Tuesday, July 7, 2026

ਡਾ. ਓਬਰਾਏ ਆਪਣੇ ਖਰਚ ‘ਤੇ ਕਰਵਾਉਣਗੇ ਕਰਤਾਰਪੁਰ ਸਾਹਿਬ (ਪਾਕਿ) ਦੇ ਦਰਸ਼ਨ

ਲੋੜਵੰਦ ਸ਼ਰਧਾਲੂਆਂ ਲਈ ਟਰੱਸਟ ਦੀਆਂ ਜਿਲ੍ਹਾ ਇਕਾਈਆਂ ਵਲੋਂ ਭਰੇ ਜਾਣਗੇ ਵਿਸ਼ੇਸ਼ ਫਾਰਮ

Dr. S.P Singh Oberoi Picਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਮਨੁੱਖਤਾ ਦੇ ਸਰਬ-ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਵਿੱਚੋਂ ਉਜਾਗਰ ਹੁੰਦੀ ਸੱਚੀ-ਸੁੱਚੀ ਕਿਰਤ ਕਰਨ,ਵੰਡ ਛੱਕਣ ਤੇ `ਸਰਬਤ ਦੇ ਭਲੇ` ਦੀ ਭਾਵਨਾ ਤੇ ਪਹਿਰਾ ਦੇਣ ਵਾਲੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. ਐਸ.ਪੀ ਸਿੰਘ ਓਬਰਾਏ ਵੱਲੋਂ ਪਹਿਲਕਦਮੀ ਕਰਦਿਆਂ ਗੁਰੂ ਸਾਹਿਬ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਪੜਾਵਾਂ ਤਹਿਤ 550-550 ਲੋੜਵੰਦ ਸ਼ਰਧਾਲੂਆਂ ਨੂੰ ਆਪਣੇ ਖਰਚ `ਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਦੀਦਾਰੇ ਕਰਵਾਏ ਜਾਣਗੇ।
        ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ: ਐਸ.ਪੀ ਸਿੰਘ ਓਬਰਾਏ ਨੇ ਦੱੱਸਿਆ ਕਿ ਭਾਰਤ ਸਰਕਾਰ ਦੇ ਵਿਸ਼ੇਸ਼ ਸੱਦੇ `ਤੇ ਉਹ ਖ਼ੁਦ ਪਹਿਲੇ ਜਥੇ ਨਾਲ ਸ੍ਰੀ ਕਰਤਾਰਪੁਰ ਦੇ ਦਰਸ਼ਨ ਕਰਕੇ ਆਉਣ ਤੋਂ ਇਲਾਵਾ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ‘ਤੇ ਚੱਲ ਰਹੇ ਸੇਵਾ ਕਾਰਜਾਂ ਨੂੰ ਵੇਖਣ ਦੌਰਾਨ ਜਦ ਉਨ੍ਹਾਂ ਦਾ ਕਈ ਵਾਰ ਉੱਥੇ ਜਾਣ ਦਾ ਸਵੱਬ ਬਣਿਆ ਤਾਂ ਉਨ੍ਹਾਂ ਵੇਖਿਆ ਕਿ ਇਹ ਲਾਂਘਾ ਖੁੱਲਣ ਕਾਰਨ ਬਾਬੇ ਨਾਨਕ ਦੇ ਦਰ ਦੇ ਦਰਸ਼ਨ ਕਰਨ ਲਈ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਮਨਾਂ ਅੰਦਰ ਭਾਰੀ ਚਾਅ ਤੇ ਉਤਸ਼ਾਹ ਹੈ ਪਰ ਹੋ ਸਕਦਾ ਹੈ ਕਿ ਇਸ ਯਾਤਰਾ ਦੌਰਾਨ ਆਉਣ ਵਾਲਾ ਖਰਚ  ਹਰੇਕ ਸ਼ਰਧਾਲੂ ਦੀ ਜੇਬ ਨਾ ਚੁੱਕ ਸਕੇ।