ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉੜੀਸਾ ਦੇ ਜਗਨਨਾਥ ਪੁਰੀ ’ਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ
ਇਤਿਹਾਸਕ ਮੰਗੂ ਮੱਠ ਸਬੰਧੀ ਮੌਜੂਦਾ ਸਥਿਤੀ ਜਾਣਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਵਫ਼ਦ ਉੜੀਸਾ ਭੇਜਣ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵਡ ’ਤੇ ਅਧਾਰਤ ਇਕ ਕਮੇਟੀ ਦਾ ਗਠਨ ਕੀਤਾ ਹੈ।ਇਸ ਕਮੇਟੀ ਵਿਚ ਕੋਆਰਡੀਨੇਟਰ ਵਜੋਂ ਮੀਤ ਸਕੱਤਰ ਸਕੱਤਰ ਸਿੰਘ ਸ਼ਾਮਲ ਹਨ। ਭਾਈ ਲੌਂਗੋਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਉੜੀਸਾ ਦੇ ਜਗਨਨਾਥ ਪੁਰੀ ’ਚ ਸਥਿਤ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨਾਂ ਤੇ ਯਾਦਗਾਰਾਂ ਨੂੰ ਸੁਰੱਖਿਅਤ ਰੱਖਣ ਲਈ ਸਥਾਨਕ ਪ੍ਰਸ਼ਾਸਨ ਤਕ ਪਹੁੰਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਆਖਿਆ ਕਿ ਇਹ ਯਾਦਗਾਰਾਂ ਸਿੱਖਾਂ ਲਈ ਵਿਸ਼ੇਸ਼ ਅਹਿਮੀਅਤ ਰੱਖਦੀਆਂ ਹਨ ਅਤੇ ਮੀਡੀਆ ਰਾਹੀਂ ਇਕ ਵਾਰ ਫਿਰ ਇਸ ਨੂੰ ਢਾਹੁਣ ਦੀਆਂ ਖ਼ਬਰਾਂ ਨਸ਼ਰ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।ਇਸ ਸਬੰਧ ਵਿਚ ਬਣਾਈ ਗਈ ਕਮੇਟੀ ਜਿਥੇ ਮੌਕਾ ਦੇਖ ਕੇ ਆਪਣੀ ਰਿਪੋਰਟ ਦੇਵੇਗੀ, ਉਥੇ ਹੀ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵੀ ਮੱਠਾਂ ਦੀ ਸੁਰੱਖਿਆ ਸਬੰਧੀ ਗੱਲਬਾਤ ਕਰੇਗੀ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media