ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨੇਪਾਲ ਦੇ ਰਾਜਾ ਸ੍ਰੀ ਗਿਆਨੇਂਦਰਾ ਬੀਰ ਬਿਕਰਮ ਸ਼ਾਹ ਨੇ ਆਪਣੇ ਪਰਿਵਾਰ ਸਮੇਤ ਅੱਜ ਰੂਹਾਨੀ
ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਰੁਮਾਲਾ ਸਾਹਿਬ ਵੀ ਭੇਟ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗਿਆਨੇਂਦਰਾ ਬੀਰ ਬਿਕਰਮ ਸ਼ਾਹ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਅਤੇ ਪਤਾਸਿਆਂ ਦਾ ਪ੍ਰਸ਼ਾਦ ਦਿੱਤਾ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾ ਕਰਦਿਆਂ ਨੇਪਾਲ ਦੇ ਰਾਜਾ ਨੇ ਇਤਿਹਾਸ ਜਾਨਣ ਵਿਚ ਵਿਸ਼ੇਸ਼ ਰੁਚੀ ਦਿਖਾਈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਇਤਿਹਾਸਕ ਮਹੱਤਵ ਦੇ ਨਾਲ-ਨਾਲ ਲੰਗਰ ਪ੍ਰਥਾ ਬਾਰੇ ਜਾਣਕਾਰੀ ਦਿੱਤੀ।ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਪ੍ਰਰੀਕਰਮਾ ‘ਚ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਤੋਂ ਵੀ ਉਨ੍ਹਾਂ ਨੂੰ ਜਾਣੂ ਕਰਵਾਇਆ।ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ਼ਰਧਾ ਵਜੋਂ 1 ਲੱਖ ਰੁਪਏ ਭੇਟ ਕੀਤੇ।
ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਵੀ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਨਾਲ ਸ਼੍ਰੋਮਣੀ ਕਮੇਟੀ ਨੇ ਸਨਮਾਨਿਤ ਕੀਤਾ।ਨੇਪਾਲ ਦੇ ਰਾਜਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆ ਕੇ ਉਨ੍ਹਾਂ ਨੂੰ ਪ੍ਰਸੰਨਤਾ ਹਾਸਲ ਹੋਈ ਹੈ।ਇਹ ਇਕ ਗੌਰਵਸ਼ਾਲੀ ਅਨੁਭਵ ਹੈ।ਉਨ੍ਹਾਂ ਕਿਹਾ ਕਿ ਨੇਪਾਲ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਪਣੇ ਮੁਬਾਰਕ ਚਰਨ ਪਾਏ ਸਨ, ਇਸ ਲਈ ਨੇਪਾਲ ਦਾ ਸਿੱਖਾਂ ਨਾਲ ਰਿਸ਼ਤਾ ਸਦੀਆ ਪੁਰਾਣਾ ਹੈ।ਉਨ੍ਹਾਂ ਸਿੱਖ ਕੌਮ ਦੇ ਸੇਵਾ ਦੇ ਸਿਧਾਂਤ ਦੀ ਸ਼ਲਾਘਾ ਵੀ ਕੀਤੀ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਨਾਨਕ ਮੱਠ ਕਾਠਮੰਡੂ ਦੀ ਜ਼ਮੀਨ ਨੂੰ ਕਬਜ਼ਾਧਾਰਕਾਂ ਤੋਂ ਮੁਕਤ ਕਰਵਾਉਣ ਦੀ ਅਪੀਲ ਕੀਤੀ, ਜਿਸ ’ਤੇ ਸ੍ਰੀ ਗਿਆਨੇਂਦਰਾ ਬੀਰ ਬਿਕਰਮ ਸ਼ਾਹ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਖਾਸ ਅਹਿਮਤ ਦੇਣਗੇ।ਡਾ. ਰੂਪ ਸਿੰਘ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਕਿ ਗੁਰੂ ਸਾਹਿਬ ਦੇ ਇਤਿਹਾਸਕ ਅਸਥਾਨ ਦੀ 500 ਏਕੜ ਦੇ ਕਰੀਬ ਜ਼ਮੀਨ ਹੈ।ਇਹ ਗੁਰਦੁਆਰਾ ਸਾਹਿਬ ਦੇ ਕਾਰਜਾਂ ਲਈ ਕੰਮ ਆਉਣੀ ਚਾਹੀਦੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਜਥੇਦਾਰ ਹਰਬੰਸ ਸਿੰਘ ਮੰਝਪੁਰ, ਮੈਨੇਜਰ ਮੁਖਤਾਰ ਸਿੰਘ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਬਘੇਲ ਸਿੰਘ ਤੇ ਨਿਸ਼ਾਨ ਸਿੰਘ ਆਦਿ ਮੌਜੂਦ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media