ਉਨ੍ਹਾਂ ਕਿਹਾ ਕਿ ਮੇਰੀ ਇੱਛਾ ਹੈ ਕਿ ਵੱਧ ਤੋਂ ਵੱਧ ਬਾਬੇ ਨਾਨਕ ਦੇ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਜਾ ਸਕਣ। ਜਿਸ ਕਰਕੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਫੈਸਲਾ ਅਨੁਸਾਰ ਪਹਿਲੇ ਪੜਾਅ ਤਹਿਤ 1 ਦਸੰਬਰ 2019 ਤੋਂ ਲੈ ਕੇ 31ਮਈ  2020 ਤੱਕ 550 ਜਦ ਕਿ ਦੂਜੇ ਪੜਾਅ `ਚ 1 ਜੂਨ ਤੋਂ ਲੈ ਕੇ 30 ਨਵੰਬਰ ਤੱਕ ਵੀ 550 ਲੋੜਵੰਦ ਸ਼ਰਧਾਲੂਆਂ ਨੂੰ ਆਪਣੇ ਖਰਚੇ `ਤੇ ਕਰਤਾਰਪੁਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਵਾਏ ਜਾਣਗੇ।
         ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਰਾਹੀਂ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਨੂੰ ਮਹੀਨੇ ਦੇ ਦੂਜੇ ਤੇ ਚੌਥੇ ਹਫ਼ਤੇ ਨਿਰਧਾਰਤ ਕੀਤੇ ਜਾਣ ਵਾਲੇ ਦਿਨ 50-50 ਸ਼ਰਧਾਲੂ ਜਥੇ ਦੇ ਰੂਪ ਵਿੱਚ ਦਰਸ਼ਨ ਕਰਨ ਲਈ ਸ੍ਰੀ ਕਰਤਾਰਪੁਰ ਸਾਹਿਬ ਭੇਜਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਟਰੱਸਟ ਵੱਲੋਂ ਇੱਕ ਵਿਸ਼ੇਸ਼ ਫਾਰਮ ਤਿਆਰ ਕੀਤਾ ਗਿਆ ਹੈ, ਜੋ ਟਰੱਸਟ ਦੇ ਸਾਰੇ ਜ਼ਿਲ੍ਹਾ ਦਫ਼ਤਰਾਂ `ਚ ਉਪਲਬਧ ਹੋਵੇਗਾ।