨ ਦੇ ਰਿਕਾਰਡ ਵਿਚ ‘ਰੈਡ ਐਂਟਰੀ’ ਦਰਜ ਕਰਨਾ ਵੀ ਸ਼ਾਮਿਲ ਹੈ।ਉਨ੍ਹਾਂ ਜ਼ਿਲ੍ਹੇ ਦੇ ਸਾਰੇ ਕਿਸਾਨਾਂ ਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਸਮੇਂ ਦੀ ਨਜ਼ਾਕਤ ਨੂੰ ਸਮਝਦਿਆਂ ਪਰਾਲੀ ਨੂੰ ਅੱਗ ਲਗਾਉੇਣ ਤੋਂ ਗੁਰੇਜ਼ ਕਰਕੇ ਇਸ ਦੀ ਸੁਚੱਜੀ ਸਾਂਭ-ਸੰਭਾਲ ਕੀਤੀ ਜਾਵੇ, ਤਾਂ ਜੋ 550 ਸਾਲਾ ਸ਼ਤਾਬਦੀ ਸਮਾਗਮਾਂ ਮੌਕੇ ਆਉਣ ਵਾਲੀਆਂ ਸੰਗਤਾਂ ਨੂੰ ਸ਼ੁਧ ਵਾਤਾਵਰਨ ਅਤੇ ਆਬੋ-ਹਵਾ ਮਿਲ ਸਕੇ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਕੰਵਲਜੀਤ ਸਿੰਘ, ਖੇਤੀਬਾੜੀ ਅਫ਼ਸਰ ਅਸ਼ਵਨੀ ਕੁਮਾਰ, ਡਿਪਟੀ ਸਾਇਲ ਕੰਜ਼ਰਵੇਟਿਵ ਅਧਿਕਾਰੀ ਮਨਪ੍ਰੀਤ ਸਿੰਘ, ਰਮਿੰਦਰ ਸਿੰਘ ਬੇਦੀ, ਡਾ. ਗੁਰਦੀਪ ਸਿੰਘ, ਯਾਦਵਿੰਦਰ ਸਿੰਘ, ਸੁਖਦੇਵ ਸਿੰਘ, ਪਰਮਜੀਤ ਮਹੇ ਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media