Monday, April 27, 2026

ਵਿਦਿਆਰਥੀਆਂ ਨੇ ਚਿੱਤਰਾਂ ਤੇ ਸੁੰਦਰ ਲਿਖਾਈ ਨਾਲ ਦਿੱਤਾ ਬਾਬਾ ਨਾਨਕ ਦੀਆਂ ਸਿੱਖਿਆਵਾਂ ਦਾ ਸੁਨੇਹਾ

ਸੁਲਤਾਨਪੁਰ ਲੋਧੀ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਰਕਾਰੀ ਸਕੂਲਾਂ ਦੇ PUNJ1011201906ਬੱਚਿਆਂ ਵਲੋਂ ਚਿੱਤਰਾਂ ਅਤੇ ਸੁੰਦਰ ਲਿਖਾਈ ਨਮੂਨਿਆਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਨਾਉਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।
          ਪੰਜਾਬ ਸਮਾਲ ਸਕੇਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ) ਵਲੋਂ ਸੁਲਤਾਨਪੁਰ ਲੋਧੀ ਵਿਖੇ ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਨੇੜੇ ਲਗਾਈ ਗਈ ਪ੍ਰਦਰਸ਼ਨੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ  550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਵਲੋਂ ਤਿਆਰ ਚਿੱਤਰਾਂ ਅਤੇ ਸੁੰਦਰ ਲਿਖਾਈ ਨਮੂਨਿਆਂ ਦੀ ਪ੍ਰਦਰਸ਼ਨੀ ਲਗਾਈ ਗਈ ਹੈ। ਵਿਦਿਆਰਥੀਆਂ ਨੇ ਰੰਗਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਪੇਸ਼ ਕੀਤਾ ਹੈ ਉਥੇ ਸੁੰਦਰ ਲਿਖਾਈ ਰਾਹੀਂ ਗੁਰੂ ਸਾਹਿਬ ਦੇ ਜੀਵਨ, ਉਦਾਸੀਆਂ ਅਤੇ ਫ਼ਲਸਫ਼ੇ ‘ਤੇ ਝਾਤ ਪੁਆਈ ਹੈ।
            ਪ੍ਰਦਰਸ਼ਨੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਪੁਰ ਜ਼ਿਲ੍ਹਾ ਬਰਨਾਲਾ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਵੱਲੋਂ ਜਿਥੇ ਆਪਣੀ ਸੁੰਦਰ ਲਿਖਾਈ ਰਾਹੀਂ ‘ਜਪੁਜੀ‘ ਸਾਹਿਬ ਦੀ ਮਹਾਨਤਾ ਨੂੰ ਬਿਆਨ ਕੀਤਾ ਗਿਆ ਹੈ ਉਥੇ ਸਰਕਾਰੀ ਹਾਈ ਸਕੂਲ ਮੌੜਾਂ ਜ਼ਿਲ੍ਹਾ ਬਰਨਾਲਾ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਕੁਲਦੀਪ ਸਿੰਘ ਨੇ ਗੁਰੂ ਸਾਹਿਬ ਵੱਲੋਂ ਸਮਾਜਿਕ ਬੁਰਾਈਆਂ ਖ਼ਿਲਾਫ ਬੁਲੰਦ ਕੀਤੀ ਆਵਾਜ਼ ਨੂੰ ਆਪਣੀ ਕਲਮ ਰਾਹੀਂ ਉਭਾਰਿਆ ਹੈ। ਇਸੇ ਤਰ੍ਹਾਂ ਵਿਦਿਆਰਥੀਆਂ ਵਲੋਂ ਰੰਗਾਂ ਰਾਹੀਂ ਗੁਰੂ ਸਾਹਿਬ ਦੇ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਸਰਵਵਿਆਪੀ ਸਿਧਾਂਤ ਨੂੰ ਪੇਸ਼ ਕੀਤਾ ਗਿਆ ਹੈ।ਵਿਦਿਆਰਥੀਆਂ ਵਲੋਂ ਬਣਾਏ ਗਏ ਪ੍ਰਦਰਸ਼ਨੀ ਦਾ ਸ਼ਿੰਗਾਰ ਬਣੇ ਚਿੱਤਰ ਵੀ ਦਰਸ਼ਕਾਂ ਦੀ ਖ਼ੂਬ ਵਾਹ-ਵਾਹ ਖੱਟ ਰਹੇ ਹਨ।
          ਇਸ ਸਬੰਧੀ ਜਣਕਾਰੀ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਦੱਸਿਆ ਕਿ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਸੂਬੇ ਦੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਇਸ ਸਾਲ ਕਰਵਾਏ ਗਏ ਮੁਕਾਬਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਨ। 3 ਨਵੰਬਰ ਨੂੰ ਦੇਸ਼ ਭਗਤ ਕਾਲਜ ਬਰੜਵਾਲ (ਧੂਰੀ) ਵਿਖੇ ਹੋਏ ਰਾਜ ਪੱਧਰੀ ਮੁਕਾਬਲਿਆਂ ਦੌਰਾਨ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਜੇਤੂ ਵਿਦਿਆਰਥੀਆਂ ਵੱਲੋਂ ਬਣਾਏ ਤੇ ਮੁਕਾਬਲੇ ਵਿੱਚ ਨਿੱਤਰੇ ਚਿੱਤਰਾਂ ਅਤੇ ਸੁੰਦਰ ਲਿਖਾਈ ਨਮੂਨਿਆਂ ਨੂੰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮ ਵਿੱਚ ਪ੍ਰਦਰਸ਼ਿਤ ਕੀਤਾ ਜਾਵੇਗਾ, ਜਿਸ ਤਹਿਤ ਇਹ ਪ੍ਰਦਰਸ਼ਨੀ ਲਗਾਈ ਗਈ ਹੈ, ਜੋ ਕਿ 12 ਨਵੰਬਰ ਤੱਕ ਚੱਲੇਗੀ।ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੀ ਪ੍ਰਦਰਸ਼ਨੀ ਵਿੱਚ ਪਹੁੰਚ ਕੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰ ਚੁੱਕੇ ਹਨ।

 

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …

Leave a Reply