ਇਸ ਫ਼ਾਰਮ `ਚ ਬਕਾਇਦਾ ਯਾਤਰਾ ਕਰਨ ਵਾਲੇ ਦੀ ਲੋੜੀਂਦੀ ਸਮੁੱਚੀ ਜਾਣਕਾਰੀ ਦਰਜ ਕੀਤੀ ਜਾਵੇਗੀ ਅਤੇ ਇਸ ਸਮੁੱਚੇ ਕਾਰਜ ਨੂੰ ਸੁਖਾਲਾ ਬਨਾਉਣ ਲਈ ਟਰੱਸਟ ਵੱਲੋਂ ਜਿੱਥੇ ਆਪਣੇ ਵਲੰਟੀਅਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ ਉੱਥੇ ਹੀ ਸਬੰਧਿਤ ਸ਼ਰਧਾਲੂ ਕੋਲੋਂ ਕੇਵਲ ਜਰੂਰੀ ਲੋੜੀਂਦੇ ਦਸਤਾਵੇਜ਼ ਹੀ ਲਏ ਜਾਣਗੇ ਤਾਂ ਜੋ ਟਰੱਸਟ ਦੀ ਇਸ ਸੇਵਾ ਦਾ ਲਾਭ ਲੈਣ ਵਾਲੇ ਸ਼ਰਧਾਲੂਆਂ ਨੂੰ ਕੋਈ ਦਿਕੱਤ ਨਾ ਆਵੇ। ਟਰੱਸਟ ਰਾਹੀਂ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਨੂੰ ਅਪਣੇ ਬੈਂਕ ਖਾਤੇ ਦੀ ਤਾਜਾ ਸਟੇਟਮੈਂਟ ਤੋਂ ਇਲਾਵਾ ਆਪਣੀ ਆਮਦਨ ਦਾ ਸਵੈ-ਤਸਦੀਕ ਸਰਟੀਫਿਕੇਟ ਵੀ ਦੇਣਾ ਪਵੇਗਾ ਤਾਂ ਜੋ ਕੇਵਲ ਆਪਣੇ ਖਰਚੇ `ਤੇ ਦਰਸ਼ਨ ਕਰਨ ਨਾ ਜਾ ਸਕਣ ਵਾਲੇ ਲੋੜਵੰਦ ਸ਼ਰਧਾਲੂ ਹੀ ਇਸ ਸੇਵਾ ਦਾ ਲਾਭ ਲੈ ਸਕਣ।ਡਾ. ਓਬਰਾਏ ਅਨੁਸਾਰ ਚੁਣੇ ਗਏ ਸ਼ਰਧਾਲੂ ਦਾ ਟਰੱਸਟ ਵੱਲੋਂ ਹੀ ਆਨਲਾਈਨ ਅਪਲਾਈ ਕੀਤਾ ਜਾਵੇਗਾ ਅਤੇ ਜਦ ਸਰਕਾਰ ਵੱਲੋਂ ਮਨਜ਼ੂਰੀ ਮਿਲ ਜਾਵੇਗੀ ਤਾਂ ਫਿਰ ਉਸ ਸ਼ਰਧਾਲੂ ਦਾ ਸਾਰਾ ਖ਼ਰਚ ਟਰੱਸਟ ਅਦਾ ਕਰੇਗੀ।ਉਨ੍ਹਾਂ ਦੱਸਿਆ ਕਿ ਜੋ ਸ਼ਰਧਾਲੂ ਆਪਣੇ ਘਰ ਤੋਂ ਲੈ ਕੇ ਡੇਰਾ ਬਾਬਾ ਨਾਨਕ ਲਾਂਘੇ ਤੱਕ ਦਾ ਕਿਰਾਇਆ ਵੀ ਆਪਣੇ ਕੋਲੋਂ ਨਹੀਂ ਖ਼ਰਚ ਸਕੇਗਾ।ਉਸ ਦਾ ਇਸ ਖ਼ਰਚ ਸਮੇਤ ਸਮੁੱਚਾ ਖ਼ਰਚ ਹੀ ਟਰੱਸਟ ਵੱਲੋਂ ਕੀਤਾ ਜਾਵੇਗਾ ਜਦ ਕਿ ਪਾਕਿਸਤਾਨ ਜਾਣ ਵਾਲੇ ਹਰ ਜਥੇ ਨਾਲ ਉਨ੍ਹਾਂ ਦੀ ਸਹੂਲਤ ਲਈ ਟਰੱਸਟ ਦੇ ਦੋ ਸੇਵਾਦਾਰ ਵੀ ਨਾਲ ਭੇਜੇ ਜਾਣਗੇ।ਉਨ੍ਹਾਂ ਕਿਹਾ ਕਿ ਟਰੱਸਟ ਦੀ ਇਸ ਸੇਵਾ ਦਾ ਲਾਭ ਲੈਣ ਦੇ ਚਾਹਵਾਨ ਸ਼ਰਧਾਲੂ ਟਰੱਸਟ ਦੇ ਜਲੰਧਰ ਵਿਚਲੇ ਦਫ਼ਤਰ ਦੇ ਹੈਲਪ ਲਾਈਨ ਨੰਬਰ 0181 5096900 ‘ਤੇ ਸਵੇਰੇ 9 ਤੋਂ ਸ਼ਾਮ 5.30 ਵਜੇ ਤੱਕ ਸੰਪਰਕ ਕਰ ਸਕਦੇ ਹਨ।
 

Check Also

ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …

Leave a Reply