ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਵਿਦਿਅਕ ਖੇਤਰ ’ਚ ਅਹਿਮ
ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਖ਼ਾਲਸਾ ਕਾਲਜ ਆਫ਼ ਲਾਅ ਅਤੇ ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਉਕਤ ਸਮਾਗਮਾਂ ’ਚ ਮੁੱਖ ਮਹਿਮਾਨ ਵਜੋਂ ਪੁੱਜੇ ਕੌਂਸਲ ਦੇ ਫ਼ਾਇਨਾਂਸ ਸਕੱਤਰ ਗੁਨਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਸੰਬੋਧਨ ’ਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਮਹੱਤਤਾ ਅਤੇ ਅਕਾਦਮਿਕ ਸੈਸ਼ਨ ਦੀ ਸਫ਼ਲ ਸ਼ੁਰੂਆਤ ਲਈ ਕਾਲਜ ਦੀ ਪ੍ਰੰਪਰਾ ਬਾਰੇ ਵਿਦਿਆਰਥੀਆਂ ਨੂੰ ਚਾਨਣਾ ਪਾਇਆ।
ਗੁਨਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਫ਼ਲਸਫ਼ੇ ਨੂੰ ਅਪਨਾਉਂਦਿਆਂ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਉਕਤ ਕਾਲਜਾਂ ਦੀਆਂ ਸ਼ਾਨਦਾਰ ਉਪਲੱਬਧੀਆਂ ’ਤੇ ਖ਼ਾਲਸਾ ਕਾਲਜ ਲਾਅ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਵੈਟਨਰੀ ਕਾਲਜ ਦੇ ਪ੍ਰਿੰਸੀਪਲ ਡਾ. ਐਸ.ਐਸ ਸਿੱਧੂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਦੇਖ-ਰੇਖ ਕਾਲਜ ਦੇ ਵਿਦਿਆਰਥੀਆਂ ਵੱਖ-ਵੱਖ ਗਤੀਵਿਧੀਆਂ ’ਚ ਨਾਮਣਾ ਖੱਟ ਕੇ ਕਾਲਜਾਂ ਦਾ ਨਾਮ ਰੌਸ਼ਨਾ ਰਹੇ ਹਨ।ਉਨ੍ਹਾਂ ਆਉਣ ਵਾਲੀਆਂ ਦਸੰਬਰ 2019 ਦੀਆਂ ਪ੍ਰੀਖਿਆਵਾਂ ਵਾਸਤੇ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।
ਉਕਤ ਕਾਲਜਾਂ ’ਚ ਕਰਵਾਏ ਗਏ ਆਰੰਭਿਕ ਅਰਦਾਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।ਕਾਲਜਾਂ ਦੇ ਇਸ ਧਾਰਮਿਕ ਸਮਾਗਮ ’ਚ ਗੁਨਬੀਰ ਸਿੰਘ ਨੇ ਪ੍ਰੀਖਿਆਵਾਂ ਤੇ ਹੋਰ ਗਤੀਵਿਧੀਆਂ ਨੂੰ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਵੈਟਰਨਰੀ ਕਾਲਜ ਵਿਖੇ ਪ੍ਰਿੰਸੀਪਲ ਡਾ. ਸਿੱਧੂ ਅਤੇ ਲਾਅ ਕਾਲਜ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨਾਲ ਮਿਲ ਕੇ ਮੋਮੈਂਟੋ, ਸਿਰੋਪਾਓ ਅਤੇ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ।ਗੁਨਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਕਿੱਤੇ ’ਚ ਸਖ਼ਤ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਵੀ ਉਤਸ਼ਾਹਿਤ ਕੀਤਾ।
ਅੰਤ ’ਚ ਡਾ. ੀਸੱਧੂ ਅਤੇ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦਿਆਂ ਇਮਤਿਹਾਨਾਂ ’ਚ ਚੰਗੇ ਨਤੀਜ਼ੇ ਲਿਆਉਣ ਲਈ ਸਖ਼ਤ ਮਿਹਨਤ ਕਰਨ ’ਤੇ ਜ਼ੋਰ ਦਿੱਤਾ।ਗੁਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਖਾਲਸਾ ਕਾਲਜ ਦੇ ਪਿ੍ਰੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਪਿ੍ਰੰਸੀਪਲ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ਰੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਅੰਡਰ ਸੈਕਟਰੀ ਡੀ.ਐਸ ਰਟੌਲ ਤੇ ਹੋਰ ਸਟਾਫ਼ ਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media