ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਹੋਣਗੇ ਗੁਰਮਤਿ ਸਮਾਗਮ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ
ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸਥਾਨਕ ਚਾਟੀਵਿੰਡ ਗੇਟ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ 26 ਅਤੇ 27 ਜਨਵਰੀ ਨੂੰ ਗੁਰਮਤਿ ਸਮਾਗਮ ਕਰਵਾਏ ਜਾਣਗੇ।ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਿਸ਼ਾਲ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 25 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਸ ਦੇ ਭੋਗ 27 ਜਨਵਰੀ ਨੂੰ ਪੈਣਗੇ।
ਉਨ੍ਹਾਂ ਦੱਸਿਆ ਕਿ 25 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਦੁਪਹਿਰ 12 ਵਜੇ ਆਰੰਭ ਹੋ ਕੇ ਚੌਕ ਘੰਟਾ ਘਰ, ਜਲ੍ਹਿਆਂ ਵਾਲਾ ਬਾਗ, ਲੱਕੜ ਮੰਡੀ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਕੋਟ ਮਾਹਣਾ ਸਿੰਘ ਤੋਂ ਤਰਨ ਤਾਰਨ ਰੋਡ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਗੇਟ ਵਿਖੇ ਸੰਪੂਰਨ ਹੋਵੇਗਾ। ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਰਾਤ 7:00 ਵਜੇ ਤੋਂ ਰਾਤ 12:00 ਵਜੇ ਤੱਕ ਮਹਾਨ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ ਅਤੇ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ-ਜਸ ਸਰਵਣ ਕਰਵਾਉਣਗੇ।
ਇਸ ਤੋਂ ਇਲਾਵਾ 26 ਤੇ 27 ਜਨਵਰੀ ਨੂੰ ਖ਼ੂਨ ਦਾਨ ਕੈਂਪ ਦਾ ਵੀ ਪ੍ਰਬੰਧ ਕੀਤਾ ਗਿਆ ਹੈ।ਦੀਨਪੁਰ ਨੇ ਦੱਸਿਆ ਕਿ 27 ਜਨਵਰੀ ਨੂੰ ਸਵੇਰੇ 9:00 ਵਜੇ ਅੰਮ੍ਰਿਤ ਸੰਚਾਰ ਹੋਵੇਗਾ ਅਤੇ ਸ਼ਾਮ 4 ਵਜੇ ਤੋਂ ਆਰੰਭ ਹੋਣ ਵਾਲੇ ਗੁਰਮਤਿ ਸਮਾਗਮ ਵਿਚ ਸਿੰਘ ਸਾਹਿਬਾਨ, ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਹਾਜ਼ਰੀ ਭਰਨਗੇ।
Punjab Post Daily Online Newspaper & Print Media