ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ
ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮੁੱਖ ਸਮਾਗਮ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਨੂੰ ਅੱਜ ਸੱਦਾ ਪੱਤਰ ਦਿੱਤਾ ਗਿਆ।ਉਨ੍ਹਾਂ ਨੂੰ ਇਹ ਸੱਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖ਼ੁਦ ਜਾ ਕੇ ਦਿੱਤਾ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੱਦੇ ਦਿੱਤੇ ਜਾ ਰਹੇ ਹਨ।ਇਸ ਤੋਂ ਪਹਿਲਾਂ ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਪੰਜਾਬ ਦੇ ਰਾਜਪਾਲ, ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਵੀ ਸੱਦੇ ਦਿੱਤੇ ਜਾ ਚੁੱਕੇ ਹਨ।ਭਾਈ ਲੌਂਗੋਵਾਲ ਨੇ ਦੱਸਿਆ ਕਿ ਸਿੱਖ ਜਗਤ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸਕ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਮੌਕੇ ਕਰਵਾਏ ਜਾਣ ਵਾਲੇ ਸਾਂਝੇ ਸਮਾਗਮਾਂ ਵਿਚ ਵੱਧ ਤੋਂ ਵੱਧ ਪ੍ਰਮੁੱਖ ਸ਼ਖ਼ਸੀਅਤਾਂ ਤੱਕ ਸ਼ਮੂਲੀਅਤ ਲਈ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮੁੱਚੇ ਵਿਸ਼ਵ ਲਈ ਇਕ ਖ਼ਾਸ ਮੌਕਾ ਦੱਸਦਿਆਂ ਇਸ ਪੁਰਬ ਦੀ ਵਧਾਈ ਦਿੱਤੀ ਹੈ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media