Monday, July 6, 2026

ਸ਼੍ਰੋਮਣੀ ਕਮੇਟੀ ਵਲੋਂ ਕਰਤਾਰਪੁਰ ਸਾਹਿਬ (ਪਾਕਿ) ਦੇ ਫਾਰਮ ਭਰਨ ਦੀ ਸਹੂਲਤ ਸ਼ੁਰੂ

Kartarpur Sahib

ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੀ ਸੰਗਤ ਨੂੰ ਆਨਲਾਈਨ ਫਾਰਮ ਭਰਨ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵਲੋਂ ਇਤਿਹਾਸਕ ਗੁਰਦੁਆਰਿਆਂ ਵਿੱਚ ਵਿਸ਼ੇਸ਼ ਕੇਂਦਰ ਖੋਲ੍ਹੇ ਗਏ ਹਨ। ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੰਗਤ ਨੂੰ ਰਜਿਸਟ੍ਰੇਸ਼ਨ ਕਰਵਾਉਣ ਸਮੇਂ ਆਉਂਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜੋ ਐਲਾਨ ਕੀਤਾ ਸੀ, ਉਸ ਤਹਿਤ ਵਿਸ਼ੇਸ਼ ਕਾਊਂਟਰ ਬਣਾਏ ਗਏ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਆਨਲਾਈਨ ਫਾਰਮ ਭਰਨ ਦੀ ਮੁਸ਼ਕਲ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਨੇ ਹਰ ਗੁਰਦੁਆਰਾ ਸਾਹਿਬ ਦੇ ਮੁਲਾਜ਼ਮ ਤਾਇਨਾਤ ਕੀਤੇ ਹਨ।ਉਨ੍ਹਾਂ ਦੱਸਿਆ ਕਿ ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪੁੱਜਦੀ ਸੰਗਤ ਵੀ ਰਜਿਸਟ੍ਰੇਸ਼ਨ ਲਈ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਵਿਸ਼ੇਸ਼ ਕੇਂਦਰ ਖੋਲ੍ਹਿਆ ਗਿਆ ਹੈ।ਇਸ ਤੋਂ ਇਲਾਵਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਵੀ ਇਹ ਸੇਵਾਵਾਂ ਜਾਰੀ ਕੀਤੀਆਂ ਗਈਆਂ ਹਨ। ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਹਰ ਇਤਿਹਾਸਕ ਗੁਰਦੁਆਰਾ ਸਾਹਿਬ ਅੰਦਰ ਵੀ ਰਜਿਸਟ੍ਰੇਸ਼ਨ ਦੀਆਂ ਸੇਵਾਵਾਂ ਲਾਗਤਾਰ ਜਾਰੀ ਹਨ।ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਰਜਿਸਟ੍ਰੇਸ਼ਨ ਲਈ ਆਪਣੇ ਅਧਾਰ ਕਾਰਡ ਅਤੇ ਪਾਸਪੋਰਟ ਦੀਆਂ ਰੰਗਦਾਰ ਫੋਟੋ ਕਾਪੀਆਂ ਅਤੇ ਇਕ ਪਾਸਪੋਰਟ ਸਾਈਜ਼ ਦੀ ਰੰਗਦਾਰ ਫੋਟੋ ਦੇਣੀ ਪਵੇਗੀ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਕਿਹਾ ਕਿ ਸਰਕਾਰਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਸਬੰਧੀ ਪ੍ਰਕਿਰਿਆ ਸਰਲ ਬਣਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ।ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਕੱਲ੍ਹ ਜਨਰਲ ਇਜਲਾਸ ਦੌਰਾਨ ਵੀ ਇਕ ਮਤੇ ਰਾਹੀਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਹੈ

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply