ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ
ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਨਕ ਕੇਂਦਰੀ ਜ਼ੇਲ੍ਹ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਚਾਰਧਾਰਾ ਅਤੇ ਉਨ੍ਹਾਂ ਦੇ ਜੀਵਨ ਇਤਿਹਾਸ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਇਆ।ਜ਼ੇਲ੍ਹ ਅੰਦਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਹੋਏ ਇਸ ਗੁਰਮਤਿ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜੀਤ ਸਿੰਘ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਗੁਰਬਾਣੀ ਦੀ ਰੌਸ਼ਨੀ ਵਿਚ ਜੀਵਨ ਜਿਊਣ ਦੀ ਪ੍ਰੇਰਣਾ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮੁੱਚੀ ਮਾਨਵਤਾ ਲਈ ਪ੍ਰੇਰਣਾ ਦਾ ਸਮਾਂ ਦੱਸਿਆ।ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਪੁਰਬ ਨੂੰ ਸਮਰਪਿਤ ਹੁੰਦਿਆਂ ਗੁਰੂ ਸਾਹਿਬ ਜੀ ਦੇ ਪਾਵਨ ਉਪਦੇਸ਼ਾਂ ਨੂੰ ਕਮਾਉਣਾ ਸਾਡੀ ਪਹਿਲ ਹੋਣੀ ਚਾਹੀਦੀ ਹੈ।ਇਹੀ ਗੁਰੂ ਸਾਹਿਬ ਨੂੰ ਸੱਚਾ ਸੁੱਚਾ ਸਤਿਕਾਰ ਹੈ।ਇਸ ਦੌਰਾਨ ਪ੍ਰਚਾਰਕ ਭਾਈ ਸੁਖਵੰਤ ਸਿੰਘ ਨੇ ਵੀ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।
ਇਸ ਮੌਕੇ ਜ਼ੇਲ੍ਹ ਪ੍ਰਸਾਸ਼ਨ ਵੱਲੋਂ ਡੀ.ਐਸ.ਪੀ ਬਲਵਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਦਾ ਸਮਾਗਮ ਵਿਚ ਭਰਵਾਂ ਸਹਿਯੋਗ ਦੇਣ ਲਈ ਧੰਨਵਾਦ ਕੀਤਾ।ਉਨ੍ਹਾਂ ਪ੍ਰਚਾਰਕਾਂ ਨੂੰ ਹਰ ਸੰਗਰਾਂਦ ਸਮੇਂ ਜ਼ੇਲ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਪ੍ਰਚਾਰ ਲਈ ਸੱਦਾ ਦਿੱਤਾ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media