ਜਲੌ ਸੱਜੇ ਤੇ ਧਾਰਮਿਕ ਦੀਵਾਨ ਸਜਾਏ
ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
ਗਿਆ।ਭਾਰੀ ਠੰਡ ਦੇ ਬਾਵਜ਼ੂਦ ਵੱਡੀ ਗਿਣਤੀ ਵਿਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਕੇ ਗੁਰਬਾਣੀ ਕੀਰਤਨ ਸਰਵਣ ਕੀਤਾ।ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ ਗਏ। ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਪੁਰਬਾਂ ਸਮੇਂ ਤੋਸ਼ਾਖਾਨਾ ਵਿਚ ਸੁਰੱਖਿਅਤ ਕੀਮਤੀ ਵਸਤੂਆਂ ਦੇ ਜਲੌ ਸਜਾਏ ਜਾਂਦੇ ਹਨ, ਜਿਸ ਦੀ ਆਭਾ ਦੇਖਣਯੋਗ ਹੁੰਦੀ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਕੀਰਤਨ ਕੀਤਾ।ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ।ਪੰਥ ਪ੍ਰਸਿੱਧ ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਦਸਮ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ। ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਨਾ ਕੀਤੀ।
ਇਸ ਮੌਕੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਬਘੇਲ ਸਿੰਘ, ਨਿਸ਼ਾਨ ਸਿੰਘ, ਸੁਖਰਾਜ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ। ਓਧਰ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਕੂਲਾਂ ਦੇ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ ਕਰ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਗਿਆ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media